ਫ਼ੈਸਲੇ ਉੱਤੇ ਮੁੜ ਕੇ ਵਿਚਾਰ ਕਰਨ ਦੀ ਅਪੀਲ
ਅੰਮ੍ਰਿਤਸਰ, 19 ਫਰਵਰੀ – ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰਭਾਰਤ ਸਰਕਾਰ ਵੱਲੋਂ ਰੋਕਣ ਦੀ ਸਿੱਖ ਜਥੇਬੰਦੀਆਂ ਵੱਲੋਂ ਤਿੱਖੀ ਆਲੋਚਨਾ ਕੀਤੀ ਗਈਅਤੇ ਇਸ ਕਾਰਵਾਈ ਨੂੰ ਸਿੱਖਾਂ ਦਾ ਅਪਮਾਨ ਦੱਸਿਆ ਜਾ ਰਿਹਾ ਹੈ।
ਇਸ ਦੌਰਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਜਥਾ ਭੇਜਣ ਲਈ ਅਜੇ ਵੀ ਕੋਸ਼ਿਸ਼ਾਂ ਜਾਰੀ ਹਨ ਤੇ ਇਸੇ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ। ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਰਕਾਰ ਨੂੰ ਇਸ ਫੈਸਲੇ ਉੱਤੇ ਮੁੜ ਕੇ ਵਿਚਾਰ ਕਰਨਾ ਚਾਹੀਦਾ ਹੈ। ਇਸ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਹੜੇ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹੋਏ ਹਨ, ਉਨ੍ਹਾਂ ਨੂੰ 21 ਫਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਜਾਵੇ।
ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇਣ ਕਾਰਨ ਸਿੱਖ ਸ਼ਰਧਾਲੂਆਂ ਵਿੱਚ ਭਾਰੀ ਰੋਸ ਹੈ। ਕੱਲ੍ਹ ਸਵੇਰੇ ਰਵਾਨਾ ਹੋਣ ਵਾਲੇ ਜਥੇ ਨਾਲ ਪਾਕਿਸਤਾਨ ਜਾਣ ਲਈ ਪੂਰੀ ਤਿਆਰੀ ਕਰਕੇ ਦੂਰੋਂ ਨੇੜਿਓਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਕੁਝ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਈ ਦਿਨਾਂ ਤੋਂ ਪੂਰੇ ਉਤਸ਼ਾਹ ਸਹਿਤ ਤਿਆਰੀਆਂ ਕੀਤੀਆਂ ਅਤੇ ਕੋਵਿਡ ਟੈਸਟ ਤੱਕ ਕਰਵਾ ਲਏ ਕੇ ਕੰਮਾਂ-ਕਾਰਾਂ ਤੋਂ ਛੁੱਟੀਆਂ ਦਾ ਪ੍ਰਬੰਧ ਵੀ ਕਰ ਲਿਆ ਸੀ, ਪਰ ਕੇਂਦਰ ਸਰਕਾਰ ਨੇ ਐਨ ਮੌਕੇ ਉੱਤੇ ਪਾਕਿਸਤਾਨ ਜਾਣ ਲਈ ਪ੍ਰਵਾਨਗੀ ਨਹੀਂ ਦਿੱਤੀ। ਕੁਝ ਸ਼ਰਧਾਲੂਆਂ ਨੇ ਮੋਦੀ ਸਰਕਾਰ ਦੇ ਸਿੱਖ ਵਿਰੋਧੀ ਵਤੀਰੇ ਦੀ ਨਿੰਦਾ ਕਰਦਿਆਂ ਕਿ ਸਰਕਾਰ ਨੇ ਕਿਸਾਨ ਸੰਘਰਸ਼ ਤੋਂ ਬੁਖਲਾ ਕੇ ਅਤੇ ਚੋਣਾਂ ਵਿੱਚ ਕਰਾਰੀ ਹਾਰ ਨੂੰ ਦੇਖ ਕੇ ਸਿੱਖ ਜਥੇ ਨੂੰ ਵੀਜ਼ਾ ਮਿਲਣ ਦੇ ਬਾਵਜੂਦ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਹੀਂਦਿਤੀ ਅਤੇ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਹੈ। ਕਈ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਹੱਥਾਂ ਵਿੱਚ ਵੀਜ਼ਾ ਲੱਗੇ ਪਾਸਪੋਰਟ ਫੜ ਕੇ ਭਾਰਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।