Mudda- Jatinder Pannu | Latest Punjabi Article | Ik Soch
Connect with us [email protected]

ਲੇਖ

ਮੁੱਦਾ ਬਾਹਰੀ ਲੋਕਾਂ ਦੀਆਂ ਟਿਪਣੀਆਂ ਦਾ ਜਾਂ ਕਿਸਾਨਾਂ ਤੇ ਆਮ ਲੋਕਾਂ ਦੇ ਢਿੱਡ ਉੱਤੇ ਵੱਜਦੀ ਲੱਤ ਦਾ – ਜਤਿੰਦਰ ਪਨੂੰ

Published

on

ਸਰਕਾਰਾਂ, ਅਤੇ ਖਾਸ ਤੌਰ ਉੱਤੇ ਚੁਣੀਆਂ ਹੋਈਆਂ ਸਰਕਾਰਾਂ, ਬਾਰੇ ਇਹ ਸਮਝਿਆ ਜਾਂਦਾ ਹੈ ਕਿ ਉਹ ਸਮਾਜ ਦੇ ਇੱਕ ਜਾਂ ਦੂਸਰੇ ਵਰਗ ਅਤੇ ਇੱਕ ਜਾਂ ਦੂਸਰੀ ਧਿਰ ਵੱਲ ਪੱਖ-ਪਾਤੀ ਨਹੀਂ ਹੋਣਗੀਆਂ। ਇਹ ਵੀ ਆਸ ਰੱਖੀ ਜਾਂਦੀ ਹੈ ਕਿ ਉਹ ਕਿਸੇ ਸਟਾਕ ਐਕਸਚੈਂਜ ਵਾਂਗ ਜਿਸ ਕੋਲ ਪੈਸਾ ਹੈ, ਉਸ ਨੂੰ ਸਾਰਾ ਕੁਝ ਖਰੀਦਣ ਦੀ ਖੁੱਲ੍ਹ ਦੇਣ ਵਾਲੀਆਂ ਨਹੀਂ ਹੋਣਗੀਆਂ, ਸਗੋਂ ਉਨ੍ਹਾਂ ਸਿਰ ਇਹ ਜਿ਼ਮੇਵਾਰੀ ਹੁੰਦੀ ਹੈ ਕਿ ਕਿਸੇ ਇਕੱਲੀ ਧਿਰ ਨੂੰ ਏਨੀ ਧੜਵੈਲ ਨਹੀਂ ਹੋਣ ਦੇਣਗੀਆਂ ਕਿ ਉਹ ਬਾਕੀ ਸਾਰੀਆਂ ਧਿਰਾਂ ਤੇ ਖਾਸ ਕਰ ਕੇ ਕਮਜ਼ੋਰ ਧਿਰਾਂ ਨੂੰ ਹੜੱਪਣ ਤੁਰ ਪਵੇ। ਏਸੇ ਸੋਚ ਅਧੀਨ ਭਾਰਤ ਸਰਕਾਰ ਨੇ ਸਾਲ 1969 ਵਿੱਚ ‘ਮਨਾਪਲੀਜ਼ ਐਂਡ ਰਿਸਟ੍ਰਿਕਟਿਡ ਪ੍ਰੈਕਟਿਸਿਜ਼ ਐਕਟ’ ਬਣਾਇਆ ਸੀ, ਜਿਸ ਦਾ ਮਕਸਦ ਕਿਸੇ ਵੀ ਖਾਸ ਖੇਤਰ ਵਿੱਚ ਕਿਸੇ ਇੱਕ ਧਿਰ ਦੀ ਅਜਾਰੇਦਾਰੀ ਕਾਇਮ ਹੋਣ ਤੋਂ ਰੋਕਣਾ ਸੀ। ਇਸ ਐਕਟ ਪਿੱਛੇ ਧਾਰਨਾ ਇਹ ਸੀ ਕਿ ਭਾਰਤ ਵਰਗੇ ਦੇਸ਼ ਵਿੱਚ ਕਿਸੇ ਧਿਰ ਜਾਂ ਕਿਸੇ ਵਿਅਕਤੀ ਜਾਂ ਕਿਸੇ ਇਕੱਲੇ ਘਰਾਣੇ ਕੋਲ ਦੌਲਤ ਇਕੱਠੀ ਹੋਣ ਤੋਂ ਰੋਕੀ ਜਾਵੇ, ਤਾਂ ਕਿ ਉਹ ਬਾਕੀ ਸਭ ਲੋਕਾਂ ਨੂੰ ਕੀੜੇ-ਮਕੌੜੇ ਨਾ ਮੰਨਣ ਲੱਗ ਜਾਵੇ। ਭਾਜਪਾ ਦੀ ਸੋਚ ਹਮੇਸ਼ਾ ਤੋਂ ਇਸ ਦੇ ਉਲਟ ਚੱਲਣ ਵਾਲੀ ਰਹੀ ਹੋਣ ਕਰ ਕੇ ਅਟਲ ਬਿਹਾਰੀ ਵਾਜਪਾਈ ਸਰਕਾਰ ਦੇ ਵਕਤ ਇਸ ਪਾਰਟੀ ਨੇ ਪਹਿਲਾ ਐਕਟ ਲਾਂਭੇ ਧੱਕ ਕੇ ਨਵਾਂ ਕਾਨੂੰਨ, ਕੰਪੀਟੀਸ਼ਨ ਐਕਟ-2002 ਬਣਾ ਕੇ ਕਿਹਾ ਸੀ ਕਿ ਇਹ ਕਾਨੂੰਨ ਮੁਕਾਬਲੇਬਾਜ਼ੀ ਰੋਕਣ ਦਾ ਵਿਰੋਧ ਕਰੇਗਾ, ਪਰ ਅਸਲ ਵਿੱਚ ਇਹ ਮੁਕਾਬਲੇ ਖਤਮ ਕਰਨ ਦੇ ਬਾਨ੍ਹਣੂੰ ਬੰਨ੍ਹਣ ਦਾ ਯਤਨ ਸੀ। ਇਸ ਦੇ ਬਾਅਦ ਜਦੋਂ ਡਾਕਟਰ ਮਨਮੋਹਨ ਸਿੰਘ ਦੀ ਸਰਕਾਰ ਬਣੀ ਤਾਂ 2007 ਵਿੱਚ ਇਸ ਵਿੱਚ ਸੋਧ ਕੀਤੀ ਗਈ, ਤਾਂ ਕਿ ਕਿਸੇ ਇੱਕੋ ਵੱਡੀ ਧਿਰ ਨੂੰ ਕਾਨੂੰਨ ਦੀ ਦੁਰਵਰਤੋਂ ਕਰਨ ਅਤੇ ਸਮੁੱਚੀ ਮੰਡੀ ਉੱਤੇ ਪੂਰਾ ਕਬਜ਼ਾ ਕਰਨ ਤੋਂ ਰੋੋਕਿਆ ਜਾ ਸਕੇ। ਇਸ ਕਾਨੂੰਨ ਨਾਲ ਕਿਸੇ ਵੱਡੀ ਧਿਰ ਵੱਲੋਂ ਛੋਟੀਆਂ ਕੰਪਨੀਆਂ ਖਰੀਦਦੇ ਜਾਣ ਤੇ ਇਸ ਤਰ੍ਹਾਂ ਭਾਰਤ ਦੇ ਆਰਥਿਕ ਪ੍ਰਬੰਧ ਵਿੱਚ ਦੇਸ਼ ਦੇ ਲੋਕਾਂ ਨੂੰ ਰਗੜਨ ਵਾਲੀ ਕਿਸੇ ਵੀ ਵੱਡੀ ਧਿਰ ਦੀ ਚੁਣੌਤੀ ਰਹਿਤ ਸਰਦਾਰੀ ਰੋਕਣ ਦਾ ਯਤਨ ਕੀਤਾ ਗਿਆ ਸੀ।
ਇਸ ਵਕਤ ਕੀ ਹੋ ਰਿਹਾ ਹੈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸ਼ੀਰਵਾਦ ਨਾਲ ਦੋ ਵੱਡੇ ਕਾਰਪੋਰੇਟ ਘਰਾਣੇ ਸਾਰੇ ਭਾਰਤ ਦੀ ਜਨਤਾ ਨੂੰ ਰਗੜ ਦੇਣ ਦੀ ਨੀਤ ਨਾਲ ਮੰਡੀਆਂ ਤੇ ਚੋਣਵੇਂ ਖੇਤਰਾਂ ਉੱਤੇ ਕਬਜ਼ੇ ਕਰਨ ਲਈ ਸਾਰਾ ਤਾਣ ਲਾਈ ਜਾਂਦੇ ਹਨ। ਨਵੇਂ ਬਣਾਏ ਤਿੰਨ ਖੇਤੀ ਕਾਨੂੰਨਾਂ ਵਿੱਚੋਂ ਇੱਕ ਨਾਲ ਉਨ੍ਹਾਂ ਨੂੰ ਪਹਿਲੀਆਂ ਸਭ ਮੰਡੀਆਂ ਲਾਂਭੇ ਕਰਨ ਤੇ ਬਾਹਰ ਦੀ ਬਾਹਰ ਮਨ-ਮਰਜ਼ੀ ਮੁਤਾਬਕ ਕਿਸਾਨਾਂ ਦੀ ਫਸਲ ਖਰੀਦਣ ਦੀ ਖੁੱਲ੍ਹ ਮਿਲਣ ਲੱਗੀ ਹੈ। ਦੂਸਰੇ ਕਾਨੂੰਨ ਨਾਲ ਕਿਸਾਨਾਂ ਨੂੰ ਏਦਾਂ ਦੇ ਸਮਝੌਤੇ ਹੇਠ ਖੇਤੀ ਕਰਨ ਨੂੰ ਮਜਬੂਰ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਆਪਣੇ ਖੇਤਾਂ ਦੀ ਮਾਲਕੀ ਵੀ ਕੁਝ ਸਮਾਂ ਪਾ ਕੇ ਗੁਆ ਲੈਣਗੇ। ਤੀਸਰਾ ਕਾਨੂੰਨ ਆਮ ਲੋਕਾਂ ਦੀ ਲੋੜ ਦੀਆਂ ਵਸਤਾਂ ਗੋਦਾਮਾਂ ਵਿੱਚ ਲੁਕਾਉਣ ਦੀ ਪੂਰੀ ਖੁੱਲ੍ਹ ਦੇਣ ਵਾਲਾ ਹੈ, ਜਿਸ ਦਾ ਲਾਭ ਉਠਾ ਕੇ ਆਪਣੀ ਮਰਜ਼ੀ ਦੇ ਮੁੱਲ ਮੁਤਾਬਕ ਖਪਤਕਾਰਾਂ ਨੂੰ ਵੇਚਣਗੇ, ਜਿਸ ਨਾਲ ਕਿਸਾਨ ਅਤੇ ਖਪਤਕਾਰ ਦੋਵਾਂ ਦੀ ਜਾਨ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਹੋਵੇਗੀ। ਭਾਰਤ ਦੀ ਮੋਦੀ ਸਰਕਾਰ ਇਨ੍ਹਾਂ ਦੋ ਘਰਾਣਿਆਂ ਦੇ ਪੱਖ ਵਿੱਚ ਇਸ ਹੱਦ ਤੱਕ ਉਲਾਰ ਹੈ ਕਿ ਟੈਲੀਕਾਮ ਦਾ 5-ਜੀ ਸਿਸਟਮ ਵੀ ਬਣਾਇਆ ਗਿਆ ਤਾਂ ਸਰਕਾਰੀ ਮਾਲਕੀ ਵਾਲੀ ਟੈਲੀਕਾਮ ਕੰਪਨੀ ਨੂੰ ਨਹੀਂ ਸੀ ਦਿੱਤਾ ਤੇ ਇੱਕੋ ਕਾਰਪੋਰੇਟ ਘਰਾਣੇ ਦੀ ਜੇਬ ਵਿੱਚ ਪਾ ਦਿੱਤਾ ਸੀ ਅਤੇ ਦੇਸ਼ ਦੇ ਅੱਧੇ ਤੋਂ ਵੱਧ ਏਅਰਪੋਰਟ ਦੂਸਰੇ ਕਾਰਪੋਰੇਟ ਘਰਾਣੇ ਨੂੰ ਦੇ ਦਿੱਤੇ ਹਨ। ਇਸ ਤਰ੍ਹਾਂ ਜਿਹੜੀ ਨੀਤ ਨਾਲ ਨਰਿੰਦਰ ਮੋਦੀ ਸਰਕਾਰ ਚੱਲ ਰਹੀ ਹੈ, ਉਸ ਵਿੱਚ ਸਿਰਫ ਵੱਡੇ ਘਰਾਣੇ ਬਚਣਗੇ, ਆਮ ਲੋਕ ਰਗੜੇ ਜਾਣਗੇ।
ਭਾਰਤ ਦੇਸ਼ ਦਾ ਕਿਸਾਨ ਇਸ ਵੇਲੇ ਜਿਹੜੀ ਜੰਗ ਲੜਦਾ ਪਿਆ ਹੈ, ਉਹ ਸਿਰਫ ਉਸ ਦੀ ਨਹੀਂ, ਦੇਸ਼ ਦੇ ਕਰੋੜਾਂ ਉਨ੍ਹਾਂ ਲੋਕਾਂ ਵਾਸਤੇ ਵੀ ਹੈ, ਜਿਨ੍ਹਾਂ ਨੇ ਕਿਸਾਨੀ ਫਸਲਾਂ ਖਰੀਦਣੀਆਂ ਹਨ ਤੇ ਕਾਰਪੋਰਟ ਘਰਾਣੇ ਕਾਬਜ਼ ਹੋ ਗਏ ਤਾਂ ਲੋਕਾਂ ਦੇ ਢਿੱਡ ਉੱਤੇ ਵੀ ਲੱਤ ਵੱਜਣੀ ਹੈ। ਇਨ੍ਹਾਂ ਕਾਨੂੰਨਾਂ ਦਾ ਵਿਰੋਧ ਭਾਰਤ ਵਿੱਚ ਵੀ ਹੋ ਰਿਹਾ ਹੈ ਅਤੇ ਵਿਰੋਧ ਦੀ ਹਮਾਇਤ ਵਿੱਚ ਵਿਦੇਸ਼ਾਂ ਤੋਂ ਵੀ ਆਵਾਜ਼ਾਂ ਉੱਠ ਪਈਆਂ ਹਨ। ਭਾਜਪਾ ਤੇ ਇਸ ਨਾਲ ਜੁੜੇ ਲੋਕ ਸੰਸਾਰ ਦੇ ਕਿਸੇ ਵੀ ਦੇਸ਼ ਜਾਂ ਕਿਸੇ ਵੀ ਵਿਅਕਤੀ ਬਾਰੇ ਕੁਝ ਕਹਿਣ ਤੋਂ ਨਹੀਂ ਝਿਜਕਦੇ, ਪਰ ਜਦੋਂ ਕੋਈ ਏਦਾਂ ਦੀ ਗੱਲ ਕਹੇ ਕਿ ਭਾਰਤ ਵਿੱਚ ਭਾਜਪਾ ਰਾਜ ਵਿੱਚ ਆਹ ਗੱਲ ਠੀਕ ਨਹੀਂ ਲੱਗਦੀ ਤਾਂ ਭੂੰਡਾਂ ਦੀ ਖੱਖਰ ਵਾਂਗ ਉਸ ਦੇ ਗਲ਼ ਪੈ ਜਾਂਦੇ ਹਨ ਤੇ ਸਰਕਾਰੀ ਏਜੰਸੀਆਂ ਉਨ੍ਹਾਂ ਦੀ ਸਰਪ੍ਰਸਤੀ ਕਰਦੀਆਂ ਹਨ। ਅਸੀਂ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਜਿਸ ਪੜਾਅ ਵਿੱਚੋਂ ਗੁਜ਼ਰ ਰਹੇ ਹਾਂ, ਉਸ ਵਿੱਚ ਹਰ ਕਿਸੇ ਨੂੰ ਆਪਣੇ ਮਨ ਦੀ ਗੱਲ ਕਹਿਣ ਦਾ ਹੱਕ ਹੈ, ਸਾਨੂੰ ਵੀ ਏਦਾਂ ਦਾ ਹੱਕ ਦੇਸ਼ ਦੇ ਸੰਵਿਧਾਨ ਤੇ ਦੁਨੀਆ ਦੀ ਆਮ ਸਹਿਮਤੀ ਨੇ ਦਿੱਤਾ ਹੋਇਆ ਹੈ, ਪਰ ਇਹ ਸਾਰਾ ਹੱਕ ਸਿਰਫ ਸਾਡੇ ਤੱਕ ਆ ਕੇ ਰੁਕ ਨਹੀਂ ਸਕਦਾ, ਇਹ ਹੱਕ ਹੋਰਨਾਂ ਲੋਕਾਂ ਨੂੰ ਵੀ ਹੈ। ਸੰਸਾਰ ਪ੍ਰਸਿੱਧ ਪੌਪ ਸਿੰਗਰ ਰਿਹੰਨਾ ਜਾਂ ਵਾਤਾਵਰਣ ਬਾਰੇ ਸਮਾਜ ਸੇਵਾ ਲਈ ਜਾਣੀ ਜਾਂਦੀ ਗ੍ਰੇਟਾ ਥਨਬਰਗ ਨੇ ਭਾਰਤ ਵਿੱਚ ਕਿਸਾਨਾਂ ਦੇ ਸੰਘਰਸ਼ ਬਾਰੇ ਜ਼ਰਾ ਕੁ ਟਿਪਣੀ ਕਰ ਦਿਤੀ ਤਾਂ ਇਸ ਦੇ ਨਾਲ ਭਾਰਤ ਦੀ ਹੋਂਦ ਨੂੰ ਖਤਰੇ ਦਾ ਰੌਲਾ ਪਾਇਆ ਜਾਣ ਲੱਗਾ ਹੈ। ਕੰਗਨਾ ਰਣੌਤ ਤੋਂ ਸ਼ੁਰੂ ਹੋ ਕੇ ਜਣੇ-ਖਣੇ ਤੋਂ ਹੁੰਦੀ ਕਹਾਣੀ ਸਚਿਨ ਤੇਂਦੁਲਕਰ ਤੇ ਲਤਾ ਮੰਗੇਸ਼ਕਰ ਦੇ ਇਹ ਕਹਿਣ ਤੱਕ ਜਾ ਪੁੱਜੀ ਹੈ ਕਿ ਬਾਹਰਲੇ ਲੋਕਾਂ ਨੂੰ ਭਾਰਤ ਦੇ ਕਿਸੇ ਤਰ੍ਹਾਂ ਦੇ ਅੰਦਰੂਨੀ ਮਾਮਲੇ ਵਿੱਚ ਦਖਲ ਦੇਣ ਦਾ ਹੱਕ ਨਹੀਂ ਹੈ। ਆਮ ਹਾਲਾਤ ਵਿੱਚ ਸ਼ਾਇਦ ਅਸੀਂ ਵੀ ਇਸ ਦਲੀਲ ਨਾਲ ਸਹਿਮਤ ਹੋ ਜਾਂਦੇ, ਪਰ ਅੱਜ ਏਦਾਂ ਨਹੀਂ ਕਿਹਾ ਜਾ ਸਕਦਾ, ਕਿਉਂਕਿ ਦੂਸਰੇ ਦੇਸ਼ ਵਿੱਚ ਦਖਲ ਨਾ ਦੇਣ ਵਾਲਾ ਅਸੂ਼ਲ ਨਰਿੰਦਰ ਮੋਦੀ ਨੇ ਖੁਦ ਹੀ ਤੋੜਿਆ ਹੈ। ਪਿਛਲੇ ਸਾਲ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਹੋਣੀ ਸੀ, ਉਸ ਤੋਂ ਪਹਿਲਾਂ ਓਥੇ ਜਾ ਕੇ ‘ਹਾਊਡੀ ਮੋਦੀ’ ਸ਼ੋਅ ਦੌਰਾਨ ਨਰਿੰਦਰ ਮੋਦੀ ਨੇ ਇਹ ਨਾਅਰਾ ਚੁੱਕਿਆ ਸੀ ਕਿ ‘ਅਬ ਕੀ ਬਾਰ, ਟਰੰਪ ਸਰਕਾਰ’, ਜਿਸ ਦੇ ਨਾਲ ਅਮਰੀਕਾ ਵਿੱਚ ਵੱਸਦੇ ਭਾਰਤੀਆਂ ਨੂੰ ਡੋਨਾਲਡ ਟਰੰਪ ਨੂੰ ਵੋਟਾਂ ਪਾਉਣ ਦਾ ਇਸ਼ਾਰਾ ਕੀਤਾ ਗਿਆ ਸੀ। ਟਰੰਪ ਤਾਂ ਬਹੁਤ ਬੁਰੀ ਤਰ੍ਹਾਂ ਹਾਰਿਆ ਹੀ, ਇਹ ਨਾਅਰਾ ਦੇਣ ਵਾਲੇ ਦੀ ਵੀ ਬੇਇੱਜ਼ਤੀ ਹੋ ਗਈ ਹੈ। ਓਦੋਂ ਭਾਰਤ ਦਾ ਪ੍ਰਧਾਨ ਮੰਤਰੀ ਇਸ ਤਰ੍ਹਾਂ ਦੂਸਰੇ ਦੇਸ਼ ਦੇ ਚੋਣ ਪ੍ਰਬੰਧ ਵਿੱਚ ਦਖਲ ਨਾ ਦੇਂਦਾ ਤਾਂ ਅੱਜ ਦੂਸਰਿਆਂ ਨੂੰ ਕਹਿ ਸਕਦਾ ਸੀ। ਅੱਜ ਭਾਰਤ ਦੇ ਮਾਮਲੇ ਵਿੱਚ ਦੂਸਰੇ ਲੋਕ ਟਿਪਣੀਆਂ ਕਰਦੇ ਹਨ ਤਾਂ ਉਨ੍ਹਾਂ ਨੂੰ ਬੁਰਾ-ਭਲਾ ਕਹਿਣ ਵਾਲੇ ਸਚਿਨ ਤੇਂਦੁਲਕਰ ਜਾਂ ਲਤਾ ਮੰਗੇਸ਼ਕਰ ਨੂੰ ਪੁੱਛਿਆ ਜਾ ਸਕਦਾ ਹੈ ਕਿ ਉਹ ਅਮਰੀਕਾ ਵਿੱਚ ਮੋਦੀ ਦੇ ਇਸ ਦਖਲ ਵੇਲੇ ਕਿਉਂ ਨਹੀਂ ਸਨ ਬੋਲੇ?
ਅਸਲ ਮੁੱਦਾ ਇਹ ਤਾਂ ਹੈ ਹੀ ਨਹੀਂ ਕਿ ਬਾਹਰ ਦੇ ਲੋਕ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਜਾਂ ਨਾ ਦੇਣ, ਅਸਲ ਮੁੱਦਾ ਇਹ ਹੈ ਕਿ ਭਾਰਤ ਦੀ ਸਰਕਾਰ ਜਿਵੇਂ ਦੋ ਵੱਡੇ ਘਰਾਣਿਆਂ ਅੱਗੇ ਦੇਸ਼ ਦੇ ਸਾਰੇ ਹਿੱਤ ਢੇਰੀ ਕਰੀ ਜਾ ਰਹੀ ਹੈ, ਉਸ ਦਾ ਰਾਹ ਕਿਵੇਂ ਰੋਕਿਆ ਜਾ ਸਕਦਾ ਹੈ? ਗੱਡੀ ਇੱਕ ਵਾਰੀ ਜਦੋਂ ਨਿਵਾਣ ਵੱਲ ਰਿੜ੍ਹਨ ਲੱਗਦੀ ਹੈ ਤਾਂ ਫਿਰ ਰੁਕਦੀ ਨਹੀਂ ਹੁੰਦੀ। ਭਾਰਤੀ ਆਰਥਿਕਤਾ ਵਿੱਚ ਮੁਕਾਬਲੇਬਾਜ਼ੀ ਅਤੇ ਨਿਯਮਾਂ ਦਾ ਘਾਣ ਵਾਜਪਾਈ ਸਰਕਾਰ ਦੌਰਾਨ ਸ਼ੁਰੂ ਹੋਇਆ ਸੀ, ਮਨਮੋਹਨ ਸਿੰਘ ਦੀ ਇਸ ਨੂੰ ਰੋਕਣ ਦੀ ਦਿਲਚਸਪੀ ਨਹੀਂ ਸੀ ਅਤੇ ਨਰਿੰਦਰ ਮੋਦੀ ਵਾਲੀ ਸਰਕਾਰ ਇਹ ਅਮਲ ਅੱਗੇ ਵਧਾ ਕੇ ਸਿਰਫ ਦੋ ਘਰਾਣਿਆਂ ਕੋਲ ਦੇਸ਼ ਨੂੰ ਗਹਿਣੇ ਪਾਉਣ ਤੁਰ ਪਈ ਹੈ। ਏਸੇ ਲਈ ਇਹ ਨਿਰਾ ਕਿਸਾਨਾਂ ਦੀਆਂ ਫਸਲਾਂ ਤੇ ਖੇਤਾਂ ਦਾ ਮਸਲਾ ਨਾ ਰਹਿ ਕੇ ਭਾਰਤ ਦੇ ਆਮ ਲੋਕਾਂ ਦਾ ਉਹ ਮੁੱਦਾ ਬਣ ਗਿਆ ਹੈ, ਜਿਸ ਤੋਂ ਅਜੇ ਤੱਕ ਆਮ ਲੋਕ ਜਾਣੂ ਨਹੀਂ। ਇਤਹਾਸ ਕਿਸਾਨਾਂ ਦੇ ਇਸ ਸਿਰੜੀ ਸੰਘਰਸ਼ ਦਾ ਮੁੱਲ ਪਾਏ ਬਿਨਾਂ ਨਹੀਂ ਰਹਿ ਸਕੇਗਾ।

Continue Reading
1 Comment

1 Comment

Leave a Reply

Your email address will not be published. Required fields are marked *

ਲੇਖ

ਕੋਰੋਨਾ ਨਾਲ ਹੁੰਦੀਆਂ ਮੌਤਾਂ ਦਾ ਕੌੜਾ ਸੱਚ ਦਰੀ ਹੇਠ ਦੱਬੀ ਜਾਣ ਨਾਲ ਨਤੀਜਾ ਕਿੱਦਾਂ ਦਾ ਨਿਕਲੇਗਾ

Published

on

pannu article

ਰੂਸ ਵਿੱਚ ਚੱਲਦੇ ਸੋਵੀਅਤ ਯੂਨੀਅਨ ਦੇ ਅੰਤਲੇ ਦਿਨਾਂ ਵਿੱਚ ਉੱਭਰੇ ਆਗੂ ਮਿਖਾਈਲ ਗੋਰਬਾਚੇਵ ਨੂੰ ਮੈਂ ਕਦੀ ਨੇਕ ਬੰਦਾ ਨਹੀਂ ਸੀ ਮੰਨਿਆ, ਅੱਜ ਵੀ ਨਹੀਂ ਮੰਨ ਸਕਦਾ, ਇਹ ਮੇਰੀ ਨਿੱਜੀ ਸੋਚ ਹੈ, ਪਰ ਉਸ ਦੀ ਇੱਕ ਗੱਲ ਮੈਂ ਸਦਾ ਠੀਕ ਮੰਨਦਾ ਰਿਹਾ ਹਾਂ। ਉਹ ਕਹਿੰਦਾ ਹੁੰਦਾ ਸੀ ਕਿ ਆਪਣੇ ਘਰ ਦਾ ਕੂੜਾ ਲੋਕਾਂ ਦੀ ਨਜ਼ਰ ਪੈਣ ਤੋਂ ਬਚਾਉਣ ਲਈ ਜਦੋਂ ਕੋਈ ਬੰਦਾ ਉਸ ਨੂੰ ਦਰੀ ਹੇਠ ਲੁਕਾਉਂਦਾ ਰਹੇਗਾ ਤਾਂ ਇੱਕ ਦਿਨ ਦਰੀ ਹੇਠ ਦੱਬਿਆ ਕੂੜਾ ਏਨੀ ਸੜ੍ਹਿਆਂਦ ਛੱਡੇਗਾ ਕਿ ਉਸ ਦੇ ਗਵਾਂਢੀ ਤੰਗ ਹੋ ਜਾਣਗੇ ਤੇ ਲੁਕਾਇਆ ਹੋਇਆ ਸਾਰਾ ਸੱਚ ਦੁਨੀਆ ਸਾਹਮਣੇ ਆ ਜਾਵੇਗਾ। ਕੋਰੋਨਾ ਵਾਇਰਸ ਦੇ ਕਾਰਨ ਭਾਰਤ ਦੀ ਜਿਹੜੀ ਹਾਲਤ ਹੈ, ਉਸ ਨੂੰ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਅਤੇ ਉਸ ਦੇ ਪੱਖ ਵਾਲੀਆਂ ਰਾਜ ਸਰਕਾਰਾਂ ਹੀ ਨਹੀਂ ਲੁਕਾ ਰਹੀਆਂ, ਦੇਸ਼ ਦੇ ਬਹੁਤ ਸਾਰੇ ਰਾਜਾਂ ਵਿੱਚ ਇਹੋ ਕੁਝ ਹੁੰਦਾ ਦਿੱਸਦਾ ਹੈ। ਇਹ ਚਾਲਾਕੀ ਕਰਨ ਤੋਂ ਸ਼ਾਇਦ ਹੀ ਕੋਈ ਰਾਜ ਬਚਿਆ ਰਿਹਾ ਹੋਵੇ, ਬਾਕੀ ਸਭ ਥਾਂ ਹਾਕਮ ਆਪੋ-ਆਪਣੇ ਰਾਜ ਨੂੰ ਮਹਾਮਾਰੀ ਤੋਂ ਬਚਾ ਲਿਆ ਦੱਸਣ ਤੇ ਰਾਜਾਂ ਦੇ ਅਫਸਰ ਆਪੋ ਆਪਣੀ ਸਰਕਾਰ ਦਾ ਵਫਾਦਾਰ ਬਣਨ ਦੀ ਕੋਸਿ਼ਸ਼ ਵਿੱਚ ਕੋਰੋਨਾ ਦਾ ਕੌੜਾ ਸੱਚ ਦਰੀ ਹੇਠ ਦੱਬਣ ਵਾਸਤੇ ਸਿਰ ਪਰਨੇ ਹੋਏ ਦਿਖਾਈ ਦੇਂਦੇ ਹਨ। ਪੰਜਾਬ ਵੀ ਇਸ ਤੋਂ ਬਚਿਆ ਨਹੀਂ ਰਿਹਾ।
ਸੰਸਾਰ ਭਰ ਵਿੱਚ ਭਾਰਤ ਸਰਕਾਰ ਅਤੇ ਇਸ ਦੇ ‘ਪ੍ਰਧਾਨ ਸੇਵਕ’ ਕਹਾਉਣ ਵਾਲੇ, ਪਰ ਰਾਜਿਆਂ ਤੋਂ ਅੱਗੇ ਵਧ ਕੇ ‘ਇਲਾਹੀ ਦੂਤ’ ਜਾਂ ‘ਯੁੱਗ ਪੁਰਸ਼’ ਬਣਨ ਦੇ ਚਾਹਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਗੱਲੋਂ ਨਿੰਦਾ ਹੁੰਦੀ ਹੈ ਕਿ ਚੋਣਾਂ ਜਿੱਤਣ ਦੇ ਚੱਕਰ ਵਿੱਚ ਮਰਦੇ ਲੋਕਾਂ ਦੀ ਚਿੰਤਾ ਕਰਨੀ ਭੁੱਲ ਗਿਆ ਸੀ। ਇਹ ਨਿੰਦਾ ਸਿਰਫ ਉਨ੍ਹਾਂ ਮੌਤਾਂ ਅਤੇ ਕੇਸਾਂ ਦੀ ਗਿਣਤੀ ਨਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਤਸਦੀਕ ਭਾਰਤ ਸਰਕਾਰ ਤੇ ਇਸ ਦੀਆਂ ਰਾਜ ਸਰਕਾਰਾਂ ਕਰਨ ਨੂੰ ਤਿਆਰ ਹਨ, ਅਸਲ ਸਥਿਤੀ ਪਤਾ ਲੱਗਦੀ ਹੈ ਤਾਂ ਦੰਦ ਜੁੜੇ ਰਹਿ ਜਾਂਦੇ ਹਨ। ਇਸ ਹਫਤੇ ਇੱਕ ਦਿਨ ਇੰਗਲੈਂਡ ਦੇ ਇੱਕ ਸੰਸਾਰ ਪ੍ਰਸਿੱਧ ਮੀਡੀਆ ਚੈਨਲ ਨੇ ਗੁਜਰਾਤ ਦੀ ਕਹਾਣੀ ਪੇਸ਼ ਕੀਤੀ, ਜਿਹੜੀ ਗੁਜਰਾਤ ਰਾਜ ਦੇ ਇੱਕ ਅਖਬਾਰ ਦੇ ਸੰਪਾਦਕ ਤੇ ਉਸ ਦੇ ਪੱਤਰਕਾਰਾਂ ਨੇ ਸਾਹਮਣੇ ਲਿਆਂਦੀ ਸੀ। ਉਨ੍ਹਾਂ ਨੇ ਸਰਕਾਰੀ ਅੰਕੜੇ ਪਾਸੇ ਰੱਖ ਕੇ ਸ਼ਮਸ਼ਾਨ ਘਾਟਾਂ ਵਿੱਚ ਸਾੜੀਆਂ ਗਈਆਂ ਲਾਸ਼ਾਂ ਦੇ ਅੰਕੜੇ ਪੜ੍ਹੇ ਅਤੇ ਦੱਸਿਆ ਸੀ ਕਿ ਜਿੰਨੇ ਲੋਕ ਗੁਜਰਾਤ ਦੀ ਸਰਕਾਰ ਮਰੇ ਦੱਸਦੀ ਹੈ, ਓਦੋਂ ਕਈ ਗੁਣਾਂ ਵੱਧ ਲੋਕਾਂ ਦਾ ਅੰਤਮ ਸੰਸਕਾਰ ਕੀਤਾ ਗਿਆ ਹੈ। ਫਿਰ ਇੰਗਲੈਂਡ ਦੇ ਉਸ ਮੀਡੀਆ ਚੈਨਲ ਨੇ ਆਪਣੇ ਪੱਤਰਕਾਰਾਂ ਰਾਹੀਂ ਪਤਾ ਕਰਾਇਆ ਤੇ ਹੈਰਾਨੀ ਵਾਲਾ ਸੱਚ ਦੁਨੀਆ ਸਾਹਮਣੇ ਰੱਖਿਆ ਸੀ। ਅਸੀਂ ਭਾਰਤ ਵਿੱਚ ਬੈਠੇ ਹੋਏ ਲੋਕ ਵੀ ਉਹ ਸੱਚ ਪੂਰਾ ਨਹੀਂ ਸਾਂ ਜਾਣਦੇ ਅਤੇ ਪੜ੍ਹ ਕੇ ਹੱਕੇ-ਬੱਕੇ ਰਹਿ ਗਏ ਸਾਂ, ਪਰ ਇਸ ਦੇ ਸਿਰਫ ਦੋ ਦਿਨ ਬਾਅਦ ਭਾਰਤ ਦੇ ਇੱਕ ਕੌਮੀ ਅਖਬਾਰ ਨੇ ਹੋਰ ਵੀ ਕੁਸੈਲੀ ਤਸਵੀਰ ਸਭ ਦੇ ਸਾਹਮਣੇ ਰੱਖ ਦਿੱਤੀ ਹੈ।
ਹਿੰਦੀ ਭਾਸ਼ਾ ਦੇ ਸਿਖਰਲੇ ਤਿੰਨ ਅਖਬਾਰਾਂ ਵਿੱਚੋਂ ਇੱਕ ਦੀ ਖਬਰ ਕਹਿੰਦੀ ਹੈ ਕਿ ਗੁਜਰਾਤ ਵਿੱਚ ਬੀਤੇ 71 ਦਿਨਾਂ ਵਿੱਚ ਇੱਕ ਲੱਖ ਤੇਈ ਹਜ਼ਾਰ ਅੱਠ ਸੌ ਚੁਹੱਤਰ ਲੋਕਾਂ ਦੀ ਮੌਤ ਹੋਈ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕੀਤੇ ਜਾਣ ਪਿੱਛੋਂ ਰਾਜ ਸਰਕਾਰ ਨੇ ਇਨ੍ਹਾਂ ਇਕੱਤਰ ਦਿਨਾਂ ਵਿੱਚ ਬਤਾਲੀ ਸੌ ਅਠਾਰਾਂ ਮੌਤਾਂ ਕੋਰੋਨਾ ਦੀਆਂ ਮੰਨੀਆਂ ਹਨ। ਬਾਕੀ ਮੌਤਾਂ ਬਾਰੇ ਏਨਾ ਲਿਖ ਦਿੱਤਾ ਕਿ ‘ਮੌਤ ਦਾ ਕਾਰਨ: ਬਿਮਾਰੀ’, ਪਰ ਬਿਮਾਰੀ ਦਾ ਨਾਂਅ ਨਹੀਂ ਲਿਖਿਆ। ਹਾਲਤ ਏਥੋਂ ਪਤਾ ਲੱਗਦੀ ਹੈ ਕਿ ਬੀਤੇ ਮਾਰਚ ਵਿੱਚ ਗੁਜਰਾਤ ਵਿੱਚ ਕੁੱਲ 26,026 ਲੋਕਾਂ ਦੀ ਮੌਤ ਹੋਈ ਅਤੇ ਫਿਰ ਅਪਰੈਲ ਵਿੱਚ ਮੌਤਾਂ ਦੀ ਲੜੀ ਲੱਗ ਕੇ 57,796 ਲੋਕ ਮੌਤ ਦੀ ਝੋਲੀ ਪੈ ਗਏ। ਅਪਰੈਲ ਮਹੀਨੇ ਦੀ ਇਸ ਗਿਣਤੀ ਦੇ ਬਾਅਦ ਮਈ ਦੇ ਪਹਿਲੇ ਸਿਰਫ ਦਸ ਦਿਨਾਂ ਵਿੱਚ ਉਸ ਰਾਜ ਵਿੱਚ 40,051 ਮੌਤਾਂ ਹੋ ਗਈਆਂ ਹਨ, ਜਿਸ ਦਾ ਅਰਥ ਹੈ ਕਿ ਮਈ ਦੇ ਮੁੱਕਣ ਤੱਕ ਇਹੋ ਰਫਤਾਰ ਰਹੀ ਤਾਂ ਉਸ ਰਾਜ ਵਿੱਚ ਇੱਕ ਲੱਖ ਤੋਂ ਵੱਧ ਮੌਤਾਂ ਹੋਣਗੀਆਂ। ਇਸ ਗਿਣਤੀ ਦਾ ਮੁਕਾਬਲਾ ਪਿਛਲੇ ਸਾਲ ਨਾਲ ਕਰੀਏ ਤਾਂ ਅਪਰੈਲ 2020 ਵਿੱਚ ਓਥੇ 21,591 ਮੌਤਾਂ ਹੋਈਆਂ ਸਨ, ਮੌਜੂਦਾ ਸਾਲ ਓਸੇ ਅਪਰੈਲ ਵਿੱਚ 57,796 ਹੋ ਗਈਆਂ। ਮਈ 2020 ਦੇ ਸਾਰੇ ਮਹੀਨੇ ਵਿੱਚ 13,125 ਮੌਤਾਂ ਹੋਈਆਂ ਸਨ, ਇਸ ਵਾਰ ਓਸੇ ਮਈ ਦੇ ਦਸ ਦਿਨਾਂ ਵਿੱਚ ਮੌਤਾਂ ਦੀ ਗਿਣਤੀ 40,051 ਤੱਕ ਜਾ ਪਹੁੰਚੀ ਹੈ। ਸਰਕਾਰ ਦੇ ਅਧਿਕਾਰੀਆਂ ਨੇ ਰਿਕਾਰਡ ਵਿੱਚ ਮੌਤਾਂ ਦਾ ਕਾਰਨ ਕੋਰੋਨਾ ਨਹੀਂ ਲਿਖਿਆ ਤਾਂ ਨਾ ਸਹੀ, ਪਰ ਮਰਨ ਵਾਲਿਆਂ ਦੀ ਗਿਣਤੀ ਏਨੀ ਵਧ ਕਿਉਂ ਗਈ, ਇਹ ਗੱਲ ਜਾਨਣ ਦੀ ਕੋਸਿ਼ਸ਼ ਕਿਸੇ ਨੇ ਕਿਉਂ ਨਾ ਕੀਤੀ, ਇਸ ਬਾਰੇ ਸਭ ਚੁੱਪ ਵੱਟੀ ਬੈਠੇ ਹਨ। ਲੋਕ ਕਹਿੰਦੇ ਹਨ ਕਿ ਇਸ ਕਹਿਰ ਦੌਰਾਨ ਆਈ ਪੀ ਐੱਲ ਕ੍ਰਿਕਟ ਦੇ ਕਾਰਨ ਸੰਸਾਰ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਮਾਣ ਹਾਸਲ ਕਰਨ ਵਾਲੇ ਅਹਿਮਦਾਬਾਦ ਵਿੱਚ ਕੋਰੋਨਾ ਦੇ ਕੇਸ ਵਧ ਗਏ ਸਨ, ਪਰ ਰਾਜ ਸਰਕਾਰ ਦੇ ਮੁਤਾਬਕ ਉਸ ਸ਼ਹਿਰ ਵਿੱਚ 71 ਦਿਨ ਵਿੱਚ 13,593 ਲੋਕਾਂ ਦੀ ਮੌਤ ਹੋਈ, ਜਿਨ੍ਹਾਂ ਵਿੱਚੋਂ ਕੋਰੋਨਾ ਨਾਲ ਸਿਰਫ 2126 ਮਰੇ ਹਨ। ਬਾਕੀ ਲੋਕ ਕਿਹੜੇ ਰੋਗ ਨਾਲ ਮਰ ਗਏ, ਕੋਈ ਦੱਸਣ ਵਾਲਾ ਨਹੀਂ। ਇਸ ਸੱਚ ਦਾ ਸਾਹਮਣਾ ਕਰਨਾ ਕਿਸੇ ਲਈ ਵੀ ਔਖਾ ਹੈ। ਰਾਜ ਸਰਕਾਰ ਅੱਗੋਂ ਕੇਂਦਰੀ ਹਾਕਮਾਂ ਕੋਲ ਪੇਸ਼ ਕਰਨ ਲਈ ਅੰਕੜਿਆਂ ਦੀ ਜਾਦੂਗਰੀ ਕਰਨ ਰੁੱਝੀ ਹੋਈ ਹੈ, ਪਰ ਅਸਲੀ ਕੰਮ ਘੱਟ ਹੋ ਰਿਹਾ ਹੈ।
ਗੋਆ ਵਿੱਚ ਨਰਿੰਦਰ ਮੋਦੀ ਦੀ ਆਪਣੀ ਪਾਰਟੀ ਦੀ ਸਰਕਾਰ ਹੈ, ਜਿਸ ਵਿੱਚ ਆਕਸੀਜਨ ਦੀ ਸਪਲਾਈ ਰੁਕਣ ਨਾਲ ਗਿਆਰਾਂ ਮਈ ਨੂੰ ਛੱਬੀ ਲੋਕ ਮਰ ਗਏ, ਬਾਰਾਂ ਮਈ ਨੂੰ ਹੋਰ ਵੀਹ ਮੌਤਾਂ ਹੋਣ ਦੀ ਖਬਰ ਮਿਲੀ ਅਤੇ ਤੇਰਾਂ ਮਈ ਨੂੰ ਪੰਦਰਾਂ ਮਰੀਜ਼ਾਂ ਦੀ ਮੌਤ ਹੋ ਗਈ। ਚੌਦਾਂ ਮਈ ਦੇ ਦਿਨ ਤੇਰਾਂ ਜਣੇ ਹੋਰ ਪ੍ਰਾਣ ਤਿਆਗ ਗਏ। ਆਕਸੀਜਨ ਦਾ ਇਹ ਨੁਕਸ ਚਾਰ ਦਿਨ ਠੀਕ ਨਹੀਂ ਹੋ ਸਕਿਆ ਤਾਂ ਜਿ਼ਮੇਵਾਰੀ ਕਿਸ ਦੀ ਹੈ? ਕੋਈ ਇਸ ਦਾ ਜਵਾਬ ਨਹੀਂ ਦੇਵੇਗਾ।
ਕਰਨਾਟਕਾ ਦੀ ਸਰਕਾਰ ਭਾਜਪਾ ਦੀ ਹੈ। ਓਥੇ ਆਕਸੀਜਨ ਸਪਲਾਈ ਪੂਰੀ ਨਾ ਮਿਲ ਸਕੀ ਤਾਂ ਉਸ ਨੇ ਕੇਂਦਰ ਦੀ ਆਪਣੀ ਪਾਰਟੀ ਦੀ ਸਰਕਾਰ ਦੀ ਘੇਸਲ ਵੇਖ ਕੇ ਹਾਈ ਕੋਰਟ ਨੂੰ ਅਰਜ਼ੀ ਦੇ ਦਿੱਤੀ। ਹਾਈ ਕੋਰਟ ਨੇ ਕੇਂਦਰ ਦੇ ਹਾਕਮਾਂ ਨੂੰ ਝਾੜ ਪਾਈ ਤਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਕਰਨਾਟਕਾ ਦੀ ਭਾਜਪਾ ਸਰਕਾਰ ਦੀ ਬਾਂਹ ਫੜਨ ਤੇ ਹਾਈ ਕੋਰਟ ਦਾ ਹੁਕਮ ਮੰਨਣ ਦੀ ਥਾਂ ਇਸ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਰਜ਼ੀ ਪਾ ਦਿੱਤੀ। ਅੱਗੋਂ ਸੁਪਰੀਮ ਕੋਰਟ ਦੇ ਜੱਜਾਂ ਨੇ ਝਾੜ ਪਾਈ ਕਿ ਸਾਨੂੰ ਆਪਣੇ ਖਿਲਾਫ ਹੋਰ ਸਖਤੀ ਕਰਨ ਲਈ ਮਜਬੂਰ ਨਾ ਕਰੋ, ਕਰਨਾਟਕ ਦੀ ਹਾਈ ਕੋਰਟ ਦਾ ਹੁਕਮ ਮੰਨ ਕੇ ਉਸ ਰਾਜ ਦੀ ਸਰਕਾਰ ਦੀ ਮਦਦ ਕਰੋ, ਫਿਰ ਕੇਂਦਰ ਸਰਕਾਰ ਥੋੜ੍ਹਾ ਕੁ ਹਿੱਲੀ। ਦਿੱਲੀ ਸਰਕਾਰ ਨਾਲ ਉਸ ਦੇ ਮੋਦੀ ਸਾਹਿਬ ਦੇ ਸਿਆਸੀ ਮੱਤਭੇਦ ਹੋਣ ਕਰ ਕੇ ਕੇਸ ਅਦਾਲਤ ਤੱਕ ਗਿਆ, ਪੰਜਾਬ ਨਾਲ ਵੀ ਮੱਤਭੇਦ ਹਨ, ਪਰ ਕਰਨਾਟਕ ਵਿੱਚ ਜੇ ਉਸ ਦੀ ਆਪਣੀ ਸਰਕਾਰ ਦੀ ਮਦਦ ਵੀ ਮੋਦੀ ਸਰਕਾਰ ਨਾ ਕਰੇ ਤਾਂ ਸੰਸਾਰ ਵਿੱਚ ਭੰਡੀ ਹੋਵੇਗੀ ਹੀ।
ਜਿਹੜੇ ਅਖਬਾਰ ਨੇ ਗੁਜਰਾਤ ਦਾ ਸੱਚ ਸਾਹਮਣੇ ਲਿਆਂਦਾ ਹੈ, ਉਸ ਨੇ ਆਪਣੀ ਟੀਮ ਲਾ ਕੇ ਉੱਤਰ ਪ੍ਰਦੇਸ਼ ਵਿੱਚ ਜੋ ਕੁਝ ਹੁੰਦਾ ਸੁਣੀਂਦਾ ਸੀ, ਉਸ ਸੱਚ ਤੋਂ ਵੀ ਪਰਦਾ ਚੁੱਕਿਆ ਹੈ। ਇਨ੍ਹਾਂ ਪੱਤਰਕਾਰਾਂ ਨੂੰ ਕਨੌਜ ਦੇ ਮਹਾਦੇਵੀ ਗੰਗਾ ਘਾਟ ਵਿੱਚ ਸਾਢੇ ਤਿੰਨ ਸੌ ਲਾਸ਼ਾਂ ਦੱਬੀਆਂ ਹੋਈਆਂ ਪਤਾ ਲੱਗੀਆਂ। ਕਾਨਪੁਰ ਦੇ ਸ਼ੇਰੇਸ਼ਵਰ ਘਾਟ ਉੱਤੇ ਘੁੰਮਦਿਆਂ ਕਰੀਬ ਚਾਰ ਸੌ ਲਾਸ਼ਾਂ ਦੱਬੀਆਂ ਵੇਖੀਆਂ ਅਤੇ ਉਨ੍ਹਾਂ ਪੁੱਟ-ਪੁੱਟ ਕੇ ਕੁੱਤੇ ਖਾਂਦੇ ਦਿੱਸ ਪਏ ਤਾਂ ਪੁਲਸ ਆ ਗਈ ਅਤੇ ਛੇਤੀ-ਛੇਤੀ ਲਾਸ਼ਾਂ ਨੂੰ ਢੱਕਣ ਲਈ ਮਿੱਟੀ ਪਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਵਾਰ-ਵਾਰ ਬਦਨਾਮੀ ਦਾ ਕਾਰਨ ਬਣਨ ਵਾਲੇ ਉਨਾਵ ਹਲਕੇ ਵਿੱਚ ਪੱਤਰਕਾਰਾਂ ਨੂੰ ਨੌਂ ਸੌ ਲਾਸ਼ਾਂ ਦੱਬੀਆਂ ਹੋਣ ਦਾ ਪਤਾ ਲੱਗਾ ਤਾਂ ਪੱਤਰਕਾਰਾਂ ਦੀ ਟੀਮ ਪਹੁੰਚਦੇ ਸਾਰ ਪ੍ਰਸ਼ਾਸਨ ਵੱਲੋਂ ਆਏ ਅਧਿਕਾਰੀਆਂ ਨੇ ਲਾਸ਼ਾਂ ਉੱਤੇ ਰੇਤ ਅਤੇ ਮਿੱਟੀ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ। ਫਤਹਿਪੁਰ ਵਿੱਚ ਵੀਹ ਲਾਸ਼ਾਂ ਮਿਲੀਆਂ ਤਾਂ ਫਤਹਿਪੁਰ ਅਤੇ ਉਨਾਵ ਦੋਵਾਂ ਥਾਂਵਾਂ ਦੇ ਅਧਿਕਾਰੀ ਇਸ ਨੂੰ ਇੱਕ ਦੂਸਰੇ ਦੇ ਖੇਤਰ ਦਾ ਮਾਮਲਾ ਦੱਸਣ ਤੇ ਗਲੋਂ-ਗਲਾਵਾਂ ਲਾਹੁਣ ਲੱਗ ਪਏ। ਬਿਹਾਰ ਦੇ ਬਕਸਰ ਜਿ਼ਲੇ ਅਤੇ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਗਾਜ਼ੀਪੁਰ ਦੇ ਕਰੀਬ ਗੰਗਾ ਨਦੀ ਕੰਢੇ ਲਾਸ਼ਾਂ ਮਿਲਣ ਦਾ ਰੌਲਾ ਪਿਆ ਸੀ, ਜਿ਼ਲਾ ਮੈਜਿਸਟਰੇਟ ਨੇ ਚਾਲੀ ਕੁ ਲਾਸ਼ਾਂ ਦੱਸੀਆਂ ਸਨ, ਦੱਬਣ ਵਾਲੇ ਮਜ਼ਦੂਰਾਂ ਨੇ ਇਕੱਤਰ ਦੱਸੀਆਂ, ਪਰ ਪੱਤਰਕਾਰਾਂ ਦੀ ਟੀਮ ਨੂੰ ਦੋ ਸੌ ਲਾਸ਼ਾਂ ਦੇ ਸਬੂਤ ਮਿਲੇ ਅਤੇ ਅਜੇ ਹੋਰ ਲਾਸ਼ਾਂ ਹੋਣ ਦੀ ਚਰਚਾ ਚੱਲ ਰਹੀ ਹੈ। ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਪਤਾ ਲੱਗਾ ਕਿ ਲਾਸ਼ਾਂ ਢੱਕ ਕੇ ਹਰ ਜਿ਼ਲੇ ਦੇ ਅਫਸਰ ਖੁਦ ਮੁੱਖ ਮੰਤਰੀ ਅਤੇ ਰਾਜ ਸਰਕਾਰ ਦੇ ਕੋਲ ‘ਬੀਬਾ ਰਾਣਾ’ ਬਣੇ ਰਹਿਣ ਦੇ ਚੱਕਰ ਵਿੱਚ ਅਣਮਨੁੱਖੀ ਵਿਹਾਰ ਏਦਾਂ ਦਾ ਕਰਦੇ ਹਨ ਕਿ ਉਨ੍ਹਾਂ ਦੇ ਮਨਾਂ ਉੱਤੇ ਕਿਸੇ ਤਰ੍ਹਾਂ ਦੀ ਚਿੰਤਾ ਦੀ ਕੋਈ ਲਕੀਰ ਤੱਕ ਦਿਖਾਈ ਨਹੀਂ ਦੇਂਦੀ।
ਗੱਲ ਗੁਜਰਾਤ ਜਾਂ ਉੱਤਰ ਪ੍ਰਦੇਸ਼ ਦੀ ਨਹੀਂ, ਸਾਰੇ ਭਾਰਤ ਦੀ ਹੈ, ਪਰ ਅਸੀਂ ਇਨ੍ਹਾਂ ਦੋਂਹ ਰਾਜਾਂ ਦਾ ਜਿ਼ਕਰ ਇਸ ਕਰ ਕੇ ਕੀਤਾ ਹੈ ਕਿ ਦੇਸ਼ ਦਾ ‘ਪ੍ਰਧਾਨ ਸੇਵਕ’ ਅਖਵਾਉਣ ਵਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਸਿਆਸੀ ਪੜੁੱਲ ਤੋਂ ਛਾਲ ਮਾਰ ਕੇ ਦਿੱਲੀ ਪੁੱਜਾ ਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਦਾ ਪ੍ਰਤੀਨਿਧ ਹੈ। ਅਸੀਂ ਇਸ ਵਕਤ ਬਾਕੀ ਰਾਜਾਂ ਦੀ ਗੱਲ ਨਹੀਂ ਛੇੜ ਰਹੇ ਤਾਂ ਇਸ ਦਾ ਮਤਲਬ ਨਹੀਂ ਕਿ ਓਥੇ ਹਾਲਤ ਚੰਗੀ ਹੈ, ਸੱਚ ਇਹ ਹੈ ਕਿ ਰਾਜ ਕਿਸੇ ਵੀ ਪਾਰਟੀ ਦਾ ਹੋਵੇ, ਬਹੁਤੇ ਥਾਂ ਆਮ ਇਨਸਾਨ ਦੀ ਬਦਨਸੀਬੀ ਇੱਕੋ ਜਿਹੀ ਹੈ, ਜਿਸ ਵਿੱਚ ਪੰਜਾਬ ਵੀ ਸ਼ਾਮਲ ਹੈ। ਇਸ ਦੇ ਅੰਕੜੇ ਵੀ ਸਰਕਾਰੀ ਹੋਰ ਤੇ ਹਕੀਕੀ ਹੋਰ ਮਿਲਦੇ ਹਨ। ਜਦੋਂ ਧੁਰ ਉਤਲੀ ਛਤਰੀ ਦੀ ਮਿਹਰ ਵਾਲੇ ਰਾਜਾਂ ਦੇ ਹਾਕਮ ਕੋਰੋਨਾ ਵਾਇਰਸ ਦੇ ਕੇਸ ਅਤੇ ਮੌਤਾਂ ਘਟਾ ਕੇ ਦੱਸਦੇ ਹੋਣ, ਦੂਸਰੇ ਰਾਜਾਂ ਦੇ ਹਰ ਹਾਕਮ ਨੂੰ ਵੀ ਆਪਣਾ ਇਮੇਜ ਕਾਇਮ ਰੱਖਣ ਲਈ ਸੱਚਾਈ ਲੁਕਾਉਣ ਤੇ ਕੌੜੀਆਂ ਹਕੀਕਤਾਂ ਦਾ ਕੂੜਾ ਦਰੀ ਹੇਠ ਦੱਬ ਦੇਣ ਦਾ ਫਾਰਮੂਲਾ ਚੰਗਾ ਲੱਗਣ ਲੱਗਦਾ ਹੈ। ਇਸ ਦਾ ਨਤੀਜਾ ਸਾਡੇ ਸਾਹਮਣੇ ਹੈ। ਭਾਰਤ ਆਪਣੀ ਬਦਕਿਸਮਤੀ ਨੂੰ ਹੰਢਾ ਰਿਹਾ ਹੈ, ਹਾਕਮ ਰਾਜ-ਸੁਖ ਮਾਣ ਰਹੇ ਹਨ ਅਤੇ ਲੋਕ ਉਨ੍ਹਾਂ ਦਾ ਕੀਤਾ ਭੁਗਤ ਰਹੇ ਹਨ। ਦਰੀ ਹੇਠ ਸਚਾਈ ਨੂੰ ਦਬਾਉਣ ਅਤੇ ਸੱਚਾਈ ਵੀ ਕੋਰੋਨਾ ਨਾਲ ਮਰਦੇ ਲੋਕਾਂ ਦੀਆਂ ਲਾਸ਼ਾਂ ਵਾਲੀ ਹੋਵੇ, ਉਸ ਨੂੰ ਲੁਕਾਉਣ ਦੇ ਬਾਅਦ ਇਸ ਦੇਸ਼ ਦੇ ਹਾਕਮਾਂ ਦੀ ਇਹ ਚੁਸਤ-ਚਲਾਕੀ ਇਸ ਦੇਸ਼ ਨੂੰ ਜਿਹੋ ਜਿਹੀ ਜਿੱਲ੍ਹਣ ਵਿੱਚ ਫਸਾ ਦੇਵੇਗੀ, ਉਸ ਵਿੱਚੋਂ ਫਿਰ ਕਦੀ ਨਿਕਲਿਆ ਨਹੀਂ ਜਾਣਾ

  • ਜਤਿੰਦਰ ਪਨੂੰ

Continue Reading

ਲੇਖ

ਤੂੰ ਬੱਸ ਏਨਾ ਕੁ ਕਸ਼ਟ ਕਰ ਦੇਵੀਂ ਭਾਰਤ, ਲੋਕਾਂ ਨੂੰ ਸੰਕਟ ਦੇ ਸਮਿਆਂ ਵਿੱਚ ਆਪਸ ਵਿੱਚ ਜੁੜਿਆ ਰੱਖੀਂ-ਜਤਿੰਦਰ ਪਨੂੰ

Published

on

pannu articles

ਭਾਰਤ, ਤੂੰ ਭਰਮ ਦੇ ਵੱਡੇ ਜਾਲ ਵਿੱਚ ਫਸ ਗਿਆ ਹੈਂ। ਉਸ ਜਾਲ ਵਿੱਚ ਫਸ ਗਿਆ ਹੈਂ, ਜਿੱਥੇ ਹਊਮੈ ਦੇ ਭਰੇ ਭੜੋਲੇ ਵਰਗਾ ਇੱਕ ਆਗੂ ਬਾਕੀ ਸਭ ਲੋਕਾਂ ਨੂੰ ਪੁਤਲੀਆਂ ਸਮਝ ਕੇ ਨਚਾਉਣਾ ਚਾਹੁੰਦਾ ਹੈ ਤੇ ਏਦਾਂ ਦਾ ਭਾਰਤ ਉਸ ਨੂੰ ਚਾਹੀਦਾ ਹੈ, ਜਿਹੜਾ ਨਾ ਖਾਣ ਲਈ ਕੁਝ ਮੰਗੇ, ਨਾ ਜੀਵਨ ਲੋੜਾਂ ਦਾ ਚੇਤਾ ਕਰੇ, ਨਾ ਮਹਾਮਾਰੀਆਂ ਅਤੇ ਕੁਦਰਤੀ ਕਰੋਪੀਆਂ ਦੇ ਵਕਤ ਉਸ ਰਾਹਤ ਦੀ ਆਸ ਕਰੇ, ਜਿਹੜੀ ਪਿਤਾ-ਪੁਰਖੀ ਰਾਜੇ ਵੀ ਦੇ ਦਿੱਤਾ ਕਰਦੇ ਸਨ। ਮਰਦੇ ਪਏ ਦੇਸ਼ ਵਾਸੀਆਂ ਵੱਲ ਵੇਖਣ ਨਾਲੋਂ ਉਸ ਨੂੰ ਭਾਰਤ ਦੇ ਨਕਸ਼ੇ ਵਿੱਚ ਉਨ੍ਹਾਂ ਕੁਝ ਬਾਕੀ ਬਚੀਆਂ ਡੱਬ-ਖੜੱਬੀਆਂ ਥਾਵਾਂ ਨੂੰ ਵੇਖਣਾ ਵੱਧ ਜ਼ਰੂਰੀ ਲੱਗਦਾ ਹੈ, ਜਿਹੜੀਆਂ ਆਪਣੇ ਰੰਗ ਵਿੱਚ ਰੰਗਣ ਲਈ ਉਹ ਰਾਤ ਦਿਨ ਸੁਫਨੇ ਲੈਂਦਾ ਹੈ। ਪੱਛਮੀ ਬੰਗਾਲ ਦੀ ਚੋਣ ਮੁਹਿੰਮ ਲਈ ਉਸ ਨੇ ਜਿਹੜਾ ਅਪਰੈਲ ਦਾ ਅੱਧੇ ਤੋਂ ਵੱਧ ਮਹੀਨਾ ਫੂਕ ਛੱਡਿਆ, ਉਹੀ ਮਹੀਨਾ ਦੇਸ਼ ਦੇ ਲੋਕਾਂ ਲਈ ਅੱਜ ਤੱਕ ਦਾ ਸਭ ਤੋਂ ਕਾਲਾ ਸਮਾਂ ਹੋ ਗਿਆ। ਫਰਵਰੀ ਦੇ ਅੰਤਲੇ ਦਿਨ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਭਾਰਤ ਵਿੱਚ ਇੱਕ ਲੱਖ ਸੱਤਰ ਹਜ਼ਾਰ ਤੋਂ ਥੋੜ੍ਹੀ ਉੱਤੇ ਸੀ, ਮਾਰਚ ਦੇ ਅੰਤਲੇ ਦਿਨ ਤੱਕ ਚੋਣਾਂ ਲਈ ਰਾਜਸੀ ਲੀਡਰਾਂ ਦੇ ਜਲਸੇ ਸ਼ੁਰੂ ਹੋਣ ਕਾਰਨ ਪੰਜ ਲੱਖ ਪਚਾਸੀ ਹਜ਼ਾਰ ਤੋਂ ਟੱਪ ਗਈ ਤੇ ਪ੍ਰਧਾਨ ਮੰਤਰੀ ਨੇ ਦੌਰੇ ਓਦੋਂ ਸਮੇਟੇ, ਜਦੋਂ ਐਕਟਿਵ ਕੇਸਾਂ ਦੀ ਗਿਣਤੀ ਵੀਹ ਲੱਖ ਤੋਂ ਟੱਪ ਗਈ। ਫਿਰ ਇਹ ਰੁਕੀ ਨਹੀਂ। ਹਾਲਾਤ ਕਾਬੂ ਤੋਂ ਬਾਹਰ ਹੋਣ ਨਾਲ ਅਪਰੈਲ ਮੁੱਕਣ ਤੱਕ ਇਹ ਗਿਣਤੀ ਬੱਤੀ ਲੱਖ ਟੱਪ ਗਈ। ਫਰਵਰੀ ਮੁੱਕਣ ਤੱਕ ਮੌਤਾਂ ਦੀ ਗਿਣਤੀ ਭਾਰਤ ਵਿੱਚ ਅਜੇ ਇੱਕ ਲੱਖ ਸਤਵੰਜਾ ਹਜ਼ਾਰ ਤੋਂ ਡੇਢ ਸੌ ਉੱਤੇ ਸੀ, ਮਾਰਚ ਮੁੱਕਣ ਤੱਕ ਇਹ ਇੱਕ ਲੱਖ ਤਰੇਹਠ ਹਜ਼ਾਰ ਦੇ ਨੇੜੇ ਪਹੁੰਚੀ, ਪਰ ਅਪਰੈਲ ਮੁੱਕਣ ਤੱਕ ਭਾਰਤ ਵਿੱਚ ਮੌਤਾਂ ਦੀ ਗਿਣਤੀ ਦੋ ਲੱਖ ਦਸ ਹਜ਼ਾਰ ਟੱਪ ਗਈ। ਅਪਰੈਲ ਦਾ ਮਹੀਨਾ ਭਾਰਤ ਵਿੱਚ ਸੰਤਾਲੀ ਹਜ਼ਾਰ ਮੌਤਾਂ ਦਾ ਕਾਰਨ ਬਣ ਗਿਆ। ਇਤਹਾਸ ਵਿੱਚ ਭਾਰਤ ਵਿੱਚ ਕਦੇ ਏਨੀਆਂ ਮੌਤਾਂ ਨਹੀਂ ਹੋਈਆਂ। ਕਦੀ ਕਿਸੇ ਨੇ ਸੋਚਿਆ ਨਹੀਂ ਸੀ ਕਿ ਏਦਾਂ ਵੀ ਹੋਵੇਗਾ, ਪਰ ਇਹ ਕਹਿਰ ਵਾਪਰ ਗਿਆ ਹੈ।
ਦੇਸ਼ ਦਾ ‘ਪ੍ਰਧਾਨ ਸੇਵਕ’ ਕਹਾਉਣ ਦੇ ਨਾਟਕ ਕਰਨ ਵਾਲਾ ਆਗੂ ਮੌਤਾਂ ਨਾਲ ਦੁਖੀ ਹੋਣ ਦੀ ਬਜਾਏ ਇਸ ਗੱਲ ਤੋਂ ਦੁਖੀ ਹੁੰਦਾ ਹੈ ਕਿ ਉਸ ਦੀ ਸਰਕਾਰ ਦੀ ਭੰਡੀ ਹੁੰਦੀ ਹੈ। ਜਿਹੋ ਜਿਹੇ ਕੰਮ ਹੋਣ, ਓਦਾਂ ਦੀ ਸੋਭਾ ਹੁੰਦੀ ਹੈ। ਦੁਨੀਆ ਭਰ ਦੇ ਅਖਬਾਰ ਉਸ ਦੇ ਚੋਣ ਚਸਕਿਆਂ ਤੇ ਭਾਸ਼ਣਾਂ ਦੌਰਾਨ ਆਈਆਂ ਮਕਾਣਾਂ ਨੇ ਕੰਬਣ ਲਾ ਦਿੱਤੇ ਹਨ, ਜਿਸ ਪਿੱਛੋਂ ਉਹ ਹਕੀਕਤਾਂ ਪੇਸ਼ ਕਰ ਰਹੇ ਹਨ ਤਾਂ ਇਹ ਭਾਰਤ ਦੇ ਨੇਤਾ ਨੂੰ ਭੰਡੀ ਜਾਪੀ ਹੈ। ਜਿਸ ਟਾਈਮ ਮੈਗਜ਼ੀਨ ਨੇ ਕਦੇ ਉਸ ਦੀ ਫੋਟੋ ਪਹਿਲੇ ਸਫੇ ਉੱਤੇ ਦਿਖਾਈ ਤਾਂ ਉਹ ਆਪਣੇ ਆਪ ਧੰਨ ਸਮਝਦਾ ਸੀ, ਅੱਜ ਉਹੀ ਟਾਈਮ ਜੇ ਭਾਰਤ ਦੇਸ਼ ਦੇ ਸ਼ਮਸਾਨ ਘਾਟਾਂ ਵਿੱਚ ਮੱਚਦੇ ਸਿਵਿਆਂ ਦੀ ਫੋਟੋ ਛਾਪਦਾ ਹੈ ਤਾਂ ਇਹ ਪ੍ਰਧਾਨ ਮੰਤਰੀ ਨੂੰ ਭੰਡੀ ਜਾਪੀ ਹੈ। ਅਮਰੀਕਾ ਦਾ ਅਖਬਾਰ ਵਾਸਿ਼ੰਗਟਨ ਪੋਸਟ, ਇੰਗਲੈਂਡ ਦਾ ਗਾਰਡੀਅਨ ਅਤੇ ਦੁਨੀਆ ਭਰ ਦੇ ਮੀਡੀਆ ਚੈਨਲਾਂ ਤੋਂ ਭਾਰਤ ਦੇਸ਼ ਦੇ ਹਾਲਾਤ ਦੀ ਚਰਚਾ ਵਿੱਚ ਮਰ ਗਏ ਲੋਕਾਂ ਦੇ ਅੰਕੜੇ ਵੀ ਤੇ ਮਰਨਾਊ ਪਏ ਲੋਕਾਂ ਦੇ ਅੰਕੜੇ ਵੀ ਪੇਸ਼ ਕੀਤੇ ਜਾਂਦੇ ਹਨ ਤਾਂ ਇਹ ਭਾਰਤ ਦੀ ਭੰਡੀ ਜਾਪੀ ਹੈ। ਉਹ ਲੋਕ ਭਾਰਤ ਦੀ ਭੰਡੀ ਨਹੀਂ ਕਰਦੇ, ਹਰ ਪੇਸ਼ਕਾਰੀ ਦੇ ਵਕਤ ਇਹ ਕਹਿੰਦੇ ਹਨ ਕਿ ਇਹ ਹਾਲਤ ਭਾਰਤ ਦੇ ਇੱਕ ਨੇਤਾ ਦੇ ਚੋਣ ਚਸਕੇ ਕਾਰਨ ਪੈਦਾ ਹੋਈ ਹੈ। ਇਸ ਵਿੱਚ ਇੱਕ ਦੇਸ਼ ਦੀ ਭੰਡੀ ਨਹੀਂ, ਘੁਮੰਡ ਦੇ ਘੋੜੇ ਉੱਤੇ ਚੜ੍ਹੇ ਹੋਏ ਇੱਕ ਨੇਤਾ ਦੀ ਮਰਦੇ ਪਏ ਲੋਕਾਂ ਵਾਸਤੇ ਕੁਝ ਕਰਨ ਦੀ ਥਾਂ ਉਸ ਦੇ ਆਪਣੇ ਰਾਜ ਦੀਆਂ ਹੱਦਾਂ ਹੋਰ ਵਧਾਉਣ ਦੀ ਵਡੇਰੀ ਲਾਲਸਾ ਦਾ ਖੁਲਾਸਾ ਕੀਤਾ ਸਮਝਿਆ ਜਾ ਸਕਦਾ ਹੈ।
ਬਾਹਰਲੇ ਦੇਸ਼ਾਂ ਵਾਲੇ ਬੋਲਦੇ ਹਨ ਤਾਂ ਭਾਰਤ ਦੀ ਭੰਡੀ ਕਰਦੇ ਜਾਪਦੇ ਹਨ, ਆਪਣੇ ਲੋਕ ਬੋਲਦੇ ਹਨ ਤਾਂ ਮੋਦੀ ਟੀਮ ਨੂੰ ਉਹ ਵਿਰੋਧੀਆਂ ਦਾ ਕੂੜ-ਪ੍ਰਚਾਰ ਜਾਪਦਾ ਹੈ, ਪਰ ਭਾਜਪਾ ਦੇ ਆਪਣੇ ਅੰਦਰੋਂ ਜੋ ਬੋਲਿਆ ਗਿਆ ਹੈ, ਉਸ ਦੇ ਬਾਰੇ ਪ੍ਰਧਾਨ ਮੰਤਰੀ ਜਾਂ ਉਸ ਦੇ ਚੇਲਿਆਂ ਦੇ ਦੰਦ ਜੁੜੇ ਹੋਏ ਹਨ। ਕੇਂਦਰੀ ਮੰਤਰੀ ਮੰਡਲ ਵਿਚਲੇ ਤਿੰਨ ਚਿਹਰਿਆਂ ਦੇ ਹੱਥ ਸਾਰੀ ਤਾਕਤ ਮੰਨੀ ਜਾਂਦੀ ਹੈ, ਇੱਕ ਪ੍ਰਧਾਨ ਮੰਤਰੀ ਮੋਦੀ, ਦੂਸਰਾ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਤੀਸਰਾ ਨੰਬਰ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਦਾ ਹੈ। ਨਿਰਮਲਾ ਸੀਤਾਰਮਨ ਜਦੋਂ ਇਕਨਾਮਿਕਸ ਪੜ੍ਹਨ ਲਈ ਕਲਾਸ ਵਿੱਚ ਬੈਠਦੀ ਸੀ, ਉਸ ਦਾ ਪਤੀ ਪਰਕਲਾ ਪ੍ਰਭਾਕਰ ਉਸ ਦੇ ਨਾਲ ਇਕਨਾਮਿਕਸ ਦਾ ਵਿਦਿਆਰਥੀ ਹੁੰਦਾ ਸੀ। ਦੋਵੇਂ ਇਕੱਠੇ ਪੜ੍ਹੇ ਹਨ, ਪਰ ਉਸ ਦਾ ਪਤੀ ਇਸ ਮੰਤਰੀ ਬੀਬੀ ਵਾਂਗ ਰਾਜਨੀਤੀ ਦੇ ਰਾਹ ਦਾ ਪਾਂਧੀ ਨਾ ਹੋਣ ਕਾਰਨ ਤੇ ਕਿਸੇ ਕੁਰਸੀ ਦੀ ਝਾਕ ਨਾ ਰੱਖਣ ਕਾਰਨ ਅਜੇ ਵੀ ਸੱਚ ਬੋਲਣ ਨੂੰ ਠੀਕ ਸਮਝਦਾ ਹੈ। ਉਸ ਨੇ ਇੱਕ ਦਿਨ ਇਸ ਦੇਸ਼ ਦੇ ਗਰੀਬਾਂ ਦੀ ਅਸਲੀ ਹਾਲਤ ਬਾਰੇ ਲੇਖ ਲਿਖ ਦਿੱਤਾ, ਸਾਰੇ ਪਾਸੇ ਧੁੰਮ ਮੱਚ ਗਈ ਅਤੇ ਪ੍ਰਧਾਨ ਮੰਤਰੀ ਦੀ ਸਾਰੀ ਟੀਮ ਨੂੰ ਏਦਾਂ ਸੱਪ ਸੁੰਘ ਗਿਆ ਕਿ ਸਾਰਿਆਂ ਦੀ ਜ਼ਬਾਨ ਤਾਲੂ ਨਾਲ ਲੱਗ ਗਈ। ਕਿਸੇ ਨੇ ਉਸ ਦੇ ਲੇਖ ਦੀ ਕਿਸੇ ਗੱਲ ਬਾਰੇ ਕੋਈ ਟਿਪਣੀ ਤੱਕ ਕਰਨ ਦੀ ਹਿੰਮਤ ਨਹੀਂ ਦਿਖਾਈ, ਕਿਉਂਕਿ ਉਸ ਨੇ ਸੱਚ ਕਿਹਾ ਸੀ। ਨਿਰਮਲਾ ਦੇ ਪਤੀ ਪਰਕਲਾ ਪ੍ਰਭਾਕਰ ਨੇ ਕਿਹਾ ਕਿ ਜਿਨ੍ਹਾਂ ਦੇ ਘਰ ਵਿੱਚ ਮੌਤ ਹੁੰਦੀ ਹੈ, ਉਨ੍ਹਾਂ ਨੂੰ ਦੁੱਖ ਪਤਾ ਹੈ, ਤੁਹਾਡੇ ਘਰੀਂ ਕੋਈ ਮੌਤ ਨਹੀਂ ਹੋਈ, ਤੁਹਾਨੂੰ ਇਸ ਦਾ ਦੁੱਖ ਨਹੀਂ, ਇਸ ਲਈ ਤੁਸੀਂ ਚੋਣ ਮੁਹਿੰਮਾਂ ਵਿੱਚ ਰੁੱਝੇ ਹੋ, ਤੁਹਾਡੇ ਸੰਤਾਂ ਲਈ ਕੁੰਭ ਵਾਲਾ ਇਸ਼ਨਾਨ ਕਰਨ ਮੌਕੇ ਭੀੜਾਂ ਸੱਦਣੀਆਂ ਜ਼ਰੂਰੀ ਹਨ ਅਤੇ ਮੁਲਕ ਮਰਦਾ ਦਿੱਸ ਨਹੀਂ ਸਕਿਆ। ਪਰਕਲਾ ਪ੍ਰਭਾਕਰ ਨੇ ਕਿਹਾ ਕਿ ਤੁਹਾਡੀ ਇੱਕ ਨੀਤੀ ਬਣ ਗਈ ਹੈ ਕਿ ਦੇਸ਼ ਦੇ ਲੋਕਾਂ ਨੂੰ ਰੋਣ ਦਿਓ, ਰੋਣ ਪਿੱਛੋਂ ਚੁੱਪ ਕਰ ਜਾਣਗੇ। ਪਹਿਲਾਂ ਤੁਸੀਂ ਨੋਟਬੰਦੀ ਕੀਤੀ ਤਾਂ ਲੋਕ ਰੋ ਕੇ ਚੁੱਪ ਕਰ ਗਏ ਸਨ, ਇਸ ਵਾਰੀ ਵੀ ਤੁਸੀਂ ਇਹੋ ਸੋਚ ਰਹੇ ਹੋ, ਪਰ ਇਸ ਵਾਰੀ ਲੋਕਾਂ ਦੀ ਜੇਬ ਨਹੀਂ ਕੱਟੀ ਗਈ, ਜਿ਼ੰਦਗੀ ਦੀ ਤੰਦ ਕੱਟੀ ਜਾ ਰਹੀ ਹੈ ਤਾਂ ਉਹ ਛੇਤੀ ਕੀਤੇ ਚੁੱਪ ਨਹੀਂ ਹੋਣਗੇ।
ਸਾਨੂੰ ਸੱਤ ਕੁ ਸਾਲ ਪਹਿਲਾਂ ਦੀ ਇੱਕ ਗੱਲ ਅਜੇ ਚੇਤਾ ਹੈ। ਓਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਵਾਸਤੇ ਦਿੱਲੀ ਦੀ ਉਡਾਰੀ ਲਾਉਣ ਲੱਗਾ ਤਾਂ ਉਸ ਨੇ ਆਪਣੀ ਥਾਂ ਸਭ ਤੋਂ ਸੀਨੀਅਰ ਮੰਤਰੀ ਆਨੰਦੀ ਬੇਨ ਪਟੇਲ ਨੂੰ ਗੁਜਰਾਤ ਦੀ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ। ਅਚਾਨਕ ਲੋਕਾਂ ਨੂੰ ਆਨੰਦੀ ਬੇਨ ਪਟੇਲ ਦੇ ਪਤੀ ਮਫਤ ਲਾਲ ਪਟੇਲ ਦਾ ਐਲਾਨ ਪੜ੍ਹਨ ਨੂੰ ਮਿਲਿਆ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ, ਕਿਉਂਕਿ ਉਸ ਦੀ ਨਜ਼ਰ ਵਿੱਚ ਭ੍ਰਿਸ਼ਟਾਚਾਰ ਦਾ ਭੜੋਲਾ ਬਣੀ ਕਾਂਗਰਸ ਤੇ ਫਿਰਕਾਪ੍ਰਸਤ ਹਜੂਮ ਵਾਲੀ ਭਾਜਪਾ ਵਿੱਚ ਜਾਣ ਦੀ ਥਾਂ ਇਹ ਪਾਰਟੀ ਦੋਵਾਂ ਨਾਲੋਂ ਕੁਝ ਹੱਦ ਤੱਕ ਵੱਧ ਠੀਕ ਲੱਗੀ ਹੈ। ਭਾਜਪਾ ਵਿੱਚ ਭਾਜੜ ਪੈ ਗਈ। ਪ੍ਰਧਾਨ ਮੰਤਰੀ ਲਈ ਉਡਾਰੀ ਲਾਉਣ ਨੂੰ ਤਿਆਰ ਨਰਿੰਦਰ ਮੋਦੀ ਨੂੰ ਲੱਗਾ ਕਿ ਘਰ ਵਿੱਚੋਂ ਉੱਠੀ ਇਹ ਵਿਰੋਧ ਦੀ ਸੁਰ ਜੜ੍ਹੀਂ ਨਾ ਬੈਠ ਜਾਵੇ, ਇਸ ਲਈ ਹਰ ਪਾਸੇ ਤੋਂ ਮਫਤ ਲਾਲ ਪਟੇਲ ਉੱਤੇ ਭਾਜਪਾ ਵਿੱਚ ਵਾਪਸੀ ਦਾ ਦਬਾਅ ਪਾਇਆ ਗਿਆ। ਬਹੁਤ ਮੁਸ਼ਕਲ ਵਾਪਸ ਮੁੜਨਾ ਮੰਨ ਕੇ ਵੀ ਉੁਸ ਨੇ ਪ੍ਰੈੱਸ ਦੇ ਸਾਹਮਣੇ ਇਹ ਗੱਲ ਕਹਿ ਦਿੱਤੀ ਕਿ ਉਂਜ ਤਾਂ ਭਾਜਪਾ ਤੋਂ ਆਮ ਆਦਮੀ ਪਾਰਟੀ ਚੰਗੀ ਹੈ, ਪਰ ਮੇਰੇ ਪਰਵਾਰ ਦੀ ਰਾਏ ਹੈ ਕਿ ਇਸ ਨਾਲ ਪਰਵਾਰ ਲਈ ਮੁਸ਼ਕਲਾਂ ਆਉਣਗੀਆਂ ਤੇ ਬੱਚਿਆਂ ਦਾ ਭਵਿੱਖ ਵੀ ਖਰਾਬ ਹੋ ਸਕਦਾ ਹੈ, ਇਸ ਲਈ ਮੈਂ ਫਿਰ ਭਾਜਪਾ ਨਾਲ ਹੀ ਰਹਿਣ ਦਾ ਫੈਸਲਾ ਕੀਤਾ ਹੈ। ਉਸ ਦੇ ਪਹਿਲੇ ਜਾਂ ਦੂਸਰੇ ਮੋੜਾ ਕੱਟਦੇ ਬਿਆਨ ਦਾ ਭਾਜਪਾ ਦੇ ਕਿਸੇ ਵੀ ਆਗੂ ਨੇ ਅੱਜ ਤੱਕ ਕਦੇ ਕੋਈ ਖੰਡਨ ਨਹੀਂ ਕੀਤਾ।
ਅੱਜ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਭਰ ਦਾ ਮੀਡੀਆ ਭੰਡੀ ਕਰਦਾ ਜਾਪਦਾ ਹੈ ਤਾਂ ਭਾਜਪਾ ਦੀ ਸਾਰੀ ਮੀਡੀਆ ਟੀਮ ਇਸ ਦੇ ਟਾਕਰੇ ਵਾਸਤੇ ਸਿਰ-ਪਰਨੇ ਹੋ ਗਈ ਹੈ। ਉਰਦੂ ਦਾ ਸ਼ੇਅਰ ਹੈ: ‘ਸਾਰੀ ਉਮਰ ਏਕ ਹੀ ਗਲਤੀ ਦੁਹਰਾਤੇ ਰਹੇ। ਧੂਲ ਚਿਹਰੇ ਪੇ ਥੀ, ਪੋਂਛਾ ਆਈਨੇ ਪਰ ਲਗਾਤੇ ਰਹੇ।’ ਭਾਜਪਾ ਦੀ ਇਹ ਪੋਚਾ ਮਾਰਨ ਦੇ ਕੰਮ ਲੱਗੀ ਹੋਈ ਅਤੇ ਅਸਲ ਵਿੱਚ ਲਾਈ ਹੋਈ ਟੀਮ ਵੀ ਦੁਨੀਆ ਭਰ ਦੇ ਮੀਡੀਏ ਦੇ ਕਹੇ ਸ਼ਬਦਾਂ ਉੱਤੇ ਪੋਚਾ ਫੇਰ ਕੇ ਖੁਸ਼ ਹੋਣ ਦੀ ਕੋਸਿ਼ਸ਼ ਕਰਦੀ ਹੈ, ਪਰ ਘਰ ਵਿੱਚੋਂ ਲਿਖੇ ਗਏ ਖਜ਼ਾਨਾ ਮੰਤਰੀ ਬੀਬੀ ਨਿਰਮਲਾ ਸੀਤਾਰਮਨ ਦੇ ਪਤੀ ਪਰਕਲਾ ਪ੍ਰਭਾਕਰ ਦੇ ਲੇਖ ਦਾ ਕੋਈ ਖੰਡਨ ਕਰਨ ਦੀ ਹਿੰਮਤ ਅਜੇ ਨਹੀਂ ਕਰ ਸਕੀ। ਉਸ ਨੇ ਏਡਾ ਕੌੜਾ ਸੱਚ ਪੇਸ਼ ਕੀਤਾ ਹੈ ਕਿ ਉਸ ਦਾ ਮੰਡਨ, ਅਰਥਾਤ ਉਸ ਨੂੰ ਮੰਨਣਾ ਭਾਜਪਾ ਲੀਡਰਸਿ਼ਪ ਲਈ ਔਖਾ ਹੈ, ਪਰ ਖੰਡਨ ਕਰਨਾ ਉਸ ਤੋਂ ਵੀ ਵੱਧ ਔਖਾ ਹੈ। ਜੇ ਉਸ ਦੇ ਲੇਖ ਦਾ ਖੰਡਨ ਕਰਨ ਦਾ ਯਤਨ ਕੀਤਾ ਗਿਆ ਤਾਂ ਉਹ ਜਿਸ ਕਿਸਮ ਦਾ ਵਿਦਵਾਨ ਆਦਮੀ ਹੈ, ਭੜਕ ਕੇ ਅਗਲੇ ਲੇਖ ਵਿੱਚ ਅੰਕੜਿਆਂ ਅਤੇ ਤੱਥਾਂ ਦਾ ਇਹੋ ਜਿਹਾ ਖਿਲਾਰਾ ਪਾ ਸਕਦਾ ਹੈ ਕਿ ਭਾਜਪਾ ਲੀਡਰਾਂ ਲਈ ਉਸ ਨਵੇਂ ਕੂੜੇ ਦੀ ਬਦਬੋ ਦੇ ਸਾਹਮਣੇ ਆਪਣੇ ਨੱਕ ਬੰਦ ਕਰਨੇ ਪੈ ਜਾਣਗੇ।
ਭਾਰਤ, ਤੂੰ ਏਹੋ ਜਿਹੀ ਲੀਡਰਸਿ਼ਪ ਦੀ ਜਕੜ ਵਿੱਚ ਬੁਰੀ ਤਰ੍ਹਾਂ ਫਸ ਚੁੱਕਾ ਹੈਂ, ਜਿਹੜਾ ਚੀਕਾਂ ਵੀ ਕਢਾਉਂਦੀ ਹੈ, ਮਰ ਗਿਆਂ ਨੂੰ ਰੋਣ ਵੀ ਨਹੀਂ ਦੇਣਾ ਚਾਹੁੰਦੀ ਤੇ ਸੱਚਾਈ ਦੇ ਦਰਸ਼ਨ ਕਰਨ ਦੀ ਥਾਂ ਸ਼ੀਸ਼ਾ ਸਾਫ ਕਰਨ ਵਿੱਚ ਸਫਲ ਨਾ ਹੋਵੇ ਤਾਂ ਸ਼ੀਸ਼ਾ ਭੰਨਣ ਨੂੰ ਤਿਆਰ ਹੋ ਸਕਦੀ ਹੈ। ਏਸੇ ਲਈ ਸਰਕਾਰ-ਦਰਬਾਰ ਤੋਂ ਆਵਾਜ਼ਾਂ ਉੱਠ ਰਹੀਆਂ ਹਨ ਕਿ ਜਿਹੜਾ ਕੋਈ ਸਰਕਾਰ ਜਾਂ ਸਿਸਟਮ ਦੀ ਭੰਡੀ ਕਰੇਗਾ, ਉਸ ਦੇ ਖਿਲਾਫ ਕਾਰਵਾਈ ਹੋ ਸਕਦੀ ਹੈ। ਇਹ ਆਵਾਜ਼ਾਂ ਅਜੇ ਹੇਠਲੇ ਲੀਡਰਾਂ ਵੱਲੋਂ ਕੱਢੀਆਂ ਗਈਆਂ ਹਨ, ਤਾਂ ਕਿ ਪਰਖਿਆ ਜਾਵੇ ਕਿ ਲੋਕ ਬਰਦਾਸ਼ਤ ਕਰਨ ਨੂੰ ਤਿਆਰ ਹੋ ਸਕਦੇ ਹਨ ਕਿ ਨਹੀਂ, ਜੇ ਲੋਕ ਇਹ ਵਾਰ ਝੱਲ ਗਏ ਤਾਂ ਅਗਲੀ ਸੱਟ ਪੈ ਸਕਦੀ ਹੈ। ਭਾਰਤ ਦੇ ਲੋਕਾਂ ਨੇ ਬਹੁਤ ਸਾਰੇ ਹੱਲ ਝੱਲੇ ਹੋਏ ਹਨ, ਜਿਸਮਾਨੀ ਵੀ ਅਤੇ ਰੂਹਾਨੀ ਵੀ, ਪਰ ਉਹ ਕਦੇ ਚੁੱਪ ਨਹੀਂ ਕਰਵਾਏ ਜਾ ਸਕੇ। ਇਸ ਨਵੇਂ ਹੱਲੇ ਅੱਗੇ ਵੀ ਲੋਕ ਝੁਕਣ ਨਹੀਂ ਲੱਗੇ, ਪਰ ਇਸ ਵਕਤ ਵੱਡਾ ਸਵਾਲ ਉਸ ਹੱਲੇ ਦੇ ਹੋਣ ਅਤੇ ਕਿਸ ਵੇਲੇ ਹੋਣ ਦਾ ਨਹੀਂ, ਸਗੋਂ ਇਸ ਨਾਲੋਂ ਵੱਡਾ ਸਵਾਲ ਇਹ ਹੈ ਕਿ ਅਪਰੈਲ ਵਿੱਚ ਜਿਸ ਭਾਰਤ ਨੇ ਪੰਜਾਹ ਹਜ਼ਾਰ ਦੇ ਨੇੜੇ ਮੌਤਾਂ ਦਾ ਸਦਮਾ ਅਪਰੈਲ ਵਿੱਚ ਝੱਲਿਆ ਹੈ, ਉਸ ਨੂੰ ਮਈ ਵਿੱਚ ਕਿੰਨੀ ਮਾਰ ਝੱਲਣੀ ਪਵੇਗੀ! ਏਦਾਂ ਦੇ ਹਾਲਤ ਮੂਹਰੇ ਸਭ ਤੋਂ ਵੱਡੀ ਆਸ ਤਾਂ ਮੌਕੇ ਦੀ ਸਰਕਾਰ ਤੋਂ ਹੁੰਦੀ ਹੈ, ਪਰ ਜਿਸ ਸਰਕਾਰ ਦੇ ਆਪਣੇ ਮੰਤਰੀਆਂ ਦੇ ਘਰਾਂ ਵਿੱਚੋਂ ਇਹ ਕਿਹਾ ਜਾਣ ਲੱਗਾ ਹੈ ਕਿ ਸਰਕਾਰ ਬੇਦਰਦ ਹੈ, ਉਸ ਦੇਸ਼ ਵਿੱਚ ਲੋਕਾਂ ਨੂੰ ਆਪਣੀ ਮਦਦ ਆਪ ਕਰਨੀ ਪੈਣੀ ਹੈ। ਭਾਰਤ, ਤੂੰ ਏਨਾ ਕਰੀਂ ਕਿ ਆਪਣੇ ਲੋਕਾਂ ਨੂੰ ਦੱਸ ਦੇਵੀਂ ਕਿ ਬਾਬੇ ਕਹਿੰਦੇ ਹੁੰਦੇ ਸਨ, ਹਨੇਰੀਆਂ ਨਾਲ ਬੁੱਢੇ ਬੋਹੜ ਉੱਖੜ ਜਾਂਦੇ ਹਨ, ਸੰਘਣੇ ਰੁੱਖਾਂ ਦੀ ਝਿੜੀ ਕਦੇ ਨਹੀਂ ਪੁੱਟੀ ਗਈ। ਸੰਕਟ ਦੇ ਸਮੇਂ ਵਿਚ ਲੋਕ ਤਦੇ ਹੀ ਟਿਕੇ ਰਹਿ ਸਕਦੇ ਹਨ, ਜੇ ਝਿੜੀ ਦੇ ਵਾਂਗ ਉਹ ਆਪਸੀ ਕੜੰਘੜੀਆਂ ਮਜ਼ਬੂਤ ਕਰ ਲੈਣ, ਦੁਨੀਆਂ ਭਰ ਵਿੱਚ ਖਿੱਲਰੀ ਮਨੁੱਖਤਾ ਦੇ ਨਾਲ ਆਪਣੇ ਸੰਬੰਧ ਏਨੇ ਸੁਖਾਵੇਂ ਰੱਖਣ ਕਿ ਇੱਕ ਦੂਸਰੇ ਦੀ ਬਾਂਹ ਫੜ ਸਕੀਏ। ਭਾਰਤ! ਤੂੰ ਬੱਸ ਏਨਾ ਕੁ ਕਸ਼ਟ ਕਰ ਦੇਵੀਂ !

Read More Latest Punjabi Article

Continue Reading

ਲੇਖ

ਨੀਰੋ ਦੇ ਬੰਸੁਰੀ ਵਜਾਉਣ ਦੀ ਕਹਾਣੀ ਦੁਹਰਾਈ ਜਾ ਰਹੀ ਹੈ ਭਾਰਤ ਦੇ ਲੋਕਤੰਤਰ ਸਾਹਮਣੇ-ਜਤਿੰਦਰ ਪਨੂੰ

Published

on

punjabi article

ਮਹਾਮਾਰੀਆਂ ਨਾਲ ਮਨੁੱਖ ਦਾ ਮੱਥਾ ਬਹੁਤ ਵਾਰੀ ਲੱਗਦਾ ਹੈ। ਓਦੋਂ ਵੀ ਲੱਗਦਾ ਰਿਹਾ, ਜਦੋਂ ਹਾਲੇ ਅੱਜ ਵਾਲਾ ਕੈਲੰਡਰ ਸ਼ੁਰੂ ਨਹੀਂ ਸੀ ਹੋਇਆ। ਕੁਦਰਤ ਦੀਆਂ ਸ਼ਕਤੀਆਂ ਨਾਲ ਲੋਹਾ ਲੈਂਦਾ ਰਿਹਾ ਤੇ ਨੁਕਸਾਨ ਭਾਵੇਂ ਕਿੰਨਾ ਵੀ ਹੋ ਜਾਂਦਾ ਸੀ, ਅੰਤ ਨੂੰ ਮਨੁੱਖ ਜਿੱਤਦਾ ਅਤੇ ਅੱਗੇ ਵਧਦਾ ਰਿਹਾ। ਕਈ ਵਾਰੀ ਇਸ ਭੇੜ ਲਈ ਸਾਂਝੇ ਯਤਨ ਹੁੰਦੇ ਸਨ ਤੇ ਕਈ ਵਾਰ ਖਿੱਲਰੇ-ਪੁੱਲਰੇ ਵੀ ਕਰਨੇ ਪੈਂਦੇ ਸਨ, ਪਰ ਘੱਟ ਜਾਂ ਵੱਧ ਨੁਕਸਾਨ ਉਠਾਉਣ ਮਗਰੋਂ ਧਰਤੀ ਉੱਤੇ ਮਨੁੱਖੀ ਜੀਵਨ ਦੀ ਹੋਂਦ ਕਾਇਮ ਰਹਿੰਦੀ ਰਹੀ ਸੀ। ਕੋਰੋਨਾ ਵਾਇਰਸ ਦੇ ਕਾਰਨ ਸਿਰ ਪਿਆ ਅਜੋਕਾ ਸੰਕਟ ਵੀ ਮਨੁੱਖਤਾ ਦਾ ਨਾਸ ਕਰਨ ਵਾਲਾ ਸਾਬਤ ਨਹੀਂ ਹੋਣਾ, ਮਨੁੱਖੀ ਹੋਂਦ ਕਾਇਮ ਰਹੇਗੀ ਤੇ ਉਸ ਦੇ ਬਾਅਦ ਸ਼ਾਇਦ ਅਗਲੇ ਸੰਕਟਾਂ ਬਾਰੇ ਇਨਸਾਨ ਅਗੇਤਾ ਸੋਚਣਾ ਸ਼ੁਰੂ ਕਰੇਗਾ, ਪਰ ਇਹ ਗੱਲ ਯਾਦ ਰੱਖੇਗਾ ਕਿ ਸੰਸਾਰ ਪੱਧਰ ਦਾ ਇਸ ਤਰ੍ਹਾਂ ਦਾ ਸੰਕਟ ਵੀ ਆ ਸਕਦਾ ਹੈ, ਜਿਹੜਾ ਜਿ਼ੰਦਗੀ ਨੂੰ ਬਰੇਕਾਂ ਲਾ ਦੇਵੇ। ਅਸਮਾਨਾਂ ਵਿੱਚ ਉੱਡਦਾ ਤੇ ਖੰਭਾਂ ਦੇ ਬਿਨਾਂ ਪੁਲਾੜ ਵਿੱਚ ਤਰਨ ਵਾਂਗ ਉਡਾਰੀਆਂ ਲਾਉਂਦਾ ਮਨੁੱਖ ਅਜੋਕੇ ਸੰਕਟ ਨੇ ਏਨਾ ਬੇਵੱਸ ਕਰ ਛੱਡਿਆ ਕਿ ਉਸ ਨੂੰ ਇੱਕੋ ਵਕਤ ਸਾਰੇ ਸੰਸਾਰ ਵਿੱਚ ਰੇਲਾਂ ਅਤੇ ਬੱਸਾਂ ਕੀ, ਉੱਡਦੇ ਜਹਾਜ਼ ਵੀ ਰੋਕਣੇ ਪੈ ਗਏ ਸਨ। ਸਮੁੰਦਰਾਂ ਵਿੱਚ ਚੱਲਦੇ ਜਹਾਜ਼ਾਂ ਨੂੰ ਕੰਢਿਆਂ ਉੱਤੇ ਲੱਗਣ ਤੋਂ ਰੋਕਣਾ ਪੈ ਗਿਆ ਤੇ ਹਰ ਚੀਜ਼ ਬੇਜਾਨ ਜਾਪਣ ਲੱਗ ਪਈ ਸੀ। ਮਨੁੱਖ ਨੇ ਜੇ ਅਕਲ ਸਿੱਖਣੀ ਹੋਈ ਤਾਂ ਇਸ ਤਰ੍ਹਾਂ ਦੇ ਸੰਕਟ ਤੋਂ ਨਿਕਲੇ ਸਬਕ ਉਸ ਦੇ ਭਵਿੱਖ ਲਈ ਮਾਰਗ-ਦਰਸ਼ਕ ਬਣ ਸਕਦੇ ਹਨ।
ਕੱਲ੍ਹ ਦੀ ਕੱਲ੍ਹ ਆਏ ਤੋਂ ਵੇਖੀ ਜਾਊ, ਅੱਜ ਜਿਸ ਜਿੱਲ੍ਹਣ ਵਿੱਚ ਮਨੁੱਖਤਾ ਫਸ ਗਈ ਹੈ, ਉਸ ਦੀ ਕਹਾਣੀ ਸਾਰਾ ਸੰਸਾਰ ਜਾਣਦਾ ਹੈ, ਪਰ ਇਹ ਗੱਲ ਲੁਕ ਜਾਂਦੀ ਹੈ ਕਿ ਹਰ ਦੇਸ਼ ਦਾ ਇੱਕੋ ਜਿਹਾ ਹਾਲ ਨਹੀਂ। ਇਸ ਦਾ ਕਾਰਨ ਇਹ ਹੈ ਕਿ ਹਰ ਦੇਸ਼ ਦੀ ਵਾਗ ਸੰਭਾਲਣ ਵਾਲੇ ਆਗੂ ਇੱਕੋ ਜਿਹੇ ਨਹੀਂ। ਕੁਝ ਦੇਸ਼ਾਂ ਨੇ ਓਦੋਂ ਵੱਡੇ ਝਟਕੇ ਝੱਲੇ ਸਨ, ਜਦੋਂ ਇਸ ਬਿਮਾਰੀ ਦੀ ਸ਼ੁਰੂਆਤ ਵਿੱਚ ਅਜੇ ਸਿੱਝਣ ਦੀ ਸੂਝ ਨਹੀਂ ਸੀ, ਅਤੇ ਜਦੋਂ ਸੂਝ ਆਈ ਤਾਂ ਉਨ੍ਹਾਂ ਦੇਸ਼ਾਂ ਨੇ ਉਸ ਦੇ ਨਾਲ ਲੜਨ ਦਾ ਯੋਗ ਪ੍ਰਬੰਧ ਕਰ ਲਿਆ ਸੀ। ਭਾਰਤ ਦੇਸ਼ ਉਨ੍ਹਾਂ ਵਿੱਚੋਂ ਨਹੀਂ ਨਿਕਲਿਆ। ਇਸ ਦੀ ਕਮਾਂਡ ਜਿਨ੍ਹਾਂ ਹੱਥਾਂ ਵਿੱਚ ਫੜੀ ਸੀ, ਅਤੇ ਅਜੇ ਵੀ ਹੈ, ਉਹ ਚੰਦਰ ਗੁਪਤ ਮੌਰੀਆ ਵਰਗੇ ਵੱਡੇ ਹਿੰਦੁਸਤਾਨ ਉੱਤੇ ਰਾਜ ਕਰਨ ਦਾ ਏਦਾਂ ਦਾ ਸੁਫਨਾ ਅੱਖਾਂ ਵਿੱਚ ਵਸਾਈ ਫਿਰਦੇ ਹਨ ਕਿ ਹੋਰ ਕੁਝ ਸੁੱਝਦਾ ਹੀ ਨਹੀਂ। ਅੱਜ ਜਿਹੜੇ ਹਾਲਾਤ ਵਿੱਚ ਭਾਰਤ ਦੇਸ਼ ਫਸ ਗਿਆ ਹੈ, ਲੋਕ ਮਰਦੇ ਹਨ ਤੇ ਕੋਈ ਸੁਣਨ ਵਾਲਾ ਨਹੀਂ ਲੱਭਦਾ, ਉਸ ਦਾ ਅਸਲ ਕਾਰਨ ਇਹੋ ਹੈ।
ਜਦੋਂ ਕੋਰੋਨਾ ਦੀ ਬਿਮਾਰੀ ਸਿਰ ਚੁੱਕਦੀ ਪਈ ਸੀ ਤੇ ਅਮਰੀਕਾ ਅਤੇ ਭਾਰਤ ਦੋਵਾਂ ਵਿੱਚ ਪਹੁੰਚ ਚੁੱਕੀ ਸੀ, ਉਸ ਵਕਤ ਭਾਰਤ ਦੇ ਪ੍ਰਧਾਨ ਮੰਤਰੀ ਨੇ ਸੰਸਾਰ ਮਹਾ-ਸ਼ਕਤੀ ਦੇ ਭਰਮ ਵਾਲੇ ਦੇਸ਼ ਦੇ ਮੁਖੀ ਡੋਨਾਲਡ ਟਰੰਪ ਨੂੰ ਲਿਆ ਕੇ ਇੱਕ ਲੱਖ ਤੋਂ ਵੱਧ ਲੋਕਾਂ ਦੀ ਭੀੜ ਜੋੜਨ ਦਾ ਤਮਾਸ਼ਾ ਰਚ ਲਿਆ ਸੀ। ਟਰੰਪ ਦੇ ਮੁੜਨ ਤੱਕ ਅਮਰੀਕਾ ਵੱਲ ਵੀ ਮੌਤਾਂ ਦੀ ਲੜੀ ਸ਼ੁਰੂ ਹੋ ਗਈ ਤੇ ਏਧਰ ਭਾਰਤ ਵਿੱਚ ਵੀ ਕੇਸ ਗਿਣੇ ਜਾਣ ਲੱਗ ਪਏ ਸਨ, ਪਰ ਭਾਰਤ ਦੇ ਪ੍ਰਧਾਨ ਮੰਤਰੀ ਨੇ ਮਰਜ਼ ਨਾਲ ਮੱਥਾ ਲਾਉਣ ਦੀ ਥਾਂ ਪਾਰਲੀਮੈਂਟ ਸੈਸ਼ਨ ਜਾਣ-ਬੁੱਝ ਕੇ ਇਸ ਲਈ ਚੱਲਦਾ ਰੱਖਿਆ ਕਿ ਮੱਧ ਪ੍ਰਦੇਸ਼ ਵਿੱਚ ਵਿਰੋਧੀ ਪਾਰਟੀ ਦੀ ਸਰਕਾਰ ਤੋੜ ਕੇ ਆਪਣੀ ਬਣਾਉਣੀ ਵੱਧ ਜ਼ਰੂਰੀ ਲੱਗਦੀ ਸੀ। ਓਧਰ ਦਾ ਕੰਮ ਮੁੱਕਦੇ ਸਾਰ ਇਸ ਦੇਸ਼ ਵਿੱਚ ਲਾਕਡਾਊਨ ਕਰਨ ਦਾ ਉਹ ਕੰਮ ਕਰ ਦਿੱਤਾ, ਜਿਸ ਦੀ ਤਿਆਰੀ ਨਹੀਂ ਸੀ ਤੇ ਨਤੀਜੇ ਵਜੋਂ ਨਾ ਬਿਮਾਰੀ ਨੂੰ ਰੋਕ ਪਾਈ ਜਾ ਸਕੀ, ਨਾ ਘਰਾਂ ਵਿੱਚ ਤੜੇ ਹੋਏ ਲੋਕਾਂ ਨੂੰ ਰਾਹਤ ਪੁਚਾਈ ਗਈ। ਕੋਰੋਨਾ ਦੇ ਮੁੱਢਲੇ ਹੱਲੇ ਮਗਰੋਂ ਜਦੋਂ ਨਵੰਬਰ ਵਿੱਚ ਕੁਝ ਮੋੜ ਪੈਣ ਲੱਗਾ, ਉਸ ਸਮੇਂ ਨੂੰ ਅਗਲੇ ਹੱਲੇ ਦੇ ਟਾਕਰੇ ਲਈ ਵਰਤਿਆ ਜਾ ਸਕਦਾ ਸੀ, ਪਰ ਇਸ ਦੀ ਥਾਂ ਪ੍ਰਧਾਨ ਮੰਤਰੀ ਨੇ ਪੰਜ ਹੋਰ ਰਾਜਾਂ ਵਿੱਚ ਆਪਣੀ ਧਾਂਕ ਜਮਾਉਣ ਦਾ ਰਸਤਾ ਫੜ ਲਿਆ ਤੇ ਉਹਦੀ ਇਹ ਚਾਲ ਵੀ ਭਾਰਤ ਦੇ ਲੋਕਾਂ ਨੂੰ ਭੁਗਤਣੀ ਪਈ। ਇਨ੍ਹਾਂ ਪੰਜਾਂ ਰਾਜਾਂ ਵਿੱਚ ਚੋਣ ਰੈਲੀਆਂ ਹੋਣ ਦੌਰਾਨ ਹੀ ਕੋਰੋਨਾ ਦੀ ਪਹਿਲਾਂ ਤੋਂ ਵੱਡੀ ਛੱਲ ਉੱਠ ਪਈ, ਪਰ ਵਿਗੜਦੇ ਹਾਲਾਤ ਵਿੱਚ ਰੈਲੀਆਂ ਰੋਕਣ ਦੀ ਥਾਂ ਬੰਗਾਲ ਦਾ ਕੰਡਾ ਕੱਢਣ ਲਈ ਸਾਰਾ ਜ਼ੋਰ ਲਾਈ ਰੱਖਿਆ। ਇਸ ਵੱਲੋਂ ਉਹ ਓਦੋਂ ਹੀ ਰੁਕਿਆ, ਜਦੋਂ ਕੋਰੋਨਾ ਵਾਲੇ ਕੇਸਾਂ ਦੀ ਗਿਣਤੀ ਪਹਿਲੀ ਵਾਰ ਰੋਜ਼ਾਨਾ ਇੱਕ ਲੱਖ ਟੱਪਣ ਪਿੱਛੋਂ ਰੋਜ਼ਾਨਾ ਦੋ ਲੱਖ ਤੋਂ ਟੱਪ ਕੇ ਰੋਜ਼ਾਨਾ ਤਿੰਨ ਲੱਖ ਨੂੰ ਜਾ ਪੁੱਜੀ ਤੇ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਾ ਬੈੱਡ ਲੱਭਦੇ ਸਨ ਤੇ ਨਾ ਮਰਨਾਊ ਪਏ ਮਰੀਜ਼ਾਂ ਨੂੰ ਬਚਾਉਣ ਦੇ ਲਈ ਆਕਸੀਜਨ ਮਿਲਦੀ ਸੀ। ਸਿਵਿਆਂ ਵਿੱਚ ਲਾਸ਼ਾਂ ਫੂਕਣ ਲਈ ਦੋ-ਦੋ ਦਿਨ ਉਡੀਕ ਕਰਨੀ ਪੈਂਦੀ ਸੀ ਅਤੇ ਕਬਰਾਂ ਵਿੱਚ ਥਾਂ ਨਾ ਹੋਣ ਕਾਰਨ ਸੜਕਾਂ ਕਿਨਾਰੇ ਮੁਰਦੇ ਦੱਬੇ ਜਾਣ ਲੱਗ ਪਏ ਸਨ। ਫਿਰ ਉਸ ਨੇ ਦਿੱਲੀ ਆ ਕੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਲਿਆ, ਪਰ ਇਸ ਦਾ ਫਾਇਦਾ ਕੀ? ਉਰਦੂ ਦਾ ਸ਼ੇਅਰ ਹੈ, ‘ਸਬ ਕੁਛ ਲੁਟਾ ਕੇ ਹੋਸ਼ ਮੇਂ ਆਏ ਤੋ ਕਿਆ ਆਏ!’
ਭਾਰਤ ਦਾ ਪ੍ਰਧਾਨ ਮੰਤਰੀ ਇਸ ਮਰਜ਼ ਦੇ ਟਾਕਰੇ ਲਈ ਮੁੱਢਲੇ ਭਾਸ਼ਣਾਂ ਵਿੱਚ ਪਿਛਲੇ ਸਾਲ ਇਹ ਕਹਿੰਦਾ ਸੀ ਕਿ ਮਹਾਭਾਰਤ ਦੀ ਜੰਗ ਅਠਾਰਾਂ ਦਿਨਾਂ ਵਿੱਚ ਜਿੱਤ ਲਈ ਸੀ, ਕੋਰੋਨਾ ਵਿਰੁੱਧ ਤਿੰਨਾਂ ਹਫਤਿਆਂ ਵਿੱਚ ਜਿੱਤਾਂਗੇ। ਤਿੰਨ ਹਫਤੇ ਤਾਂ ਕੀ, ਉਸ ਮਗਰੋਂ ਸਤਵੰਜਾ ਹਫਤੇ ਲੰਘ ਗਏ, ਤਿੰਨਾਂ ਨਾਲੋਂ ਉੱਨੀ ਗੁਣਾਂ ਬਣਦੇ ਹਨ, ਪਰ ਜੰਗ ਜਿੱਤ ਲੈਣੀ ਕਹਿਣ ਤੇ ਲੋਕਾਂ ਨੂੰ ਫੋਕੇ ਦਿਲਾਸੇ ਦੇਣ ਵਾਲਾ ਪ੍ਰਧਾਨ ਮੰਤਰੀ ਅੱਜ ਉਨ੍ਹਾਂ ਭਾਸ਼ਣਾਂ ਦਾ ਚੇਤਾ ਵੀ ਨਹੀਂ ਕਰਦਾ। ਉਸ ਦੇ ਚਹੇਤਿਆਂ ਨਾਲ ਭਰੇ ਹੋਏ ਨੀਤੀ ਆਯੋਗ ਦਾ ਜਿਹੜਾ ਮੈਂਬਰ ਕੋਰੋਨਾ ਟਾਸਕ ਫੋਰਸ ਦਾ ਮੁਖੀ ਬਣਾਇਆ ਸੀ, ਪਿਛਲੇ ਸਾਲ ਬਾਈ ਅਪਰੈਲ ਨੂੰ ਉਹਨੇ ਕਿਹਾ ਸੀ ਕਿ ਸੋਲਾਂ ਮਈ ਤੋਂ ਬਾਅਦ ਭਾਰਤ ਵਿੱਚ ਕੋਰੋਨਾ ਦਾ ਇੱਕ ਵੀ ਕੇਸ ਨਹੀਂ ਉੱਠੇਗਾ, ਪਰ ਅੱਜ ਜਦੋਂ ਰੋਜ਼ ਸਾਢੇ ਤਿੰਨ ਲੱਖ ਕੇਸ ਮਿਲ ਰਹੇ ਹਨ ਤਾਂ ਉਹ ਵੀ ਆਪਣੇ ਲਫਜ਼ ਯਾਦ ਨਹੀਂ ਕਰਦਾ। ਜਿੱਦਾਂ ਦਾ ਆਗੂ ਹੈ, ਓਦਾਂ ਦੇ ਚੇਲੇ-ਬਾਲਕੇ ਜੋੜ ਕੇ ਇੱਕ ਏਦਾਂ ਦੀ ਟੀਮ ਬਣਾਈ ਹੈ, ਜਿਹੜੀ ਠੀਕ ਹੋਵੇ ਜਾਂ ਗਲਤ, ਆਗੂ ਦੀ ਜੈ-ਜੈਕਾਰ ਕਰਨ ਲੱਗੀ ਰਹਿੰਦੀ ਹੈ, ਆਪਣੇ ਫਰਜ਼ ਦਾ ਚੇਤਾ ਨਹੀਂ ਕਰਦੀ। ਬਾਬੇ ਕਹਿੰਦੇ ਹੁੰਦੇ ਸਨ, ‘ਅੱਗ ਲੱਗੀ ਤੋਂ ਖੂਹ ਨਹੀਂ ਪੁੱਟੇ ਜਾਂਦੇ’, ਪਰ ਸਾਡਾ ਪ੍ਰਧਾਨ ਮੰਤਰੀ ਓਦੋਂ ਆਕਸੀਜਨ ਬਣਾਉਣ ਦੇ ਕਾਰਖਾਨੇ ਲਾਉਣ ਦੀਆਂ ਗੱਲ ਕਹਿ ਰਿਹਾ ਹੈ, ਜਦੋਂ ਲਗਭਗ ਹਰ ਰਾਜ ਦੇ ਹਸਪਤਾਲਾਂ ਵਿੱਚੋਂ ਆਕਸੀਜਨ ਸਪਲਾਈ ਨਾ ਹੋਣ ਕਾਰਨ ਮਰੀਜ਼ਾਂ ਦੇ ਮਰਨ ਦੀਆਂ ਖਬਰਾਂ ਆਈ ਜਾਂਦੀਆਂ ਹਨ। ਇਨ੍ਹਾਂ ਖਬਰਾਂ ਵਿੱਚ ਪ੍ਰਧਾਨ ਮੰਤਰੀ ਦੀ ਉਠਾਣ ਦਾ ਪੜੁੱਲ ਬਣੇ ਗੁਜਰਾਤ ਦੀਆਂ ਵੀ ਖਬਰਾਂ ਹਨ ਕਿ ਓਥੇ ਹਾਹਾਕਾਰ ਮੱਚੀ ਪਈ ਹੈ ਤੇ ਲੋਕ ਆਕਸੀਜਨ ਦੇ ਸਿਲੰਡਰਾਂ ਵਾਸਤੇ ਹੱਥੋ-ਪਾਈ ਹੁੰਦੇ ਸੁਣੇ ਜਾਣ ਲੱਗੇ ਹਨ। ਲੜਨਾ ਕੋਰੋਨਾ ਦੇ ਖਿਲਾਫ ਸੀ ਤੇ ਲੜਾਈ ਲੋਕਾਂ ਦੀ ਆਪੋ ਵਿੱਚ ਕਰਾਈ ਜਾ ਰਹੀ ਹੈ। ਜਿ਼ੰਦਗੀ ਦਾ ਮੋਹ ਹਰ ਮਨੁੱਖ ਨੂੰ ਹੁੰਦਾ ਹੈ, ਪਰ ਸਾਰਿਆਂ ਕੋਲ ਮੇਦਾਂਤਾ, ਮੈਕਸ ਤੇ ਹੋਰ ਮਹਿੰਗੇ ਇਲਾਜ ਵਾਲੇ ਫਾਈਵ ਸਟਾਰ ਹਸਪਤਾਲਾਂ ਵਿੱਚ ਜਾਣ ਦੀ ਹਿੰਮਤ ਨਹੀਂ ਹੁੰਦੀ। ਵੋਟ ਭਾਵੇਂ ਝੁੱਗੀ ਵਾਲੇ ਦੀ ਵੀ ਮਹਿਲ ਵਾਲੇ ਜਿੰਨੀ ਕੀਮਤੀ ਸਮਝੀ ਜਾਂਦੀ ਹੈ, ਪਰ ਜਾਨ ਝੁੱਗੀ ਵਾਲੇ ਦੀ ਸਸਤੀ ਸਮਝੀ ਜਾਂਦੀ ਹੈ ਤੇ ਮਹਿਲ ਵਾਲੇ ਦੀ ਮਹਿੰਗੀ। ਹਸਪਤਾਲਾਂ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਆਕਸੀਜਨ ਮਿਲੇ ਨਾ ਮਿਲੇ, ਸਟੀਲ ਮਿੱਲਾਂ ਏਸੇ ਗੈਸ ਨਾਲ ਚੱਲੀ ਜਾਂਦੀਆਂ ਹਨ ਤੇ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਇਹ ਹਦਾਇਤ ਕਰਨ ਲਈ ਮਜਬੂਰ ਹੈ ਕਿ ਮਿੱਲਾਂ ਦੀ ਗੈਸ ਸਪਲਾਈ ਰੋਕ ਕੇ ਹਸਪਤਾਲਾਂ ਲਈ ਪਹਿਲਾਂ ਜਾਰੀ ਕਰੋ। ਸਰਕਾਰਾਂ ਦੇ ਕੰਮ ਅਦਾਲਤਾਂ ਦੇ ਕੀਤਿਆਂ ਤਾਂ ਇਹ ਜੰਗ ਨਹੀਂ ਜਿੱਤੀ ਜਾ ਸਕਣੀ।
ਇਹ ਸਭ ਹੁੰਦਾ ਕਿਉਂ ਪਿਆ ਹੈ? ਸਮਝਣ ਲਈ ਉਹ ਕਿੱਸਾ ਚੇਤੇ ਕਰੀਏ ਕਿ ਜਦੋਂ ਰੋਮ ਸੜ ਰਿਹਾ ਸੀ, ਉਸ ਦਾ ਰਾਜਾ ਬੰਸੁਰੀ ਦੀਆਂ ਸੁਰਾਂ ਕੱਢ ਰਿਹਾ ਸੀ। ਭਾਰਤ ਇਸ ਹਾਲ ਨੂੰ ਇਸ ਲਈ ਪਹੁੰਚ ਗਿਆ ਕਿ ਕੋਰੋਨਾ ਦਾ ਟਾਕਰਾ ਕਰਨ ਲਈ ਰਾਜਧਾਨੀ ਵਿੱਚ ਬੈਠ ਕੇ ਪ੍ਰਬੰਧਾਂ ਦੀ ਅਗਵਾਈ ਕਰਨ ਦੀ ਥਾਂ ਲੋਕਾਂ ਵੱਲੋਂ ਚੁਣਿਆ ਰਾਜਾ ਪੰਜ ਰਾਜਾਂ ਵਿੱਚ ਲੋਕਾਂ ਨੂੰ ਚੋਣ-ਜੁਮਲੇ ਸੁਣਾਉਣ ਤੇ ਵੋਟਾਂ ਵਾਸਤੇ ਭਰਮਾਉਣ ਲੱਗਾ ਪਿਆ ਸੀ। ਸਾਨੂੰ ਅਜੇ ਵੀ ਯਕੀਨ ਹੈ ਕਿ ਮਨੁੱਖਤਾ ਇਸ ਮਰਜ਼ ਦੇ ਮਾਰਿਆਂ ਮਰਨ ਨਹੀਂ ਲੱਗੀ, ਦੁਨੀਆ ਵੱਸਦੀ ਹੀ ਰਹਿਣੀ ਹੈ, ਪਰ ਇੱਕ ਫਰਕ ਇਸ ਵਿੱਚ ਪੈ ਸਕਦਾ ਹੈ। ਉਹ ਇਹ ਕਿ ਜਿਹੜੇ ਤੁਰ ਗਏ, ਉਹ ਫਿਰ ਕਦੇ ਮੁੜ ਕੇ ਨਹੀਂ ਆਉਣੇ। ਰਾਜ ਵਿੱਚ ਕਿਸੇ ਇੱਕ ਨਾਗਰਿਕ ਦੀ ਅਣਿਆਈ ਮੌਤ ਵੀ ਹਾਕਮਾਂ ਦੀ ਨੀਂਦ ਉਡਾਉਣ ਲਈ ਕਾਫੀ ਹੋ ਸਕਦੀ ਹੈ ਅਤੇ ਲੋਕਤੰਤਰ ਵਿੱਚ ਹੋਣੀ ਵੀ ਚਾਹੀਦੀ ਹੈ, ਪਰ ਭਾਰਤ ਵਿੱਚ ਦੋ ਲੱਖ ਲੋਕ ਮਰਨ ਪਿੱਛੋਂ ਵੀ ਅਗਲਾ ਸਿਰਾ ਨਹੀਂ ਦਿੱਸ ਰਿਹਾ ਅਫਸੋਸ ਹੈ।

Click Here To Read More Latest Punjabi Article 2021

Continue Reading

ਰੁਝਾਨ


Copyright by IK Soch News powered by InstantWebsites.ca