Niaapalika- Jatinder Punnu | Latest Punjabi Article | Ik Soch
Connect with us [email protected]

ਲੇਖ

ਨਿਆਂ ਪਾਲਿਕਾ ਦੇ ਅਕਸ ਨੂੰ ਖੋਰਾ ਨਹੀਂ ਲੱਗਣਾ ਚਾਹੀਦਾ, ਪਰ… -ਜਤਿੰਦਰ ਪਨੂੰ

Published

on

article

ਸਾਰਾ ਭਾਰਤ ਦੇਸ਼ ਜਦੋਂ ਇਹ ਕਹਿ ਰਿਹਾ ਹੈ ਕਿ ਸਾਨੂੰ ਦੇਸ਼ ਦੀ ਨਿਆਂ ਪਾਲਿਕਾ ਉੱਤੇ ਪੂਰਾ ਭਰੋਸਾ ਹੈ ਤਾਂ ਸਾਡੇ ਵਰਗਾ ਇੱਕ ਬੰਦਾ ਇਹ ਗੱਲ ਕਹੇ ਜਾਂ ਨਾ ਕਹੇ, ਇਸ ਨਾਲ ਕੋਈ ਖਾਸ ਫਰਕ ਨਹੀਂ ਪੈਂਦਾ। ਅਸੀਂ ਇਹ ਬੜੀ ਵਾਰ ਸੁਣ ਚੁੱਕੇ ਹਾਂ ਕਿ ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਵਿਖਾਉਣ ਦੇ ਹੋਰ ਹੋਇਆ ਕਰਦੇ ਹਨ। ਭਾਰਤ ਦੀ ਨਿਆਂ ਪਾਲਿਕਾ ਵਾਸਤੇ ਪੂਰਨ ਭਰੋਸੇ ਦੀਆਂ ਗੱਲਾਂ ਕਹਿਣ ਵਾਲੇ ਸਿਆਸੀ ਆਗੂਆਂ ਬਾਰੇ ਵੀ ਅਸੀਂ ਇਹੋ ਗੱਲ ਕਹਿ ਸਕਦੇ ਹਾਂ, ਜਿਹੜੇ ਭਰੋਸਾ ਵੀ ਪ੍ਰਗਟ ਕਰਦੇ ਹਨ ਅਤੇ ਮੌਕਾ ਮਿਲੇ ਤਾਂ ਇਸ ਨੂੰ ਆਪਣੀਆਂ ਖਾਹਿਸ਼ਾਂ ਲਈ ਵਰਤਣ ਵਿੱਚ ਕਿਸੇ ਵੀ ਹੱਦ ਨੂੰ ਉਲੰਘ ਸਕਦੇ ਹਨ। ਗੱਲ ਨਿਰੀ ਏਥੋਂ ਤੱਕ ਸੀਮਤ ਨਹੀਂ, ਸਾਡੇ ਕੋਲ ਏਦਾਂ ਦੀਆਂ ਕਈ ਮਿਸਾਲਾਂ ਵੀ ਹਨ, ਜਿੱਥੇ ਪੂੰਜੀਪਤੀਆਂ ਦੇ ਹਿੱਤਾਂ ਵਾਸਤੇ ਜਾਂ ਖੁਦ ਆਪਣੀਆਂ ਜੇਬਾਂ ਭਰਨ ਵਾਸਤੇ ਨਿਆਂ ਪਾਲਿਕਾ ਨਾਲ ਜੁੜੇ ਹੋਏ ਲੋਕਾਂ ਨੇ ਹੱਦਾਂ ਉਲੰਘਣ ਦੀ ਉਹ ਗਲਤੀ ਕੀਤੀ ਸੀ, ਜਿਹੜੀ ਉਨ੍ਹਾਂ ਦੇ ਅਕਸ ਲਈ ਵੀ ਅਤੇ ਨਿਆਂ ਪਾਲਿਕਾ ਲਈ ਵੀ ਮਾੜੀ ਸਾਬਤ ਹੋਈ ਸੀ।
ਇਹ ਕਿੱਸਾ ਅਸੀਂ ਇਸ ਵੇਲੇ ਇਸ ਲਈ ਛੋਹਿਆ ਹੈ ਕਿ ਗਿਆਰਾਂ ਤੇ ਬਾਰਾਂ ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਜਿਵੇਂ ਸੁਣਵਾਈ ਹੋਈ ਅਤੇ ਜੋ ਕੁਝ ਸਾਹਮਣੇ ਆਇਆ, ਉਸ ਨਾਲ ਬਹੁਤ ਸਾਰੇ ਲੋਕਾਂ ਦੇ ਮਨਾਂ ਨੂੰ ਧੱਕਾ ਲੱਗਾ ਹੈ। ਇਸ ਸੁਣਵਾਈ ਦੇ ਪਹਿਲੇ ਦਿਨ ਜੱਜ ਸਾਹਿਬਾਨ ਨੇ ਸਰਕਾਰ ਨੂੰ ਏਨੀਆਂ ਝਾੜਾਂ ਅਤੇ ਫਿਟਕਾਰਾਂ ਪਾਈਆਂ ਕਿ ਸਰਕਾਰੀ ਧਿਰ ਦੇ ਵਕੀਲਾਂ ਨੂੰ ਪਸੀਨਾ ਆਈ ਜਾਂਦਾ ਸੀ ਤੇ ਅਗਲੇ ਦਿਨ ਇਸ ਤੋਂ ਉਲਟ ਅਦਾਲਤ ਨੇ ਕਿਸਾਨੀ ਮਸਲਿਆਂ ਦੇ ਹੱਲ ਲਈ ਏਦਾਂ ਦੀ ਚਾਰ ਮੈਂਬਰੀ ਕਮੇਟੀ ਬਣਾ ਦਿੱਤੀ, ਜਿਸ ਵਿੱਚ ਚਾਰੇ ਜਣੇ ਸਰਕਾਰ ਦੇ ਤਰਫਦਾਰ ਸਨ। ਕੋਈ ਜਣਾ ਅਜੇ ਕੁਝ ਦਿਨ ਪਹਿਲਾਂ ਪੁਆੜੇ ਦੀ ਜੜ੍ਹ ਬਣੇ ਖੇਤੀਬਾੜੀ ਕਾਨੂੰਨਾਂ ਦੀ ਹਮਾਇਤ ਵਿੱਚ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਖੁਦ ਲੋਕਾਂ ਵਿੱਚ ਬੁਰਾ ਬਣ ਚੁੱਕਾ ਸੀ, ਕੋਈ ਇਨ੍ਹਾਂ ਕਾਨੂੰਨਾਂ ਦੇ ਪੱਖ ਵਿੱਚ ਅਖਬਾਰਾਂ ਵਿੱਚ ਲੇਖ ਲਿਖ ਚੁੱਕਾ ਸੀ ਅਤੇ ਇਕ ਜਣਾ ਤਾਂ ਕਾਨੂੰਨ ਬਣਾਉਣ ਵਿੱਚ ਵੀ ਕਿਸੇ ਤਰ੍ਹਾਂ ਸ਼ਾਮਲ ਹੋ ਚੁੱਕਾ ਸੀ। ਉਨ੍ਹਾਂ ਦੀ ਕਮੇਟੀ ਨੂੰ ਕਿਸਾਨ ਮੰਨ ਹੀ ਨਹੀਂ ਸੀ ਸਕਦੇ।
ਅਸੀਂ ਇਹ ਮੁੱਦਾ ਏਥੇ ਛੱਡ ਸਕਦੇ ਹਾਂ ਅਤੇ ਇਹੋ ਜਿਹੀ ਕੋਈ ਗੱਲ ਨਹੀਂ ਕਹਿਣਾ ਚਾਹੁੰਦੇ ਕਿ ਜੱਜ ਸਾਹਿਬਾਨ ਨੇ ਇਹ ਕਮੇਟੀ ਕਿਸ ਦੇ ਕਹਿਣ ਉੱਤੇ ਬਣਾਈ ਹੈ, ਪਰ ਲੋਕਾਂ ਵਿੱਚ ਇਸ ਨਾਲ ਪ੍ਰਭਾਵ ਚੰਗਾ ਨਹੀਂ ਪੈ ਸਕਿਆ। ਅੱਗੋਂ ਜੱਜ ਸਾਹਿਬਾਨ ਨੇ ਇਸ ਬਾਰੇ ਕੀ ਕਾਰਵਾਈ ਕਰਨੀ ਹੈ, ਕਿਸ ਮਸਲੇ ਨੂੰ ਕਿੱਦਾਂ ਨਿਪਟਾਉਣਾ ਹੈ, ਉਸ ਦੀ ਗੱਲ ਓਦੋਂ ਵਿਚਾਰੀ ਜਾਵੇਗੀ, ਹਾਲ ਦੀ ਘੜੀ ਸਭ ਦਾ ਧਿਆਨ ਸਰਕਾਰ ਅਤੇ ਕਿਸਾਨਾਂ ਵਿਚਾਲੇ ਸੰਘਰਸ਼ ਵੱਲ ਹੈ।
ਉਂਜ ਨਿਆਂ ਪਾਲਿਕਾ ਦਾ ਅਕਸ ਜਿਸ ਤਰ੍ਹਾਂ ਕਿਸੇ ਕਿੰਤੂ ਤੋਂ ਉੱਪਰ ਹੋਣਾ ਚਾਹੀਦਾ ਹੈ, ਭਾਰਤ ਵਿੱਚ ਸਥਿਤੀ ਓਨੇ ਸਪੱਸ਼ਟ ਅਕਸ ਵਾਲੀ ਬੀਤੇ ਸਾਲਾਂ ਵਿੱਚ ਨਹੀਂ ਰਹੀ। ਏਥੇ ਕਈ ਕੇਸ ਇਸ ਤਰ੍ਹਾਂ ਦੇ ਵਾਪਰਦੇ ਰਹੇ ਹਨ, ਜਦੋਂ ਕਿਸੇ ਜੱਜ ਉੱਤੇ, ਅਤੇ ਉਹ ਵੀ ਹੇਠਲੇ ਪੱਧਰ ਦੇ ਨਹੀਂ, ਸਿਖਰਲੀ ਅਦਾਲਤ ਦੇ ਜੱਜਾਂ ਉੱਤੇ ਦੋਸ਼ ਲੱਗੇ ਅਤੇ ਪਾਰਲੀਮੈਂਟ ਵਿੱਚ ਉਨ੍ਹਾਂ ਵਿਰੁੱਧ ਮਹਾਂਦੋਸ਼ ਮਤਾ ਪੇਸ਼ ਹੋਣ ਤੱਕ ਗੱਲ ਗਈ ਸੀ। ਜਸਟਿਸ ਰਾਮਾਸਵਾਮੀ ਸੁਪਰੀਮ ਕੋਰਟ ਦਾ ਜੱਜ ਹੁੰਦਾ ਸੀ, ਜਦੋਂ ਉਸ ਦੇ ਵਿਰੁੱਧ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਗੱਲ ਚੁੱਕੀ ਤੇ ਓਸੇ ਦਿਨ ਚੀਫ ਜਸਟਿਸ ਨੇ ਇੱਕ ਬਿਆਨ ਜਾਰੀ ਕਰ ਕੇ ਆਪਣੇ ਸਾਥੀ ਜਸਟਿਸ ਰਾਮਾਸਵਾਮੀ ਨੂੰ ਅਦਾਲਤੀ ਕੰਮ ਤੋਂ ਪਰੇ ਰਹਿਣ ਨੂੰ ਕਹਿ ਦਿੱਤਾ ਸੀ ਤੇ ਫਿਰ ਇਹ ਕੇਸ ਲੋਕ ਸਭਾ ਵਿੱਚ ਮਹਾਂਦੋਸ਼ ਦੀ ਕਾਰਵਾਈ ਲਈ ਗਿਆ ਸੀ। ਓਥੇ ਜਾ ਕੇ ਰਾਮਾਸਵਾਮੀ ਇਸ ਲਈ ਬਚਣ ਵਿੱਚ ਸਫਲ ਹੋ ਗਿਆ ਕਿ ਭ੍ਰਿਸ਼ਟਾਚਾਰ ਦਾ ਭੜੋਲਾ ਗਿਣੇ ਜਾਂਦੇ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਤੱਕ ਪਹੁੰਚ ਕਰ ਕੇ ਉਸ ਨੇ ਕਾਂਗਰਸੀ ਮੈਂਬਰਾਂ ਨੂੰ ਵੋਟਾਂ ਨਾ ਪਾਉਣ ਨੂੰ ਮਨਾ ਲਿਆ ਸੀ। ਕੋਲਕਾਤਾ ਹਾਈ ਕੋਰਟ ਦੇ ਜੱਜ ਸੌਮਿਤਰਾ ਸੇਨ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਨੰਗੇ-ਚਿੱਟੇ ਦੋਸ਼ਾਂ ਪਿੱਛੋਂ ਪਾਰਲੀਮੈਂਟ ਦੇ ਉੱਪਰਲੇ ਹਾਊਸ ਰਾਜ ਸਭਾ ਦੇ ਅਠਵੰਜਾ ਮੈਂਬਰਾਂ ਨੇ ਮਹਾਂਦੋਸ਼ ਦਾ ਮਤਾ ਜਦੋਂ ਪੇਸ਼ ਕੀਤਾ ਤਾਂ ਇਸ ਉੱਤੇ ਬਹਿਸ ਪਿੱਛੋਂ 189 ਮੈਂਬਰਾਂ ਨੇ ਮਤੇ ਦੇ ਹੱਕ ਵਿੱਚ ਤੇ ਸਿਰਫ 17 ਨੇ ਜਸਟਿਸ ਸੌਮਿਤਰਾ ਸੇਨ ਨੂੰ ਬਚਾਉਣ ਵਾਸਤੇ ਵੋਟ ਪਾਈ ਸੀ। ਉਸ ਦੇ ਬਾਅਦ ਇਹ ਮਤਾ ਲੋਕ ਸਭਾ ਵਿੱਚ ਜਾਣਾ ਸੀ, ਪਰ ਕਾਰਵਾਈ ਅੱਗੇ ਵਧਣ ਅਤੇ ਲੋਕਾਂ ਵਿੱਚ ਹੋਰ ਖੇਹ ਉਡਾਉਣ ਤੋਂ ਪਹਿਲਾਂ ਜਸਟਿਸ ਸੌਮਿਤਰਾ ਸੇਨ ਅਸਤੀਫਾ ਦੇ ਕੇ ਆਪਣੇ ਘਰ ਨੂੰ ਤੁਰ ਗਿਆ ਸੀ। ਫਿਰ ਵੀ ਇਹ ਕੇਸ ਭ੍ਰਿਸ਼ਟਾਚਾਰ ਦੇ ਸਨ, ਸਿੱਧੇ ਪੱਖਪਾਤ ਦਾ ਕਿਸੇ ਤਰ੍ਹਾਂ ਦਾ ਦੋਸ਼ ਨਹੀਂ ਸੀ ਲੱਗਾ।
ਇਹੋ ਜਿਹਾ ਦੋਸ਼ ਇੱਕ ਜੱਜ ਜਸਟਿਸ ਏ ਐੱਚ ਅਹਿਮਦੀ ਉੱਤੇ ਲੱਗਾ ਸੀ, ਜਿਨ੍ਹਾਂ ਨੇ ਭੋਪਾਲ ਗੈਸ ਕਾਂਡ ਦਾ ਕੇਸ ਸੁਣਦੇ ਸਮੇਂ ਹਜ਼ਾਰਾਂ ਲੋਕਾਂ ਦੀ ਮੌਤ ਵਾਸਤੇ ਜਾਂਚ ਏਜੰਸੀ ਸੀ ਬੀ ਆਈ ਵੱਲੋਂ ਲਾਈ ਗਈ ਜੁਰਮ ਦੀ ਧਾਰਾ 304 (2) ਨੂੰ ਤੋੜ ਕੇ ਧਾਰਾ 304 (1) ਕਰ ਦਿੱਤੀ ਸੀ। ਪਹਿਲਾਂ ਲੱਗੀ ਧਾਰਾ ਨਾਲ ਇਸ ਕੇਸ ਦੇ ਦੋਸ਼ੀਆਂ ਨੂੰ ਦਸ ਸਾਲ ਤੱਕ ਕੈਦ ਹੋ ਸਕਦੀ ਸੀ, ਜਦ ਕਿ ਨਵੀਂ ਲਾਈ ਧਾਰਾ ਵਿੱਚ ਵੱਧ ਤੋਂ ਵੱਧ ਦੋ ਸਾਲ ਸਜ਼ਾ ਹੋ ਸਕਦੀ ਸੀ ਅਤੇ ਏਨੀ ਹੀ ਬਾਅਦ ਵਿੱਚ ਹੋਈ ਸੀ। ਜਸਟਿਸ ਅਹਿਮਦੀ ਨੇ ਇਹ ਧਾਰਾ ਬਦਲ ਕੇ ਗੈਸ ਕਾਂਡ ਦੀ ਦੋਸ਼ੀ ਜਿਸ ਯੂਨੀਅਨ ਕਾਰਬਾਈਡ ਕੰਪਨੀ ਲਈ ਤਰਫਦਾਰੀ ਕੀਤੀ, ਉਸ ਕੰਪਨੀ ਵੱਲੋਂ ਭੋਪਾਲ ਮੈਮੋਰੀਅਲ ਟਰੱਸਟ ਤੇ ਇਸ ਦੇ ਸਾਢੇ ਤਿੰਨ ਸੌ ਬਿਸਤਰਿਆਂ ਵਾਲੇ ਹਸਪਤਾਲ ਦਾ ਸਾਰੀ ਉਮਰ ਲਈ ਮੋਟੀ ਤਨਖਾਹ ਉੱਤੇ ਮੁਖੀ ਬਣਾ ਦਿੱਤਾ ਗਿਆ ਸੀ। ਇਸ ਕੰਪਨੀ ਨੇ ਆਪਣੇ ਅਦਾਰੇ ਦੇ ਨਿਯਮਾਂ ਵਿੱਚ ਲਿਖਿਆ ਸੀ ਕਿ ਇਸ ਟਰੱਸਟ ਦਾ ਚੇਅਰਮੈਨ ਸੁਪਰੀਮ ਦਾ ਕੋਰਟ ਦਾ ਸਾਬਕਾ ਜੱਜ ਬਣਾਇਆ ਜਾਵੇਗਾ ਤੇ ਇਹ ਗੱਲ ਓਦੋਂ ਲਿਖੀ ਸੀ, ਜਦੋਂ ਜਸਟਿਸ ਅਹਿਮਦੀ ਰਿਟਾਇਣ ਹੋਣ ਵਾਲਾ ਸੀ ਤੇ ਰਿਟਾਇਰ ਹੁੰਦੇ ਸਾਰ ਅਹਿਮਦੀ ਨੂੰ ਅਰਬਾਂ-ਖਰਬਾਂ ਦੀ ਮਾਲਕੀ ਵਾਲੇ ਟਰੱਸਟ ਦੀ ਚੇਅਰਮੈਨੀ ਦੇ ਨਾਲ ਬਾਕੀ ਉਮਰ ਲਈ ਮੋਟੀ ਤਨਖਾਹ ਤੇ ਭੱਤਿਆਂ ਦਾ ਗੱਫਾ ਮਿਲ ਗਿਆ ਸੀ। ਜਦੋਂ ਭੋਪਾਲ ਗੈਸ ਕਾਂਡ ਦੇ ਦੋਸ਼ੀਆਂ ਨੂੰ ਦੋ ਸਾਲ ਦੀ ਮਾਮੂਲੀ ਸਜ਼ਾ ਦੇਣ ਦਾ ਐਲਾਨ ਹੋਇਆ ਤਾਂ ਸਾਰੇ ਦੇਸ਼ ਵਿੱਚ ਇਸ ਨਾਲ ਭੁਚਾਲ ਆ ਗਿਆ ਅਤੇ ਜਸਟਿਸ ਅਹਿਮਦੀ ਦੀ ਹਰ ਥਾਂ ਏਨੀ ਭੰਡੀ ਹੋਣ ਲੱਗ ਪਈ ਕਿ ਜਨਤਕ ਦਬਾਅ ਹੇਠ ਉਹ ਚੇਅਰਮੈਨੀ ਦਾ ਅਹੁਦਾ ਛੱਡਣ ਨੂੰ ਮਜਬੂਰ ਹੋ ਗਿਆ ਸੀ। ਇਹ ਨਿਆਂ ਪਾਲਿਕਾ ਦੇ ਅਕਸ ਨੂੰ ਪ੍ਰਭਾਵਤ ਕਰਨ ਵਾਲਾ ਇੱਕ ਮਾਮਲਾ ਤਾਂ ਸੀ, ਪਰ ਇਹ ਇੱਕੋ-ਇੱਕ ਨਹੀਂ ਸੀ।
ਅਸੀਂ ਭਾਰਤ ਦੀ ਨਿਆਂ ਪਾਲਿਕਾ ਨੂੰ ਬਹੁਤ ਸਾਰੇ ਕੇਸਾਂ ਦੇ ਫੈਸਲੇ ਦੇਣ ਸਮੇਂ ਇਨਸਾਫ ਦਾ ਝੰਡਾ ਬੁਲੰਦ ਕਰਦੇ ਵੇਖਿਆ ਹੋਇਆ ਹੈ ਤੇ ਓਦੋਂ ਭਾਰਤ ਵਿੱਚ ਹੀ ਨਹੀਂ, ਦੁਨੀਆ ਭਰ ਵਿੱਚ ਵੀ ਇਸ ਦੀ ਸ਼ਲਾਘਾ ਹੋਈ ਸੀ, ਪਰ ਇਸ ਦਾ ਮਤਲਬ ਇਹ ਨਹੀਂ ਕਿ ਭਾਰਤੀ ਨਿਆਂ ਪਾਲਿਕਾ ਦਾ ਹਰ ਫੈਸਲਾ ਵਿਵਾਦਾਂ ਤੋਂ ਪਰੇ ਹੈ। ਜਸਟਿਸ ਗੋਗੋਈ ਦੇ ਵਕਤ ਉਨ੍ਹਾਂ ਦਾ ਦੋਹਰਾ ਵਿਹਾਰ ਲੋਕਾਂ ਵਿੱਚ ਚਰਚਾ ਦਾ ਮੁੱਦਾ ਬਣਿਆ ਸੀ ਅਤੇ ਜਦੋਂ ਰਿਟਾਇਰ ਹੋਣ ਦੇ ਛੇਤੀ ਬਾਅਦ ਉਨ੍ਹਾਂ ਨੂੰ ਰਾਜ ਸਭਾ ਦੀ ਮੈਂਬਰੀ ਦਿੱਤੀ ਗਈ, ਅਤੇ ਜਿਵੇਂ ਦਿੱਤੀ ਗਈ, ਵਿਵਾਦ ਉਸ ਤੋਂ ਵੀ ਛਿੜਿਆ ਸੀ ਅਤੇ ਫਿਰ ਕਈ ਕਿਸਮ ਦੇ ਦੋਸ਼ ਲੱਗਦੇ ਰਹੇ ਸਨ। ਇਹ ਉਹੋ ਜਸਟਿਸ ਰੰਜਨ ਗੋਗਈ ਸਨ, ਜਿਨ੍ਹਾਂ ਦੇ ਕੁਝ ਸਮਾਂ ਪਹਿਲਾਂ ਦੇ ਫੈਸਲੇ ਇਸ ਕਰ ਕੇ ਚਰਚਾ ਵਿੱਚ ਸਨ ਕਿ ਜਦੋਂ ਉਨ੍ਹਾਂ ਦੀ ਅਦਾਲਤ ਵਿੱਚ ਕੇਸ ਲੱਗਦਾ ਸੀ ਤਾਂ ਸਰਕਾਰਾਂ ਦੇ ਵਕੀਲਾਂ ਨੂੰ ਪਸੀਨੇ ਆਉਣ ਲੱਗ ਜਾਇਆ ਕਰਦੇ ਸਨ। ਅਚਾਨਕ ਬੰਦਾ ਕਿੰਨਾ ਬਦਲ ਜਾਂਦਾ ਹੈ, ਇਸ ਦਾ ਤਜਰਬਾ ਭਾਰਤ ਦੀ ਨਿਆਂ ਪਾਲਿਕਾ ਵਿੱਚ ਕਈ ਵਾਰੀ ਅੱਗੇ ਵੀ ਹੋ ਚੁੱਕਾ ਹੈ, ਭਵਿੱਖ ਵਿੱਚ ਵੀ ਹੋ ਸਕਦਾ ਹੈ, ਪਰ ਕਿਸੇ ਇੱਕ ਕੇਸ ਦਾ ਮੁੱਦਾ ਲੈ ਕੇ ਅਸੀਂ ਬਹੁਤਾ ਕੁਝ ਨਹੀਂ ਕਹਿਣਾ ਚਾਹੁੰਦੇ। ਇਸ ਬਾਰੇ ਖੁਦ ਨਿਆਂ ਪਾਲਕਾ ਨਾਲ ਜੁੜੇ ਹੋਏ ਲੋਕਾਂ ਨੂੰ ਸੋਚਣਾ ਪਵੇਗਾ। ਕਿਸੇ ਦੇਸ਼ ਵਿੱਚ ਜਦੋਂ ਹੋਰ ਕਿਤੋਂ ਵੀ ਆਸ ਨਾ ਰਹੇ ਤਾਂ ਨਾਗਰਿਕਾਂ ਲਈ ਆਸ ਦਾ ਆਖਰੀ ਦਰਵਾਜ਼ਾ ਅਦਾਲਤ ਹੁੰਦੀ ਹੈ ਤੇ ਇਸ ਦੇ ਅਕਸ ਨੂੰ ਖੋਰਾ ਨਹੀਂ ਲੱਗਣਾ ਚਾਹੀਦਾ, ਪਰ ਇਹ ਇੱਕ ਇੱਛਾ ਹੀ ਹੁੰਦੀ ਹੈ, ਹਕੀਕਤਾਂ ਇੱਛਾ ਦੀਆਂ ਮੁਥਾਜ ਨਹੀਂ ਹੁੰਦੀਆਂ।

ਲੇਖ

ਨਿਤੀਸ਼ ਦੀਆਂ ਗਲਤੀਆਂ ਤੋਂ ਮਮਤਾ ਸਿੱਖ ਸਕਦੀ ਸੀ, ਪਰ…

Published

on

ਭਾਰਤ ਦੀ ਰਾਜਧਾਨੀ ਦਿੱਲੀ ਦੇ ਬਾਰਡਰਾਂ ਉੱਤੇ ਜਦੋਂ ਕਿਸਾਨਾਂ ਦਾ ਧਰਨਾ ਚੱਲਦਾ ਪਿਆ ਹੈ ਅਤੇ ਇਸ ਵਿਚ ਡਟੇ ਹੋਏ ਲੋਕਾਂ ਦੀ ਗਿਣਤੀ ਕਦੀ ਥੋੜ੍ਹੀ ਘਟਣ ਤੇ ਅਗਲੇ ਦਿਨ ਉਸ ਤੋਂ ਵਧਣ ਦੀ ਖਬਰ ਆ ਜਾਂਦੀ ਹੈ, ਐਨ ਓਦੋਂ ਭਾਰਤ ਦੇ ਪੰਜ ਰਾਜਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਇਨ੍ਹਾਂ ਵਿੱਚ ਚਾਰ ਰਾਜ ਤੇ ਪੰਜਵਾਂ ਕੇਂਦਰੀ ਸ਼ਾਸਤ ਪ੍ਰਦੇਸ਼ ਪੁੱਡੂਚੇਰੀ ਹੈ, ਜਿਸ ਦੀ ਸਰਕਾਰ ਉਸ ਦੇ ਆਪਣੇ ਵਿਧਾਇਕਾਂ ਵੱਲੋਂ ਅਸਤੀਫੇ ਦੇਣ ਕਾਰਨ ਹਾਲੇ ਏਸੇ ਹਫਤੇ ਬਹੁ-ਮੱਤ ਨਾ ਹੋਣ ਕਾਰਨ ਡਿੱਗੀ ਹੈ। ਉਸ ਦੀ ਮਿਆਦ ਅਜੇ ਦੋ ਮਹੀਨੇ ਰਹਿੰਦੀ ਸੀ, ਪਰ ਡੇਗੀ ਇਸ ਕਰ ਕੇ ਗਈ ਹੈ ਕਿ ਉਸ ਦੀ ਥਾਂ ਲੈਫਟੀਨੈਂਟ ਗਵਰਨਰ ਦੇ ਹੱਥ ਸਰਕਾਰੀ ਮਸ਼ੀਨਰੀ ਦੀ ਕਮਾਨ ਦੇ ਕੇ ਅਗਲੀਆਂ ਵਿਧਾਨ ਸਭਾ ਚੋਣਾਂ ਵੇਲੇ ਉਸ ਦੀ ਦੁਰਵਰਤੋਂ ਕੀਤੀ ਜਾ ਸਕੇ। ਏਦਾਂ ਪਹਿਲਾਂ ਵੀ ਕਈ ਥਾਂਈਂ ਹੋ ਚੁੱਕਾ ਹੈ। ਛੋਟਾ ਜਿਹਾ ਰਾਜ ਹੋਣ ਕਾਰਨ ਉਸ ਦੀ ਚੋਣ ਵੱਲ ਬਹੁਤੇ ਲੋਕਾਂ ਦਾ ਧਿਆਨ ਨਹੀਂ ਜਾ ਰਿਹਾ ਤੇ ਤਾਮਿਲ ਨਾਡੂ ਵਿੱਚ ਜੈਲਿਲਤਾ ਅਤੇ ਕਰੁਣਾਨਿਧੀ ਦੋਵਾਂ ਦੀ ਮੌਤ ਮਗਰੋਂ ਹੋਣ ਵਾਲੀ ਪਹਿਲੀ ਚੋਣ ਵਿੱਚ ਕੌਣ ਕਿੰਨੇ ਪਾਣੀ ਵਿੱਚ ਲੱਭਦਾ ਹੈ, ਇਸ ਵੱਲ ਵੀ ਬਹੁਤੇ ਲੋਕਾਂ ਦਾ ਧਿਆਨ ਨਹੀਂ। ਆਸਾਮ ਦੇ ਮਾਮਲੇ ਵਿੱਚ ਪਿਛਲੀ ਵਾਰੀ ਭਾਜਪਾ ਨੇ ਕਈ ਸਾਲ ਕਾਂਗਰਸ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਰਬਾਨੰਦ ਸੋਨਵਾਲ ਨੂੰ ਅੱਗੇ ਲਾ ਕੇ ਜਿਹੜਾ ਦਾਅ ਖੇਡ ਲਿਆ ਸੀ, ਉਸ ਕਾਰਨ ਓਥੇ ਭਾਜਪਾ ਖਤਰਾ ਮਹਿਸੂਸ ਨਹੀਂ ਕਰਦੀ। ਉਸ ਦਾ ਸਮੁੱਚਾ ਧਿਆਨ, ਅਤੇ ਦੇਸ਼ ਦੇ ਲੋਕਾਂ ਦਾ ਸਾਰਾ ਧਿਆਨ ਵੀ, ਸਿਰਫ ਦੋ ਰਾਜਾਂ ਪੱਛਮੀ ਬੰਗਾਲ ਤੇ ਕੇਰਲ ਵੱਲ ਲੱਗਾ ਹੋਇਆ ਹੈ।
ਕੇਰਲ ਵਿੱਚ ਆਜ਼ਾਦੀ ਤੋਂ ਬਾਅਦ ਕਦੀ ਖੱਬੀ ਧਿਰ ਤੇ ਕਦੀ ਕਾਂਗਰਸ ਦੀ ਅਗਵਾਈ ਵਾਲਾ ਮੋਰਚਾ ਰਾਜ ਕਰਦਾ ਰਿਹਾ ਸੀ। ਨਰਿੰਦਰ ਮੋਦੀ ਦੇ ਵਕਤ ਇੱਕ ਧਰਮ ਦੀ ਚੜ੍ਹਤ ਦੇ ਨਾਅਰੇ ਨਾਲ ਜਿਹੜੀ ਉਠਾਣ ਸ਼ੁਰੂ ਹੋਈ, ਕੇਰਲ ਉਸ ਦੇ ਪ੍ਰਭਾਵ ਤੋਂ ਬਚ ਨਹੀਂ ਸਕਿਆ ਤੇ ਪੰਜ ਸਾਲ ਪਹਿਲਾਂ ਦੀ ਵਿਧਾਨ ਸਭਾ ਚੋਣ ਵੇਲੇ ਉਸ ਰਾਜ ਵਿੱਚ ਪਹਿਲੀ ਵਾਰ ਭਾਜਪਾ ਦਾ ਇੱਕ ਉਮੀਦਵਾਰ ਜਿੱਤਣ ਵਿੱਚ ਕਾਮਯਾਬ ਹੋ ਗਿਆ ਸੀ। ਇਹ ਉਸ ਰਾਜ ਵਿੱਚ ਭਾਜਪਾ ਦੇ ਉਸ ਸੁਫਨੇ ਦਾ ਆਗਾਜ਼ ਸੀ, ਜਿਹੜਾ ਸਾਰੇ ਦੇਸ਼ ਵਿੱਚ ਇੱਕੋ ਪਾਰਟੀ ਭਾਜਪਾ ਦਾ ਰਾਜ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਚਿਰ ਤੋਂ ਲੈ ਰਿਹਾ ਸੀ। ਇਸ ਵਾਰ ਵੀ ਉਹ ਇਸ ਸੁਫਨੇ ਵਿੱਚ ਕਾਮਯਾਬ ਨਹੀਂ ਹੋ ਸਕਣੇ ਕਿ ਸਭ ਤੋਂ ਵੱਧ ਪੜ੍ਹੇ-ਲਿਖੇ ਲੋਕਾਂ ਵਾਲੇ ਕੇਰਲਾ ਰਾਜ ਵਿੱਚ ਸਰਕਾਰ ਬਣਾ ਲੈਣ ਜਾਂ ਮੁੱਖ ਵਿਰੋਧੀ ਧਿਰ ਬਣ ਸਕਣ, ਪਰ ਆਪਣੀਆਂ ਸੀਟਾਂ ਵਧਾਉਣ ਲਈ ਉਹ ਆਪਣੇ ਵੱਲੋਂ ਕਸਰ ਨਹੀਂ ਰਹਿਣ ਦੇਣਾ ਚਾਹੁੰਦੇ। ਚੁਸਤ ਚਾਲਾਂ ਚੱਲਣ ਦੀ ਮਾਹਰ ਭਾਜਪਾ ਲੀਡਰਸਿ਼ਪ ਨੇ ਇਸ ਮਕਸਦ ਲਈ ਭਾਰਤ ਵਿੱਚ ਜ਼ਮੀਨਦੋਜ਼ ਰੇਲਵੇ ਲਾਈਨਾਂ ਵਾਲੇ ਮੀਟਰੋ ਪ੍ਰਾਜੈਕਟਾਂ ਨੂੰ ਸਿਰੇ ਚਾੜ੍ਹਨ ਦੇ ਮਾਹਰ ਨੂੰ ਟੋਹਿਆ ਅਤੇ ਉਸ ਨੇ ਕੇਰਲਾ ਦੇ ਲੋਕਾਂ ਨੂੰ ਤਕਨੀਕ ਦੇ ਪੱਖ ਤੋਂ ਤਰੱਕੀ ਵੱਲ ਲਿਜਾਣ ਦੇ ਸੁਫਨੇ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਸਭ ਤੋਂ ਤਿੱਖੀ ਲੜਾਈ ਇਸ ਵੇਲੇ ਪੱਛਮੀ ਬੰਗਾਲ ਵਿੱਚ ਚੱਲਦੀ ਪਈ ਹੈ, ਜਿੱਥੇ ਕਮਿਊਨਿਸਟ ਰਾਜ ਲੰਮਾ ਸਮਾਂ ਰਿਹਾ ਸੀ, ਪਰ ਤ੍ਰਿਣਮੂਲ ਕਾਂਗਰਸ ਨੂੰ ਕਾਂਗਰਸ ਦੀ ਸਿੱਧੀ ਹਮਾਇਤ ਤੇ ਭਾਜਪਾ ਦੀ ਅੰਦਰ-ਖਾਤੇ ਦੀ ਮਦਦ ਨਾਲ ਉਸ ਦਾ ਕਈ ਧਿਰਾਂ ਨੇ ਰਲ-ਮਿਲ ਕੇ ਅੰਤ ਕੀਤਾ ਸੀ। ਅੱਜ ਕਮਿਊਨਿਸਟ ਓਥੇ ਏਡੀ ਤਾਕਤ ਨਹੀਂ ਕਿ ਰਾਜ-ਸੱਤਾ ਦੇ ਲਈ ਵੱਡੀਆਂ ਦਾਅਵੇਦਾਰ ਧਿਰਾਂ ਵਿੱਚ ਗਿਣੇ ਜਾਣ, ਸਗੋਂ ਭਾਜਪਾ ਦੀ ਮਦਦ ਨਾਲ ਉਨ੍ਹਾਂ ਨੂੰ ਹਰਾਉਣ ਵਾਲੀ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਵੀ ਇਸ ਵਕਤ ਬੜੇ ਮੁਸ਼ਕਲ ਹਾਲਾਤ ਵਿੱਚ ਹੈ। ਇੱਕ ਵੇਲੇ ਕਮਿਊਨਿਸਟ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਸਾਹਮਣੇ ਓਸੇ ਦੀ ਸਰਕਾਰ ਦਾ ਚੀਫ ਸੈਕਟਰੀ ਰਹਿ ਚੁੱਕੇ ਸਾਬਕਾ ਅਫਸਰ ਨੂੰ ਆਪਣਾ ਉਮੀਦਵਾਰ ਬਣਾ ਕੇ ਮਮਤਾ ਬੈਨਰਜੀ ਨੇ ਜਿਹੜਾ ਦਾਅ ਖੇਡਿਆ ਸੀ, ਇਸ ਵਾਰੀ ਉਹੋ ਦਾਅ ਭਾਜਪਾ ਉਸ ਦੇ ਰਾਜ ਵਾਲੇ ਅਫਸਰਾਂ ਨੂੰ ਖੜੇ ਕਰ ਕੇ ਖੇਡਣ ਲਈ ਚੱਕਾ ਬੰਨ੍ਹ ਚੁੱਕੀ ਹੈ। ਮਮਤਾ ਦੀ ਚੜ੍ਹਤ ਵੇਲੇ ਕਮਿਊਨਿਸਟਾਂ ਵਿਚਲੇ ਕਈ ਫਸਲੀ ਬਟੇਰੇ ਉਸ ਵੱਲ ਉਡਾਰੀਆਂ ਲਾਉਂਦੇ ਮਮਤਾ ਨੂੰ ਚੰਗੇ ਲੱਗਦੇ ਸਨ ਤੇ ਇਸ ਵਕਤ ਉਸ ਦੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਅਸਤੀਫੇ ਦੇ ਕੇ ਭਾਜਪਾ ਵੱਲ ਓਸੇ ਝਾਕ ਵਿੱਚ ਦੌੜਾਂ ਲਾ ਰਹੇ ਹਨ, ਜਿਹੜੀ ਝਾਕ ਉਨ੍ਹਾਂ ਨੂੰ ਮਮਤਾ ਵੱਲ ਲੈ ਕੇ ਗਈ ਸੀ। ਮੁਕਾਬਲਾ ਵੱਡਾ ਹੋਵੇ ਜਾਂ ਛੋਟਾ, ਉਸ ਵਿੱਚ ਇਹ ਗੱਲ ਅਸਰ ਪਾਉਂਦੀ ਹੈ ਕਿ ਮੈਚ ਦਾ ਰੈਫਰੀ ਕਿੰਨਾ ਨਿਰਪੱਖ ਹੈ ਅਤੇ ਜਿਹੜਾ ਕੁਝ ਕਮਿਊਨਿਸਟਾਂ ਦੇ ਰਾਜ ਦਾ ਭੱਠਾ ਬਿਠਾਉਣ ਲਈ ਓਦੋਂ ਦੇ ਚੋਣ ਅਧਿਕਾਰੀਆਂ ਨੇ ਕੀਤਾ ਸੀ, ਲੱਗਦਾ ਹੈ ਕਿ ਉਹੋ ਕੁਝ ਇਸ ਵਾਰ ਚੋਣ ਕਮਿਸ਼ਨ ਦੀ ਟੀਮ ਮਮਤਾ ਬੈਨਰਜੀ ਦੇ ਖਿਲਾਫ ਕਰਨ ਲਈ ਤਿਆਰ ਹੈ। ਚੋਣ ਤਰੀਕਾਂ ਦਾ ਐਲਾਨ ਇਹ ਦੱਸਣ ਲਈ ਕਾਫੀ ਹੈ ਕਿ ਭਾਜਪਾ ਨੇ ਆਪਣੇ ਆਗੂਆਂ ਦੇ ਜਲਸੇ ਕਰਵਾਉਣ ਲਈ ਜਿਹੜੇ ਦਿਨ ਪਹਿਲਾਂ ਤੈਅ ਕਰ ਲਏ ਸਨ, ਚੋਣ ਤਰੀਕਾਂ ਉਨ੍ਹਾਂ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਨਹੀਂ ਪੈਣ ਦੇਂਦੀਆਂ। ਇਸੇ ਤੋਂ ਕਈ ਲੋਕ ਇਹ ਗੱਲ ਕਹਿਣ ਤੱਕ ਚਲੇ ਜਾਂਦੇ ਹਨ ਕਿ ਜਿਵੇਂ ਅਰਨਬ ਗੋਸਵਾਮੀ ਨੂੰ ਭਾਰਤ ਸਰਕਾਰ ਵੱਲੋਂ ਇੱਕ ਦਿਨ ਪਿੱਛੋਂ ਚੁੱਕਣ ਵਾਲੇ ਕਦਮਾਂ ਦਾ ਇੱਕ ਦਿਨ ਪਹਿਲਾਂ ਪਤਾ ਹੁੰਦਾ ਸੀ, ਚੋਣ ਕਮਿਸ਼ਨ ਤੇ ਭਾਜਪਾ ਲੀਡਰਸਿ਼ਪ ਵਿੱਚ ਵੀ ਓਦਾਂ ਦੀ ਲੁਕਵੀਂ ਸਮਝਦਾਰੀ ਹੋ ਸਕਦੀ ਹੈ। ਇਸ ਲਈ ਮਮਤਾ ਨੂੰ ਮੁਕਾਬਲਾ ਭਾਜਪਾ ਦੇ ਨਾਲ-ਨਾਲ ਚੋਣ-ਮੈਚ ਦੇ ਰੈਫਰੀ ਨਾਲ ਵੀ ਕਰਨਾ ਪਵੇਗਾ।
ਰਿਕਾਰਡ ਦੱਸਦਾ ਹੈ ਕਿ ਕਮਿਊਨਿਸਟ ਆਗੂ ਬੁੱਧਦੇਵ ਭੱਟਾਚਾਰੀਆ ਦੀ ਬੇੜੀ ਡੋਬਣ ਲਈ ਨੰਦੀਗ੍ਰਾਮ ਦਾ ਗੋਲੀ ਕਾਂਡ ਗਿਣ-ਮਿਥ ਕੇ ਕੀਤਾ ਗਿਆ ਅਤੇ ਉਸ ਦੇ ਸਿਰ ਥੱਪਿਆ ਗਿਆ ਸੀ, ਜਿਸ ਦੀ ਬਾਅਦ ਦੀ ਪੜਤਾਲ ਤੋਂ ਸਾਬਤ ਹੋ ਗਿਆ ਕਿ ਉਸ ਵਿੱਚ ਕਮਿਊਨਿਸਟ ਮੁੱਖ ਮੰਤਰੀ ਦੀ ਝੂਠੀ ਬਦਨਾਮੀ ਕੀਤੀ ਗਈ ਸੀ। ਉਸ ਪਾਪ ਵਿੱਚ ਓਦੋਂ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਦੇ ਆਗੂਆਂ ਨਾਲ ਭਾਜਪਾ ਦੇ ਆਗੂ ਵੀ ਸ਼ਾਮਲ ਸਨ ਤੇ ਮਮਤਾ ਇਸ ਨਾਲ ਹੋਈ ਸੱਤਾ ਤਬਦੀਲੀ ਤੋਂ ਖੁਸ਼ ਸੀ, ਪਰ ਅੱਜ ਖੁਦ ਆਪਣੇ ਖਿਲਾਫ ਏਹੋ ਕੁਝ ਹੁੰਦਾ ਵੇਖ ਕੇ ਉਹ ਦੇਸ਼ ਦੇ ਲੋਕਾਂ ਮੂਹਰੇ ਦੁਹੱਥੜਾਂ ਮਾਰਨ ਵਰਗੀ ਦੁਹਾਈ ਪਾਉਂਦੀ ਫਿਰਦੀ ਹੈ। ਇੱਕ ਧਰਮ-ਨਿਰਪੱਖਤਾ ਪੰਡਿਤ ਨਹਿਰੂ ਦੇ ਸਮੇਂ ਹੁੰਦੀ ਸੀ, ਜਿਸ ਵਿੱਚ ਫਿਰਕੂ ਤਾਕਤਾਂ ਨਾਲ ਸਮਝੌਤੇ ਦੀ ਗੁੰਜਾਇਸ਼ ਨਹੀਂ ਸੀ। ਦੂਸਰੀ ਅਰਧ-ਨਿਰਪੱਖਤਾ ਇੰਦਰਾ ਗਾਂਧੀ ਦੇ ਵਕਤ ਸੀ, ਜਿਸ ਵਿੱਚ ਲੋੜ ਜੋਗੀ ਫਿਰਕਾਪ੍ਰਸਤੀ ਨੂੰ ਕਾਇਮ ਰੱਖ ਕੇ ਰਾਜਨੀਤੀ ਲਈ ਵਰਤਣ ਦਾ ਕੰਮ ਸ਼ੁਰੂ ਹੋਇਆ ਸੀ। ਤੀਸਰੀ ਲੀਹੋਂ ਲੱਥੀ ਰਾਜਨੀਤੀ ਰਾਜੀਵ ਗਾਂਧੀ ਦੀ ਸੀ, ਜਿਸ ਨੇ ਥੋੜ੍ਹ-ਚਿਰੇ ਲਾਭਾਂ ਲਈ ਇਸ ਕਿਸਮ ਦੇ ਤੱਤਾਂ ਨੂੰ ਆਪਣੇ ਨਾਲ ਲਾਇਆ ਅਤੇ ਵਰਤਿਆ ਸੀ, ਜਿਹੜੇ ਬਾਅਦ ਵਿੱਚ ਉਸ ਦੀ ਔਲਾਦ ਅਤੇ ਉਸ ਦੀ ਪਾਰਟੀ ਵਾਸਤੇ ਵੀ ਜੜ੍ਹਾਂ ਨੂੰ ਲੱਗੀ ਸਿਉਂਕ ਸਾਬਤ ਹੋਏ ਸਨ। ਮਮਤਾ ਬੈਨਰਜੀ ਕਿਉਂਕਿ ਰਾਜੀਵ ਗਾਂਧੀ ਦੇ ਦੌਰ ਵਾਲੀ ਰਾਜਨੀਤੀ ਦੌਰਾਨ ਪਾਰਲੀਮੈਂਟ ਦੀਆਂ ਪੌੜੀਆਂ ਚੜ੍ਹੀ ਸੀ, ਇਸ ਕਾਰਨ ਉਹ ਵੀ ਸੱਤਾ ਖਾਤਰ ਰਾਜੀਵ ਗਾਂਧੀ ਵਾਲੀ ਲੀਹੇ ਪਈ ਰਹੀ, ਪਰ ਜਦੋਂ ਉਸ ਰਾਜ ਦੀ ਸੱਤਾ ਸੰਭਾਲਣ ਦੇ ਬਾਅਦ ਖੁਦ ਉਸ ਨੂੰ ਉਹੀ ਤਾਕਤਾਂ ਅੱਖਾਂ ਦਿਖਾਉਣ ਲੱਗ ਪਈਆਂ ਤਾਂ ਉਨ੍ਹਾਂ ਦੇ ਟਾਕਰੇ ਲਈ ਉਨ੍ਹਾਂ ਕਮਿਊਨਿਸਟਾਂ ਨੂੰ ਵੀ ਹਾਕਾਂ ਮਾਰਨ ਲੱਗ ਪਈ ਸੀ, ਜਿਨ੍ਹਾਂ ਨਾਲ ਕਦੀ ਉਸ ਨੇ ਭਲੀ ਨਹੀਂ ਸੀ ਗੁਜ਼ਾਰੀ।
ਅੱਜ ਦੇ ਦੌਰ ਵਿੱਚ ਜਦੋਂ ਸਾਰੇ ਦੇਸ਼ ਦੇ ਲੋਕਾਂ ਦਾ ਧਿਆਨ ਪੱਛਮੀ ਬੰਗਾਲ ਵਿਚਲੇ ਚੋਣ ਘੋਲ ਵੱਲ ਲੱਗਾ ਪਿਆ ਹੈ, ਬਹੁਤ ਸਾਰੇ ਲੋਕ ਇਸ ਘੋਲ ਵਿੱਚ ਮਮਤਾ ਦੀ ਜਿੱਤ ਇਸ ਕਾਰਨ ਚਾਹੁੰਦੇ ਹਨ ਕਿ ਉਹ ਭਾਜਪਾ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ, ਪਰ ਜਿਸ ਘੁੰਮਣਘੇਰੀ ਵਿੱਚ ਮਮਤਾ ਨੇ ਖੁਦ ਨੂੰ ਫਸਾ ਲਿਆ ਹੈ, ਉਹ ਵੀ ਸਾਰਿਆਂ ਨੂੰ ਪਤਾ ਹੈ। ਬਿਹਾਰ ਦੇ ਲੋਕਾਂ ਨੇ ਇੱਕ ਸਮੇਂ ਨਿਤੀਸ਼ ਕੁਮਾਰ ਨੂੰ ਧਰਮ-ਨਿਰਪੱਖਤਾ ਦਾ ਝੰਡਾ-ਬਰਦਾਰ ਹੋਣ ਦਾ ਮਾਣ ਬਖਸਿ਼ਆ ਸੀ, ਉਹ ਇਸ ਦੇ ਕਾਬਲ ਨਹੀਂ ਨਿਕਲਿਆ ਤੇ ਭਾਜਪਾ ਦਾ ਪਿਛਲੱਗ ਬਣ ਕੇ ਰਹਿ ਗਿਆ ਸੀ। ਸੱਤਾ ਖਾਤਰ ਜਿਸ ਨੇ ਵੀ ਕਦੇ ਏਦਾਂ ਦੀ ਟਪੂਸੀ ਮਾਰੀ ਹੈ, ਉਸ ਨਾਲ ਭਲੀ ਨਹੀਂ ਗੁਜ਼ਰੀ। ਮਮਤਾ ਦਾ ਕੀ ਹੋਵੇਗਾ, ਕਹਿ ਸਕਣਾ ਔਖਾ ਹੈ। ਕਹਿੰਦੇ ਹਨ ਕਿ ਬੰਦਾ ਪ੍ਰਾਪਤੀਆਂ ਤੋਂ ਵੱਧ ਗਲਤੀਆਂ ਅਤੇ ਭੁੱਲਾਂ ਤੋਂ ਸਿੱਖਦਾ ਹੈ, ਪਰ ਸਿੱਖਣ ਲਈ ਖੁਦ ਗਲਤੀਆਂ ਕਰਨਾ ਜ਼ਰੂਰੀ ਨਹੀਂ ਹੁੰਦਾ। ਨਿਤੀਸ਼ ਵਰਗਿਆਂ ਦੀ ਗਲਤੀ ਤੋਂ ਮਮਤਾ ਸਿੱਖ ਸਕਦੀ ਸੀ, ਪਰ ਅਫਸੋਸ ਕਿ ਉਹ ਸਿੱਖ ਨਹੀਂ ਸਕੀ।

Click Here To Read More Latest Punjabi Article

Continue Reading

ਲੇਖ

ਸ਼ਹਿਰੀ ਚੋਣਾਂ ਦੇ ਨਤੀਜਿਆਂ ਨੇ ਸਿਆਸੀ ਧਿਰਾਂ ਨੂੰ ਸੋਚਣ ਲਾ ਦਿੱਤੈ-ਜਤਿੰਦਰ ਪਨੂੰ

Published

on

ਪੰਜਾਬ ਵਿੱਚ ਲੋਕਤੰਤਰੀ ਪ੍ਰਕਿਰਿਆ ਹੇਠ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਵਾਸਤੇ ਪਿਛਲੇ ਚੌਦਾਂ ਫਰਵਰੀ ਨੂੰ ਵੋਟਾਂ ਪੈਣ ਅਤੇ ਸਤਾਰਾਂ ਨੂੰ ਨਤੀਜੇ ਨਿਕਲਣ ਨਾਲ ਕਈ ਕੁਝ ਸਾਫ ਹੋ ਗਿਆ ਹੈ। ਇਸ ਚੋਣ ਬਾਰੇ ਕਿਹਾ ਗਿਆ ਸੀ ਕਿ ਅਗਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨੇ ਜਦੋਂ ਪੰਜ ਸਾਲ ਰਾਜ ਕਰਨ ਵਾਲੀ ਸਰਕਾਰ ਚੁਣਨੀ ਹੈ, ਉਨ੍ਹਾਂ ਚੋਣਾਂ ਲਈ ਇਹ ਇੱਕ ਤਰ੍ਹਾਂ ਦਾ ਸੈਮੀ-ਫਾਈਨਲ ਸੀ। ਪੰਜਾਬ ਦੇ ਅੱਠ ਵੱਡੇ ਸ਼ਹਿਰਾਂ ਦੇ ਲਈ ਮਿਉਂਸਪਲ ਕਾਰਪੋਰੇਸ਼ਨਾਂ ਤੇ ਇੱਕ ਸੌ ਨੌਂ ਛੋਟੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਲਈ ਚੋਣ ਹੋਈ ਹੋਵੇ ਤਾਂ ਇਸ ਨੂੰ ਸੈਮੀ-ਫਾਈਨਲ ਕਹਿਣਾ ਗਲਤ ਨਹੀਂ ਹੈ। ਨਤੀਜੇ ਨਿਕਲੇ ਤਾਂ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਈ ਅਤੇ ਸਿਆਸਤ ਦੇ ਮੈਦਾਨ ਵਿੱਚ ਇਸ ਦਾ ਬਦਲ ਬਣਨ ਦੀਆਂ ਚਾਹਵਾਨ ਤਿੰਨੇ ਮੁੱਖ ਸਿਆਸੀ ਧਿਰਾਂ ਆਪਣੀ ਹਾਰ ਦਾ ਕਾਰਨ ਦੱਸਣ ਦੇ ਲਈ ਬਹਾਨੇ ਭਾਲ ਰਹੀਆਂ ਹਨ। ਆਪਣੀ ਹਾਰ ਦੇ ਅਸਲੀ ਕਾਰਨਾਂ ਦਾ ਉਨ੍ਹਾਂ ਨੂੰ ਵੀ ਪਤਾ ਹੈ, ਪਰ ਜਿਵੇਂ ਉਹ ਤਿੰਨੇ ਧਿਰਾਂ ਆਪੋ-ਆਪਣੀ ਹਾਰ ਦੇ ਅਸਲੀ ਕਾਰਨ ਨਹੀਂ ਮੰਨਦੀਆਂ ਅਤੇ ਹੋਰ ਬਹਾਨੇ ਭਾਲਦੀਆਂ ਫਿਰਦੀਆਂ ਹਨ, ਇਸੇ ਤਰ੍ਹਾਂ ਕਾਂਗਰਸ ਵੀ ਆਪਣੀ ਜਿੱਤ ਦੇ ਅਸਲ ਕਾਰਨ ਨਹੀਂ ਦੱਸਦੀ ਅਤੇ ਆਪਣੀ ਹਰਮਨ-ਪਿਆਰਤਾ ਦੀ ਡੁਗਡੁਗੀ ਵਜਾ ਕੇ ਖੁਸ਼ ਹੋਣਾ ਚਾਹੁੰਦੀ ਹੈ।
ਵੱਡੇ ਅੱਠ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਵੀ ਵਿਰੋਧੀ ਧਿਰ ਦੀ ਕਿਸੇ ਪਾਰਟੀ ਦੇ ਪੈਰ ਨਹੀਂ ਲੱਗ ਸਕੇ ਤੇ ਇਨ੍ਹਾਂ ਸਾਰੇ ਸ਼ਹਿਰਾਂ ਵਿੱਚ ਕਾਂਗਰਸ ਏਨੀ ਭਾਰੂ ਸਾਬਤ ਹੋਈ ਕਿ ਸੱਤਾਂ ਵਿੱਚ ਉਸ ਕੋਲ ਸਿੱਧੀ ਬਹੁ-ਗਿਣਤੀ ਅਤੇ ਅੱਠਵੇਂ ਵਿੱਚ ਸਭ ਤੋਂ ਵੱਡੀ ਪਾਰਟੀ ਹੋਣ ਕਾਰਨ ਆਜ਼ਾਦ ਵੀ ਉਸ ਨਾਲ ਆਣ ਜੁੜੇ ਹਨ। ਸਾਫ ਹੈ ਕਿ ਸਾਰੇ ਸ਼ਹਿਰਾਂ ਵਿੱਚ ਮੇਅਰ ਇਸ ਵਾਰੀ ਇਕੱਲੀ ਕਾਂਗਰਸ ਪਾਰਟੀ ਦੇ ਬਣਨਗੇ। ਪੰਜਾਬ ਦੀ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਦੇ ਸ਼ਹਿਰ ਪਠਾਨਕੋਟ ਦੀ ਮਿਉਂਸਪਲ ਕਾਰਪੋਰੇਸ਼ਨ ਵਿੱਚ ਵੀ ਕਾਂਗਰਸ ਅਠੱਤੀ ਸੀਟਾਂ ਜਿੱਤ ਗਈ ਅਤੇ ਭਾਜਪਾ ਨੂੰ ਮਸਾਂ ਗਿਆਰਾਂ ਮਿਲੀਆਂ ਹਨ, ਜਦ ਕਿ ਇੱਕ ਸੀਟ ਅਕਾਲੀ ਦਲ ਜਿੱਤਿਆ ਹੈ। ਹੁਸਿ਼ਆਰਪੁਰ ਵਿੱਚ ਕਾਂਗਰਸ ਪੰਜਾਹ ਵਿੱਚੋਂ ਇਕਤਾਲੀ ਸੀਟਾਂ ਜਿੱਤਣ ਵਿੱਚ ਸਫਲ ਰਹੀ ਤੇ ਭਾਜਪਾ ਨੂੰ ਸਿਰਫ ਚਾਰ ਸੀਟਾਂ ਮਿਲੀਆਂ ਹਨ। ਏਥੇ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦੀ ਪਤਨੀ ਵੀ ਹਾਰ ਗਈ, ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਸਾਂਪਲਾ ਦੇ ਵਾਰਡ ਵਿੱਚ ਵੀ ਭਾਜਪਾ ਜਿੱਤ ਨਾ ਸਕੀ ਤੇ ਕਈ ਰਾਜਾਂ ਦੇ ਭਾਜਪਾ ਇੰਚਾਰਜ ਅਵਿਨਾਸ਼ ਖੰਨਾ ਦੇ ਵਾਰਡ ਤੋਂ ਵੀ ਭਾਜਪਾ ਉਮੀਦਵਾਰ ਹਾਰ ਗਿਆ ਹੈ। ਇਸ ਪਾਰਟੀ ਵੱਲੋਂ ਖੜੋਤੇ ਜਿ਼ਲਾ ਪੱਧਰ ਦੇ ਕਈ ਅਹੁਦੇਦਾਰ ਵੀ ਨਹੀਂ ਜਿੱਤੇ ਤਾਂ ਕਾਰਨ ਸਾਫ ਹੈ ਕਿ ਕਿਸਾਨ ਸੰਘਰਸ਼ ਦੌਰਾਨ ਇਸ ਪਾਰਟੀ ਦੇ ਪੰਜਾਬ ਵਾਲੇ ਲੀਡਰਾਂ ਨੇ ਜਿਵੇਂ ਆਪਣੀ ਕੇਂਦਰੀ ਲੀਡਰਸਿ਼ਪ ਨੂੰ ਖੁਸ਼ ਕਰਨ ਲਈ ਕੁੜੱਤਣ ਫੈਲਾਉਂਦੇ ਬਿਆਨ ਦਾਗਣ ਦਾ ਕੰਮ ਕੀਤਾ ਸੀ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਬਿਲਕੁਲ ਹੀ ਪਸੰਦ ਨਹੀਂ ਕੀਤਾ। ਭਾਜਪਾ ਦੇ ਆਗੂਆਂ ਵਿੱਚੋਂ ਜਿਨ੍ਹਾਂ ਨੂੰ ਸਮਝ ਪੈ ਗਈ ਕਿ ਇਸ ਵਾਰੀ ਪੰਜਾਬ ਦੇ ਲੋਕ ਇਸ ਪਾਰਟੀ ਨਾਲ ਨਾਰਾਜ਼ ਹਨ, ਉਨ੍ਹਾਂ ਵਿੱਚੋਂ ਕਈ ਇਸ ਪਾਰਟੀ ਵੱਲੋਂ ਟਿਕਟ ਲੈ ਕੇ ਵੀ ਆਜ਼ਾਦ ਉਮੀਦਵਾਰ ਬਣ ਕੇ ਚੋਣ ਲੜੇ ਤੇ ਸਾਰੀ ਚੋਣ ਦੌਰਾਨ ਭਾਜਪਾ ਦਾ ਜਿ਼ਕਰ ਤੱਕ ਨਹੀਂ ਸੀ ਕਰ ਰਹੇ, ਉਹ ਫਿਰ ਵੀ ਹਾਰ ਗਏ। ਕਾਰਨ ਇਹ ਸੀ ਕਿ ਉਹ ਜਿੰਨਾ ਮਰਜ਼ੀ ਲੁਕਾਉਂਦੇ ਰਹੇ, ਆਮ ਲੋਕਾਂ ਨੂੰ ਉਨ੍ਹਾਂ ਦਾ ਸਾਰਾ ਪਤਾ ਸੀ ਕਿ ਇਹ ਉਮੀਦਵਾਰ ਜਿੱਤ ਗਿਆ ਤਾਂ ਕੱਲ੍ਹ ਨੂੰ ਨਰਿੰਦਰ ਮੋਦੀ ਦੀ ਅਗਵਾਈ ਦੀ ਜਿੱਤ ਹੀ ਕਹੇਗਾ।
ਆਮ ਆਦਮੀ ਪਾਰਟੀ ਪਹਿਲੀ ਸਥਿਤੀ ਨੂੰ ਸੁਧਾਰਨ ਵਿੱਚ ਕਾਮਯਾਬ ਰਹੀ ਹੈ, ਪਰ ਪੰਜਾਬ ਦੀ ਇੱਕ ਵੀ ਸ਼ਹਿਰੀ ਸੰਸਥਾ ਵਿੱਚ ਆਪਣਾ ਪ੍ਰਧਾਨ ਚੁਣ ਸਕਣ ਦਾ ਮਾਣ ਨਹੀਂ ਖੱਟ ਸਕੀ। ਇਸ ਦੇ ਪੰਜਾਬ ਦੇ ਪ੍ਰਧਾਨ ਦੀ ਦੋ ਵਾਰ ਜਿੱਤੀ ਲੋਕ ਸਭਾ ਸੀਟ ਅਤੇ ਜਿਨ੍ਹਾਂ ਹਲਕਿਆਂ ਵਿੱਚ ਇਸ ਪਾਰਟੀ ਦੇ ਵਿਧਾਇਕ ਬੈਠੇ ਹਨ, ਉਨ੍ਹਾਂ ਵਿੱਚ ਵੀ ਪਾਰਟੀ ਤੋਂ ਜਿਸ ਤਰ੍ਹਾਂ ਦੀ ਕਾਰਗੁਜ਼ਾਰੀ ਦੀ ਆਸ ਸੀ, ਓਨੀ ਉਹ ਨਹੀਂ ਵਿਖਾ ਸਕੇ। ਇਸ ਨਾਲ ਪਾਰਟੀ ਨੂੰ ਸੋਚਣਾ ਪੈਣਾ ਹੈ ਕਿ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਨੂੰ ਕੀ ਕੁਝ ਕਰਨ ਦੀ ਲੋੜ ਹੈ ਤੇ ਇਹ ਵੀ ਕਿ ਦਿੱਲੀ ਤੋਂ ਇਸ ਪਾਰਟੀ ਦੀ ਲੀਡਰਸਿ਼ਪ ਜਿਹੜੇ ਤਜਰਬੇ ਕਰ ਰਹੀ ਹੈ, ਉਹ ਪੰਜਾਬ ਵਿੱਚ ਪਾਰਟੀ ਦਾ ਭਵਿੱਖ ਸੁਧਾਰਨ ਵਾਲੇ ਨਹੀਂ। ਪਹਿਲਾਂ ਇੱਕ ਸਾਊ ਆਦਮੀ ਜਰਨੈਲ ਸਿੰਘ ਨੂੰ ਪੰਜਾਬ ਦਾ ਇੰਚਾਰਜ ਲਾਇਆ ਅਤੇ ਫਿਰ ਉਸ ਨਾਲ ਸਹਾਇਕ ਇੰਚਾਰਜ ਇਹੋ ਜਿਹਾ ਵਿਅਕਤੀ ਲਾ ਦਿੱਤਾ, ਜਿਸ ਦੇ ਅੰਦਰੋਂ ਲੀਡਰੀ ਦੀ ਖਾਹਿਸ਼ ਉਬਾਲੇ ਖਾ ਕੇ ਬਾਹਰ ਨੂੰ ਨਿਕਲਦੀ ਅਤੇ ਬਾਕੀ ਸਾਰਿਆਂ ਦੇ ਪੈਰ ਮਿੱਧਣ ਦਾ ਪ੍ਰਭਾਵ ਦੇਂਦੀ ਹੈ। ਉਸ ਦੀ ਇਸ ਤਰ੍ਹਾਂ ਦੀ ਪੇਸ਼ਕਾਰੀ ਇਸ ਪਾਰਟੀ ਦਾ ਕੁਝ ਸੰਵਾਰਨ ਦੀ ਥਾਂ ਪਾਰਟੀ ਦੇ ਲਈ ਭਵਿੱਖ ਵਿੱਚ ਮੁਸ਼ਕਲਾਂ ਪੈਦਾ ਕਰਨ ਦਾ ਕਾਰਨ ਬਣ ਸਕਦੀ ਹੈ, ਜਿਸ ਬਾਰੇ ਲੀਡਰਸਿ਼ਪ ਨੂੰ ਸੋਚਣਾ ਪਵੇਗਾ।
ਇਸ ਤੋਂ ਪਹਿਲਾਂ ਕਿ ਆਪਣੇ ਆਪ ਨੂੰ ਕਾਂਗਰਸ ਦਾ ਬਦਲ ਦੱਸ ਕੇ ਖੁਸ਼ ਹੁੰਦੇ ਅਕਾਲੀ ਆਗੂਆਂ ਦਾ ਜਿ਼ਕਰ ਕੀਤਾ ਜਾਵੇ, ਇੱਕ ਗੱਲ ਇਨ੍ਹਾਂ ਚੋਣਾਂ ਬਾਰੇ ਹੋਰ ਕਰਨੀ ਬਣਦੀ ਹੈ। ਗਿਆਨੀ ਜ਼ੈਲ ਸਿੰਘ ਦੇ ਰਾਜ ਵੇਲੇ ਪੰਜਾਬ ਦੀ ਵਿਧਾਨ ਸਭਾ ਵਿੱਚ ਕਮਿਊਨਿਸਟਾਂ ਦੇ ਗਿਆਰਾਂ ਮੈਂਬਰ ਹੁੰਦੇ ਸਨ, ਅਗਲੀ ਵਾਰੀ ਦੋਂਹ ਪਾਰਟੀਆਂ ਦੇ ਮਿਲਾ ਕੇ ਪੰਦਰਾਂ ਜਣੇ ਹੋ ਗਏ ਤੇ ਓਦੋਂ ਅਗਲੀ ਵਾਰੀ ਚੌਦਾਂ ਜਿੱਤੇ ਸਨ, ਪਰ ਪਿਛਲੀਆਂ ਚਾਰ ਕੁ ਵਾਰੀਆਂ ਤੋਂ ਕੋਈ ਵੀ ਨਹੀਂ ਜਿੱਤ ਸਕਿਆ। ਸ਼ਹਿਰਾਂ ਦੇ ਲਈ ਤਾਜ਼ਾ ਚੋਣਾਂ ਵਿੱਚ ਪੰਜਾਬ ਵਿੱਚ ਕਿਸੇ ਵੀ ਥਾਂ ਉਹ ਕੋਈ ਸੀਟ ਨਹੀਂ ਜਿੱਤ ਸਕੇ, ਪਰ ਮਾਨਸਾ ਜਿ਼ਲੇ ਵਿਚਲੇ ਜੋਗਾ ਕਸਬੇ ਵਿੱਚ ਉਨ੍ਹਾਂ ਨੇ ਤੇਰਾਂ ਵਿੱਚੋਂ ਬਾਰਾਂ ਸੀਟਾਂ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਜ਼ਾਦੀ ਲਹਿਰ ਦੌਰਾਨ ਪਰਜਾ ਮੰਡਲ ਲਹਿਰ ਦੇ ਮੋਹਰੀ ਆਗੂ ਕਾਮਰੇਡ ਜਗੀਰ ਸਿੰਘ ਜੋਗਾ ਦੇ ਇਸ ਪਿੰਡ ਦੀ ਚੋਣ ਵਿੱਚ ਸੀ ਪੀ ਆਈ ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ ਦੇ ਕਈ ਅਰਥ ਨਿਕਲੇ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਇਨ੍ਹਾਂ ਦਾ ਆਧਾਰ ਅਜੇ ਵੀ ਕਾਇਮ ਹੈ। ਕਿਸਾਨਾਂ ਦੇ ਸੰਘਰਸ਼ ਦੌਰਾਨ ਖੱਬੇ ਪੱਖੀਆਂ ਦੀ ਸਰਗਰਮੀ ਜਿਸ ਤਰ੍ਹਾਂ ਲਗਾਤਾਰ ਰਹੀ ਅਤੇ ਜਿਹੜੇ ਸਿਰੜ ਦਾ ਇਨ੍ਹਾਂ ਦਾ ਪ੍ਰਭਾਵ ਆਮ ਲੋਕਾਂ ਉੱਤੇ ਪਿਆ ਹੈ, ਇਸ ਜਿੱਤ ਵਿੱਚ ਉਸ ਪ੍ਰਭਾਵ ਦਾ ਵੀ ਤਕੜਾ ਯੋਗਦਾਨ ਹੈ।
ਅਖੀਰ ਵਿੱਚ ਅਕਾਲੀ ਦਲ ਦੀ ਗੱਲ ਕਰਨੀ ਬਣਦੀ ਹੈ। ਇਸ ਪਾਰਟੀ ਨੇ ਇਹ ਦਾਅਵਾ ਕਰ ਦਿੱਤਾ ਹੈ ਕਿ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਇਹੋ ਪਾਰਟੀ ਕਾਂਗਰਸ ਦਾ ਅਸਲ ਬਦਲ ਬਣ ਸਕਦੀ ਹੈ। ਇਹੋ ਜਿਹੇ ਦਾਅਵੇ ਕਰਨ ਵਾਲੀ ਪਾਰਟੀ ਨੂੰ ਇਨ੍ਹਾਂ ਚੋਣਾਂ ਵਿੱਚ ਵੱਡੇ ਝਟਕੇ ਲੱਗੇ ਹਨ। ਬਠਿੰਡਾ ਸ਼ਹਿਰ ਤਰੇਹਠ ਸਾਲਾਂ ਤੱਕ ਅਕਾਲੀ ਦਲ ਦੀ ਪ੍ਰਧਾਨਗੀ ਹੇਠ ਰਿਹਾ ਸੀ, ਇਸ ਵਾਰ ਇਨ੍ਹਾਂ ਕੋਲੋਂ ਖੁੱਸ ਗਿਆ ਤਾਂ ਉਸ ਦੇ ਬਹਾਨੇ ਲੱਭੇ ਜਾ ਸਕਦੇ ਹਨ, ਪਰ ਮੁਕਤਸਰ ਸਾਹਿਬ, ਮਲੋਟ ਅਤੇ ਹੋਰ ਤਾਂ ਹੋਰ, ਜਲਾਲਾਬਾਦ ਵਰਗਾ ਸ਼ਹਿਰ, ਜਿੱਥੇ ਅਕਾਲੀ ਦਲ ਦਾ ਪ੍ਰਧਾਨ ਭਵਿੱਖ ਦਾ ਮੁੱਖ ਮੰਤਰੀ ਬਣਨ ਦੀ ਝਾਕ ਵਿੱਚ ਲਗਾਤਾਰ ਕੈਂਪ ਲਾ ਕੇ ਬੈਠਾ ਰਿਹਾ ਸੀ, ਓਥੇ ਵੀ ਹਾਰ ਝੱਲਣੀ ਪੈ ਗਈ ਹੈ। ਕਾਂਗਰਸ ਪਾਰਟੀ ਓਥੇ ਸਤਾਰਾਂ ਵਿੱਚੋਂ ਗਿਆਰਾਂ ਸੀਟਾਂ ਜਿੱਤ ਗਈ ਅਤੇ ਅਕਾਲੀ ਦਲ ਨੂੰ ਸਿਰਫ ਪੰਜ ਮਿਲੀਆਂ ਹਨ ਤਾਂ ਅਕਾਲੀ ਲੀਡਰਸਿ਼ਪ ਨੇ ਇਸ ਦਾ ਕਾਰਨ ਕਾਂਗਰਸ ਪਾਰਟੀ ਵੱਲੋਂ ਧੱਕੇਸ਼ਾਹੀ ਅਤੇ ਪੁਲਸ ਅਤੇ ਪ੍ਰਸ਼ਾਸਨ ਦੀ ਦੁਰਵਰਤੋਂ ਦੱਸਿਆ ਹੈ। ਮਾਝੇ ਵਿੱਚ ਏਸੇ ਪਾਰਟੀ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਮਜੀਠਾ ਦੀ ਨਗਰ ਕੌਂਸਲ ਦੀਆਂ ਤੇਰਾਂ ਸੀਟਾਂ ਵਿੱਚੋਂ ਦਸ ਅਕਾਲੀ ਦਲ ਨੇ ਜਿੱਤੀਆਂ ਹਨ, ਪ੍ਰਸ਼ਾਸਨ ਦੀ ਦੁਰਵਰਤੋਂ ਹੋਈ ਹੁੰਦੀ ਤਾਂ ਓਥੇ ਵੀ ਕੀਤੀ ਜਾਣੀ ਸੀ ਤੇ ਬਿਕਰਮ ਸਿੰਘ ਨਾਲ ਕਾਂਗਰਸ ਦੀ ਕੁੜੱਤਣ ਉਂਜ ਵੀ ਸਿਖਰਾਂ ਉੱਤੇ ਹੈ, ਉਹ ਫਿਰ ਵੀ ਜਿੱਤ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਹਕੀਕਤਾਂ ਨਾਲ ਅੱਖ ਮਿਲਾਉਣ ਦਾ ਹੌਸਲਾ ਦਿਖਾਉਣਾ ਚਾਹੀਦਾ ਹੈ ਤੇ ਹਕੀਕਤਾਂ ਇਹ ਹਨ ਕਿ ਜਿਨ੍ਹਾਂ ਸ਼ਹਿਰਾਂ ਵਿੱਚ ਕਿਸੇ ਵੀ ਕਿਸਮ ਦਾ ਕੋਈ ਰੌਲਾ ਨਹੀਂ ਪਿਆ, ਉਨ੍ਹਾਂ ਵਿੱਚ ਵੀ ਅਕਾਲੀ ਦਲ ਨੂੰ ਲੋਕਾਂ ਨੇ ਵੋਟਾਂ ਪਾਉਣ ਲਈ ਯੋਗ ਧਿਰ ਨਹੀਂ ਮੰਨਿਆ ਤੇ ਆਗੂ ਦੇ ਪੱਲੇ ਉੱਤੇ ਲੱਗੇ ਹੋਏ ਦਾਗ ਇਸ ਪਾਰਟੀ ਲਈ ਘਾਤਕ ਸਾਬਤ ਹੋਏ ਹਨ। ਇਸ ਪੱਖ ਤੋਂ ਪਾਰਟੀ ਅੰਦਰਲੇ ਸੀਨੀਅਰ ਆਗੂਆਂ ਨੂੰ ਨਵੇਂ ਸਿਰਿਉਂ ਸੋਚਣ ਅਤੇ ਫੈਸਲੇ ਲੈਣ ਦੀ ਲੋੜ ਪੈ ਸਕਦੀ ਹੈ।
ਮੁੜ ਕੇ ਆਈਏ ਕਾਂਗਰਸ ਪਾਰਟੀ ਦੇ ਇਸ ਵਹਿਮ ਵੱਲ ਕਿ ਆਮ ਲੋਕਾਂ ਵਿੱਚ ਇਸ ਪਾਰਟੀ ਦੇ ਹਰਮਨ ਪਿਆਰੇ ਹੋਣ ਦਾ ਸਿੱਟਾ ਇਨ੍ਹਾਂ ਚੋਣਾਂ ਵਿੱਚ ਜਿੱਤਾਂ ਦੇ ਰੂਪ ਵਿੱਚ ਨਿਕਲਿਆ ਹੈ। ਉਨ੍ਹਾਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਪਾਰਟੀ ਦੀ ਹਰਮਨ ਪਿਆਰਤਾ ਏਨੀ ਤਕੜੀ ਸੀ ਤਾਂ ਆਨੰਦਪੁਰ ਸਾਹਿਬ ਵਿੱਚ ਸਾਰੇ ਦੇ ਸਾਰੇ ਆਜ਼ਾਦ ਉਮੀਦਵਾਰ ਹੀ ਜਿੱਤਦੇ ਗਏ ਹਨ ਤੇ ਹੋਰ ਪਾਰਟੀਆਂ ਦੇ ਨਾਲ ਕਾਂਗਰਸ ਦੀ ਝੋਲੀ ਵੀ ਖਾਲੀ ਰਹੀ ਹੈ, ਓਥੇ ਹਰਮਨ ਪਿਆਰਤਾ ਕਿੱਧਰ ਚਲੀ ਗਈ ਸੀ! ਖਬਰਾਂ ਕਹਿੰਦੀਆਂ ਹਨ ਕਿ ਸ੍ਰੀ ਹਰਗੋਬਿੰਦਪੁਰ ਵਿੱਚ ਤੇਰਾਂ ਵਿੱਚੋਂ ਬਾਰਾਂ ਜਣੇ ਆਜ਼ਾਦ ਜਿੱਤੇ ਹਨ ਅਤੇ ਇਹ ਆਜ਼ਾਦ ਵੀ ਉਹੀ ਹਨ, ਜਿਹੜੇ ਟਰੈਕਟਰ ਦੇ ਚੋਣ ਨਿਸ਼ਾਨ ਉੱਤੇ ਚੋਣ ਲੜੇ ਸਨ। ਓਥੇ ਕਾਂਗਰਸ ਦੇ ਪੈਰ ਕਾਹਤੋਂ ਨਾ ਲੱਗ ਸਕੇ, ਇਹ ਗੱਲ ਵੀ ਕਾਂਗਰਸੀ ਆਗੂਆਂ ਨੂੰ ਸੋਚਣੀ ਚਾਹੀਦੀ ਹੈ। ਰਾਜ ਕਰਦੀ ਪਾਰਟੀ ਚੋਣਾਂ ਵਿੱਚ ਹਮੇਸ਼ਾਂ ਧੱਕੇਸ਼ਾਹੀ ਕਰਨ ਵਾਸਤੇ ਯਤਨ ਕਰਦੀ ਹੁੰਦੀ ਹੈ, ਇਸ ਵਾਰੀ ਵੀ ਇਸ ਦੀਆਂ ਖਬਰਾਂ ਆਈਆਂ ਸਨ, ਫਿਰ ਵੀ ਕਈ ਸ਼ਹਿਰਾਂ ਵਿੱਚ ਖਬਰਾਂ ਬਣਨ ਜੋਗੇ ਰੌਲੇ ਤੋਂ ਬਿਨਾਂ ਇਹ ਪਾਰਟੀ ਸਭ ਸੀਟਾਂ ਨੂੰ ਹੂੰਝਾ ਮਰਨ ਵਿੱਚ ਕਾਮਯਾਬ ਰਹੀ ਹੈ ਤਾਂ ਉਸ ਤੋਂ ਇਹ ਬਹੁਤੀ ਖੁਸ਼ ਨਾ ਹੋਵੇ, ਆਪਣੀਆਂ ਕਮਜ਼ੋਰੀਆਂ ਦੀ ਪੜਚੋਲ ਕਰਨ ਦੀ ਕੋਸਿ਼ਸ਼ ਕਰੇ। ਇਹ ਆਮ ਕਿਹਾ ਜਾਂਦਾ ਹੈ ਕਿ ਜਦੋਂ ਰਾਜ ਕਰਦੀ ਪਾਰਟੀ ਆਮ ਚੋਣਾਂ ਤੋਂ ਪਹਿਲੇ ਸਾਲ ਵਿੱਚ ਵੱਡੀਆਂ ਜਿੱਤਾਂ ਜਿੱਤਦੀ ਹੈ ਤਾਂ ਉਹ ਇਸੇ ਵਹਿਮ ਹੇਠ ਕੰਮ ਕਰਨਾ ਛੱਡ ਕੇ ਅਗਲੀ ਵਾਰੀ ਫਿਰ ਪੱਕੀ ਜਿੱਤ ਦੇ ਸੁਫਨੇ ਲੈਣ ਲੱਗ ਜਾਂਦੀ ਹੁੰਦੀ ਹੈ। ਇਹੋ ਸੁਫਨੇ ਉਸ ਦੇ ਜੜ੍ਹੀਂ ਬੈਠ ਜਾਇਆ ਕਰਦੇ ਹਨ ਤੇ ਫਿਰ ਉਹ ‘ਹਰਮਨ ਪਿਆਰਤਾ’ ਦੇ ਵਹਿਮ ਕਾਰਨ ਹੀ ਏਦਾਂ ਦੀ ਸੱਟ ਖਾ ਜਾਂਦੀ ਹੈ ਕਿ ਉਸ ਨੂੰ ਲੋਕਾਂ ਮੂਹਰੇ ਜਾਣ ਲਈ ਬਹਾਨਾ ਵੀ ਨਹੀਂ ਲੱਭਦਾ ਹੁੰਦਾ। ਕਾਂਗਰਸ ਵੀ ਅੱਜਕੱਲ੍ਹ ਇਸੇ ਵਹਿਮ ਦੀ ਸਿ਼ਕਾਰ ਜਾਪਦੀ ਹੈ।
ਲੋਕਾਂ ਨੇ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਹੋਏ ਸੈਮੀ-ਫਾਈਨਲ ਵਰਗੇ ਚੋਣ-ਘੋਲ ਵਿੱਚ ਜਿਸ ਤਰ੍ਹਾਂ ਦਾ ਫਤਵਾ ਦਿੱਤਾ ਹੈ, ਉਸ ਤੋਂ ਇੱਕ ਨਵੀਂ ਚਰਚਾ ਵੀ ਛਿੜੀ ਹੈ ਕਿ ਕਿਸਾਨ ਸੰਘਰਸ਼ ਦੇ ਪ੍ਰਭਾਵ ਹੇਠ ਕਿਸੇ ਇੱਕ ਨਵੀਂ ਸਿਆਸੀ ਧਿਰ ਦਾ ਜਨਮ ਵੀ ਹੋ ਸਕਦਾ ਹੈ। ਸ੍ਰੀ ਹਰਗੋਬਿੰਦਪੁਰ ਦੇ ਚੋਣ-ਤਜਰਬੇ ਹੇਠ ਜੇ ਚਾਰ ਕਿਸਾਨ ਆਗੂ ਹੀ ਕੇਜਰੀਵਾਲ ਬਣਨ ਦਾ ਸੁਫਨਾ ਲੈ ਕੇ ਟਰੈਕਟਰ ਦਾ ਚੋਣ-ਨਿਸ਼ਾਨ ਚੁੱਕ ਕੇ ਤੁਰ ਪਏ ਤਾਂ ਦਮਗਜ਼ੇ ਮਾਰਨ ਵਾਲੀਆਂ ਧਿਰਾਂ ਦੇ ਆਗੂਆਂ ਨੂੰ ਭੱਜਿਆਂ ਰਾਹ ਨਹੀਂ ਲੱਭਣਾ। ਅਜੇ ਇਹ ਸਿਰਫ ਚਰਚਾ ਹੈ, ਕੱਲ੍ਹ ਨੂੰ ਕੀ ਹੋਵੇਗਾ, ਕੋਈ ਨਹੀਂ ਜਾਣਦਾ ਤੇ ਉਸ ਕੱਲ੍ਹ ਤੋਂ ਪਹਿਲਾਂ ਸਿਆਸੀ ਧਿਰਾਂ ਕੋਲ ਸੋਚਣ ਜੋਗਾ ਵਕਤ ਹੈ। ਚੋਣਾਂ ਨੇ ਸੋਚਣ ਦਾ ਮੌਕਾ ਸਭ ਨੂੰ ਦੇ ਦਿੱਤਾ ਹੈ।

Click Here To Read More Latest Punjabi Article

Continue Reading

ਲੇਖ

ਘੁਮੰਡ ਦੇ ਘੋੜੇ ਉੱਤੇ ਚੜ੍ਹੇ ਹੋਏ ਆਗੂ ਨੂੰ ਧਰਤੀ ਵੱਲ ਵੇਖਣਾ ਚਾਹੀਦੈ-ਜਤਿੰਦਰ ਪਨੂੰ

Published

on

ਪੰਝੀ ਕੁ ਸਾਲ ਪਹਿਲਾਂ ਦੀ ਗੱਲ ਹੈ, ਓਦੋਂ ਇਹ ਮੁੱਦਾ ਬੜੇ ਗੰਭੀਰ ਰੂਪ ਵਿੱਚ ਉੱਠਿਆ ਸੀ ਕਿ ਅਕਲ ਦੀ ਗੱਲ ਕਰਨ ਵਾਲੇ ‘ਬੁੱਧੀਜੀਵੀ’ ਆਪਣੀ ਬੁੱਧੀ ਨੂੰ ਲੋਕਾਂ ਦੇ ਭਲੇ ਲਈ ਵਰਤਣ ਦੀ ਬਜਾਏ ਇੱਕ ਜਾਂ ਦੂਜੀ ਧਿਰ ਦੇ ਹਿੱਤਾਂ ਲਈ ਵਰਤਦੇ ਅਤੇ ਇਸ ਤਰ੍ਹਾਂ ਬੁੱਧੀ ਨਾਲ ਬੇਵਫਾਈ ਕਰਦੇ ਹਨ। ਉਸ ਵੇਲੇ ਅਸੀਂ ਇਹ ਲਿਖਿਆ ਸੀ ਕਿ ਜਿਸ ਕਿਸੇ ਨੇ ਵੀ ‘ਬੁੱਧੀਜੀਵੀ’ ਲਫਜ਼ ਦੀ ਕਾਢ ਕੱਢੀ ਹੋਵੇਗੀ, ਉਸ ਨੇ ਠੀਕ ਨਹੀਂ ਸੀ ਕੀਤਾ। ਅੰਗਰੇਜ਼ੀ ਦੇ ਦੋ ਸ਼ਬਦ ‘ਇੰਟੈਲੀਜੈਂਟ’ ਤੇ ‘ਇੰਟੈਲੀਜੈਂਸ਼ੀਆ’ ਇਸ ਮਕਸਦ ਲਈ ਵਰਤੇ ਜਾਂਦੇ ਹਨ ਤੇ ਇਨ੍ਹਾਂ ਦਾ ਅਸਲ ਅਰਥ ਸਾਡੀ ਸਮਝ ਦੇ ਮੁਤਾਬਕ ਬੁੱਧੀ ਨੂੰ ਵਰਤਣ ਵਾਲੇ ਲੋਕ ਹੋ ਸਕਦਾ ਹੈ, ਬੁੱਧੀ ਦੇ ਆਸਰੇ ਜਿਊਣ ਵਾਲੇ ਨਹੀਂ ਬਣਦਾ। ਇਨ੍ਹਾਂ ਲਈ ਢੁਕਵਾਂ ਸ਼ਬਦ ਜੇ ਵਰਤਣਾ ਹੋਵੇ ਤਾਂ ‘ਬੁੱਧੀਮਾਨ’ ਵੱਧ ਠੀਕ ਲੱਗਦਾ ਹੈ। ਖੈਰ ਉਹ ਮਾਮਲਾ ਤਾਂ ਬੁੱਧੀਜੀਵੀ ਦਾ ਸੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਫਤੇ ਇੱਕ ਲਫਜ਼ ‘ਅੰਦੋਲਨ-ਜੀਵੀ’ ਬੋਲ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਸ ਨੇ ਇਹ ਵੀ ਆਖਿਆ ਕਿ ਜਿਵੇਂ ‘ਪਰ-ਜੀਵੀ’ ਹੁੰਦੇ ਹਨ, ਜਿਹੜੇ ਆਪਣੇ ਲਈ ਖੁਰਾਕ ਦਾ ਜੁਗਾੜ ਖੁਦ ਨਹੀਂ ਕਰਦੇ, ਸਗੋਂ ਖੁਰਾਕ ਦਾ ਪ੍ਰਬੰਧ ਕਰ ਸਕਣ ਵਾਲੇ ਜੀਵਾਂ ਨੂੰ ਚੰਬੜ ਕੇ ਉਨ੍ਹਾਂ ਦੇ ਆਸਰੇ ਜਿਉਂਦੇ ਹਨ, ਏਦਾਂ ਹੀ ‘ਅੰਦੋਲਨ-ਜੀਵੀ’ ਹਨ, ਜਿਹੜੇ ਕਿਸੇ ਵੀ ਕਿਸਮ ਦਾ ਕੋਈ ਵੀ ਅੰਦੋਲਨ ਹੋਵੇ, ਉਸ ਨਾਲ ਜੁੜ ਜਾਂਦੇ ਅਤੇ ਆਪਣਾ ਕੰਮ ਚਲਾਉਂਦੇ ਹਨ। ਉਨ੍ਹਾਂ ਦੇ ਇਸ ਤਰ੍ਹਾਂ ਕਹਿਣ ਦਾ ਵੱਡੇ ਪੱਧਰ ਉੱਤੇ ਵਿਰੋਧ ਹੋਇਆ ਤੇ ਕਈ ਲੋਕਾਂ ਨੇ ਜਵਾਬ ਵਿੱਚ ਮੋਦੀ ਦੀ ਪਾਰਟੀ ਭਾਜਪਾ ਦੇ ਆਗੂਆਂ ਨੂੰ ‘ਚੰਦਾ-ਜੀਵੀ’ ਤੋਂ ਸ਼ੁਰੂ ਕਰ ਕੇ ‘ਦੰਗਾ-ਜੀਵੀ’ ਅਤੇ ‘ਰਕਤ-ਜੀਵੀ’ ਤੱੱਕ ਦੇ ਮੋੜਵੇਂ ਮਿਹਣੇ ਮਾਰੇ ਹਨ। ਨਰਿੰਦਰ ਮੋਦੀ ਕਿਸੇ ਧਿਰ ਵੱਲੋਂ ਵੀ ਮਾਰੇ ਗਏ ਮਿਹਣੇ ਦੀ ਪ੍ਰਵਾਹ ਨਹੀਂ ਕਰਦਾ ਹੁੰਦਾ, ਉਹ ਜਿੱਦਾਂ ਚੱਲ ਰਿਹਾ ਸੀ, ਓਸੇ ਤਰ੍ਹਾਂ ਚੱਲ ਰਿਹਾ ਹੈ।
ਸਾਰਿਆਂ ਨੂੰ ਪਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਲਫਜ਼ ਨਾਲ ਚੋਟ ਇੱਕ ਖਾਸ ਆਗੂ ਬਾਰੇ ਕੀਤੀ ਹੈ, ਪਰ ਪ੍ਰਭਾਵ ਸਾਰੇ ਕਿਸਾਨ ਆਗੂਆਂ ਅਤੇ ਸੰਘਰਸ਼ ਕਰਨ ਵਾਲੇ ਹੋਰ ਸਾਰੇ ਲੋਕਾਂ ਬਾਰੇ ਸਾਂਝੀ ਟਿਪਣੀ ਦਾ ਬਣਿਆ ਹੈ। ਅੱਜ ਦੇ ਦੌਰ ਵਿੱਚ ਕਿਸਾਨਾਂ ਦੀ ਅਗਵਾਈ ਕਰਦੇ ਆਗੂ ‘ਅੰਦੋਲਨ-ਜੀਵੀ’ ਬਿਲਕੁਲ ਨਹੀਂ ਕਹੇ ਜਾ ਸਕਦੇ। ਪਰ-ਜੀਵੀ ਆਪਣੇ ਕੁਦਰਤੀ ਸੁਭਾਅ ਵਜੋਂ ਪਰਾਏ ਖੂਨ ਨਾਲ ਜਿਊਣ ਵਾਲਾ ਹੁੰਦਾ ਹੈ। ਕਿਸਾਨਾਂ ਜਾਂ ਮਜ਼ਦੂਰਾਂ ਲਈ ਸੰਘਰਸ਼ ਦਾ ਰਾਹ ਚੁਣਨ ਵਾਲੇ ਵਰਕਰ ਇਨ੍ਹਾਂ ਅੰਦੋਲਨਾਂ ਆਸਰੇ ਜਿ਼ੰਦਗੀ ਗੁਜ਼ਾਰਨ ਦੀ ਸੋਚ ਵਾਲੇ ਨਹੀਂ ਹੁੰਦੇ, ਇਹ ਲੋਕ ਕਿਸੇ ਖਾਸ ਪੜਾਅ ਉੱਤੇ ਕਿਸੇ ਖਾਸ ਮੁੱਦੇ ਉੱਤੇ ਮਜਬੂਰੀ ਵਿੱਚ ਅੰਦੋਲਨ ਦੇ ਰਾਹ ਓਦੋਂ ਪੈਂਦੇ ਹਨ, ਜਦੋਂ ਸਰਕਾਰ ਅੰਦੋਲਨ ਤੋਂ ਬਿਨਾਂ ਕੀਤੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹੁੰਦੀ। ਇਸ ਵੇਲੇ ਚੱਲਦੇ ਕਿਸਾਨ ਅੰਦੋਲਨ ਦੇ ਆਗੂ ਵੀ ਮੋਦੀ ਸਰਕਾਰ ਦੇ ਜਿ਼ੱਦੀ ਵਿਹਾਰ ਦੇ ਕਾਰਨ ਇਸ ਅੰਦੋਲਨ ਦੇ ਮੈਦਾਨ ਵਿੱਚ ਨਿੱਤਰੇ ਹਨ, ਅੰਦੋਲਨਾਂ ਦੇ ਆਸਰੇ ਜਿ਼ੰਦਗੀ ਗੁਜ਼ਾਰਨ ਦੀ ਨੀਤ ਹੇਠ ਉਹ ਲੋਕ ਇਸ ਸੰਘਰਸ਼ ਦੇ ਲਈ ਠੰਢੀਆਂ ਰਾਤਾਂ ਨੂੰ ਸੜਕਾਂ ਉੱਤੇ ਸੌਣ ਨਹੀਂ ਆਏ। ਪ੍ਰਧਾਨ ਮੰਤਰੀ ਨੂੰ ਏਦਾਂ ਦੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਪਦਵੀ ਦੀ ਥੋੜ੍ਹੀ-ਬਹੁਤ ਝਿਜਕ ਰੱਖ ਕੇ ਬੋਲਣਾ ਚਾਹੀਦਾ ਸੀ।
ਅਸਲ ਵਿੱਚ ਜੇ ਕਿਸੇ ਨੂੰ ‘ਅੰਦੋਲਨ-ਜੀਵੀ’ ਕਿਹਾ ਜਾ ਸਕਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਾਰਟੀ ਦੇ ਲੋਕ ਹਨ, ਜਿਹੜੇ ਵੱਖ-ਵੱਖ ਅੰਦੋਲਨ ਲੋਕਾਂ ਦੇ ਵਾਸਤੇ ਨਹੀਂ, ਰਾਜ-ਗੱਦੀਆਂ ਤੱਕ ਪੁੱਜਣ ਲਈ ਖੁਦ ਚਲਾਉਂਦੇ ਰਹੇ ਹਨ ਅਤੇ ਇਸ ਵਕਤ ਵੀ ਗੱਦੀਆਂ ਕਾਇਮ ਰੱਖਣ ਲਈ ਚਲਾਈ ਜਾਂਦੇ ਹਨ। ਆਜ਼ਾਦੀ ਵੇਲੇ ਆਪਣੇ ਪਹਿਲੇ ਰਾਜਨੀਤਕ ਰੂਪ ਹਿੁੰਦੂ ਮਹਾਂ ਸਭਾ ਤੋਂ ਬਾਅਦ ਭਾਰਤੀ ਜਨ-ਸੰਘ ਤੋਂ ਚੱਲਦੀ ਹੋਈ ਮੁਰਾਰਜੀ ਡਿਸਾਈ ਨਾਲ ਮਿਲਣ ਤੇ ਪਿੱਛੇ ਹਟਣ ਪਿੱਛੋਂ ਨਵੀਂ ਬਣਾਈ ਭਾਰਤੀ ਜਨਤਾ ਪਾਰਟੀ ਇਸ ਸਾਰੇ ਦੌਰ ਵਿੱਚ ਹਿੰਦੂ ਭਾਈਚਾਰੇ ਦੀਆਂ ਵੋਟਾਂ ਬਟੋਰਨ ਲਈ ‘ਰਾਮ ਮੰਦਰ’ ਬਣਾਉਣ ਦਾ ਅੰਦੋਲਨ ਚਲਾਉਂਦੀ ਆਈ ਹੈ। ਇਸ ਪਾਰਟੀ ਨੇ ਕਦੇ ‘ਰਾਸ਼ਟਰੀ ਏਕਤਾ ਅਭਿਆਨ’ ਸ਼ੁਰੂ ਕੀਤਾ ਸੀ, ਕਦੀ ਰਾਮ-ਮੰਦਰ ਦੇ ਲਈ ਰੱਥ-ਯਾਤਰਾ ਚਲਾਈ ਤੇ ਕਦੇ ਜੰਮੂ-ਕਸ਼ਮੀਰ ਤੋਂ ਕੇਰਲਾ ਤੱਕ ‘ਏਕਤਾਮਕਤਾ ਯਾਤਰਾ’ ਸ਼ੁਰੂ ਕਰ ਕੇ ਲੋਕਾਂ ਨੂੰ ਇੱਕ ਖਾਸ ਧਰਮ ਦੇ ਨਾਂਅ ਉੱਤੇ ਬਣੀ ਇਸ ਪਾਰਟੀ ਨੂੰ ਵੋਟਾਂ ਪਾਉਣ ਲਈ ਉਕਸਾਉਣ ਦਾ ਕੰਮ ਕੀਤਾ ਸੀ। ਇਹ ਸਾਰੇ ਅੰਦੋਲਨ ਸਿਆਸੀ ਲੋੜਾਂ ਲਈ ਚਲਾਏ ਗਏ ਸਨ ਅਤੇ ਇਨ੍ਹਾਂ ਨੂੰ ਚਲਾਉਣ ਵਲਿਆਂ ਨੂੰ ‘ਅੰਦੋਲਨ-ਜੀਵੀ’ ਕਿਹਾ ਜਾ ਸਕਦਾ ਹੈ, ਜਦ ਕਿ ਪ੍ਰਧਾਨ ਮੰਤਰੀ ਸਾਹਿਬ ਦੂਜਿਆਂ ਬਾਰੇ ਇਹ ਗੱਲ ਕਹਿ ਰਹੇ ਹਨ। ਰਾਜਸੀ ਲੋੜਾਂ ਦੇ ਲਈ ਇਸ ਤਰ੍ਹਾਂ ਦੀਆਂ ‘ਯਾਤਰਾਵਾਂ’ ਅਤੇ ਅੰਦੋਲਨ ਚਲਾਉਣ ਵਾਲੀ ਇਹ ਪਾਰਟੀ ਅੱਜਕੱਲ੍ਹ ਪੱਛਮੀ ਬੰਗਾਲ ਵਿੱਚ ‘ਪ੍ਰੀਵਰਤਨ ਯਾਤਰਾ’ ਦਾ ਢੌਂਗ ਰਚਾ ਕੇ ਕੁਰਸੀ-ਅੰਦੋਲਨ ਚਲਾ ਰਹੀ ਹੈ। ਏਦਾਂ ਉਹ ਪਹਿਲਾਂ ਵੀ ਕਈ ਰਾਜਾਂ ਵਿੱਚ ਕਰ ਚੁੱਕੀ ਹੈ ਅਤੇ ਅੱਗੋਂ ਵੀ ਕਰਦੀ ਰਹੇਗੀ, ਪਰ ਮਿਹਣੇ ਮੋਦੀ ਸਾਹਿਬ ਹੋਰਨਾਂ ਨੂੰ ਮਾਰਦੇ ਹਨ, ਜਦ ਕਿ ਭਾਜਪਾ ਤੋਂ ਉਲਟ ਕਿਸਾਨਾਂ ਦੇ ਆਗੂ ਇਸ ਵਕਤ ਆਮ ਕਿਸਾਨਾਂ ਦੀ ਹੋਂਦ ਅਤੇ ਪੀੜ੍ਹੀਆਂ ਦੇ ਭਵਿੱਖ ਦੀ ਲੜਾਈ ਲੜਦੇ ਪਏ ਹਨ।
ਇੱਕ ਆਮ ਕਹਾਵਤ ਹੈ ਕਿ ਆਦਮੀ ਜਿਸ ਖਸਲਤ ਦਾ ਹੋਵੇ, ਉਸ ਨੂੰ ਦੂਸਰੇ ਲੋਕਾਂ ਵਿੱਚੋਂ ਵੀ ਓਦਾਂ ਦੀ ਤਸਵੀਰ ਨਜ਼ਰ ਆਉਣ ਲੱਗ ਜਾਂਦੀ ਹੈ। ਬਚਪਨ ਤੋਂ ਲੈ ਕੇ ਜਿਸ ਆਦਮੀ ਨੇ ਸਿਰਫ ਅੰਦੋਲਨ ਕੀਤੇ ਅਤੇ ਅਗਲੀ ਉਚਾਈ ਵੱਲ ਨੂੰ ਵਧਣ ਲਈ ਅੰਦੋਲਨਾਂ ਨੂੰ ਪੌੜੀਆਂ ਬਣਾ ਕੇ ਵਰਤਿਆ ਹੈ, ਉਸ ਨੂੰ ਇਹ ਸਮਝ ਨਹੀਂ ਆ ਸਕਦੀ ਕਿ ਇਸ ਦੇ ਬਿਨਾਂ ਵੀ ਕੋਈ ਅੰਦੋਲਨ ਹੁੰਦਾ ਹੈ। ਭਾਰਤ ਵਿੱਚ ਸਮਾਜ ਸੁਧਾਰ ਅੰਦੋਲਨ ਵੀ ਹੋਏ ਹਨ, ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਸਤੇ ਵੀ ਹੋਏ ਹਨ, ਭ੍ਰਿਸ਼ਟਾਚਾਰ ਦੇ ਵਿਰੁੱਧ ਵੀ ਅੰਦੋਲਨ ਹੋਏ ਹਨ ਅਤੇ ਧੀਆਂ ਨੂੰ ਜੰਮਣ ਤੋਂ ਪਹਿਲਾਂ ਮਾਰ ਦੇਣ ਵਾਲੀ ਗੰਦੀ ਮਾਨਸਿਕਤਾ ਠੱਲ੍ਹਣ ਲਈ ਭਰੂਣ ਹੱਤਿਆ ਵਿਰੁੱਧ ਵੀ ਅੰਦੋਲਨ ਹੋਏ ਹਨ। ਇਹੋ ਜਿਹੇ ਅੰਦੋਲਨਾਂ ਵਿੱਚ ਸ਼ਾਮਲ ਹੋਣ ਵਾਲੇ ਆਮ ਲੋਕ ਤੇ ਜਨਤਕ ਆਗੂ ਪ੍ਰਧਾਨ ਮੰਤਰੀ ਦੀ ਕੁਰਸੀ ਦਾ ਸੁਫਨਾ ਲੈਣ ਵਾਲੇ ਨਹੀਂ ਸਨ, ਉਹ ਮਨੁੱਖ ਹਿਤੈਸ਼ੀ ਸੋਚ ਨੂੰ ਪ੍ਰਣਾਏ ਹੋਣ ਕਰ ਕੇ ਇਨ੍ਹਾਂ ਅੰਦੋਲਨਾਂ ਵਿੱਚ ਕੁੱਦਦੇ ਤੇ ਜੇਲ੍ਹ ਤੱਕ ਭੁਗਤਦੇ ਰਹੇ ਸਨ। ਭਾਜਪਾ ਹਮਾਇਤੀ ਕਿਸੇ ਰਾਮਦੇਵ ਦਾ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਚੋਰ-ਚੋਰ ਦਾ ਰੌਲਾ ਪਾ ਕੇ ਆਪਣੀ ਦੁਕਾਨਦਾਰੀ ਚਮਕਾਉਣ ਵਾਲਾ ਸੀ, ਪਰ ਰਾਮਦੇਵ ਨੇ ਜਦੋਂ ਮਰਨ-ਵਰਤ ਦਾ ਸਾਂਗ ਰਚਿਆ ਸੀ ਤੇ ਸਾਰੇ ਭਾਰਤ ਦੇ ਭਾਜਪਾ ਪੱਖੀ ਸਾਧ-ਸੰਤ ਉਸ ਦਾ ਵਰਤ ਛੁਡਾਉਣ ਲਈ ਨਾਟਕ ਕਰਦੇ ਪਏ ਸਨ, ਓਦੋਂ ਓਸੇ ਹਸਪਤਾਲ ਵਿੱਚ ਇੱਕ ਅਸਲੀ ਅੰਦੋਲਨਕਾਰੀ ਅੰਤਲੇ ਸਾਹ ਲੈ ਰਿਹਾ ਸੀ। ਪ੍ਰਸਿੱਧੀ ਵਾਲੇ ਅਦਾਰੇ ਤੋਂ ਇੰਜੀਨੀਅਰ ਦੀ ਡਿਗਰੀ ਕਰਨੀ ਛੱਡ ਕੇ ਤਿਆਗੀ ਬਣੇ ਉਸ ਵਿਅਕਤੀ ਨੇ ਜਦੋਂ ਵੇਖਿਆ ਕਿ ਕੁਦਰਤ ਦੇ ਨਾਲ ਖਿਲਵਾੜ ਹੋ ਰਿਹਾ ਹੈ ਤਾਂ ਵਾਤਾਵਰਣ ਬਚਾਉਣ ਲਈ ਉਸ ਨੇ ਏਦਾਂ ਅੰਦੋਲਨ ਛੇੜਿਆ ਸੀ, ਜਿਹੜਾ ਜੀਵਨ ਦੇ ਆਖਰੀ ਸਾਹ ਤੱਕ ਜਾਰੀ ਰੱਖਿਆ ਸੀ। ਗੰਗਾ ਨਦੀ ਇਸ ਦੇਸ਼ ਵਿੱਚ ਪਵਿੱਤਰ ਮੰਨੀ ਜਾਂਦੀ ਹੈ, ਪਰ ਇਸ ਵਿੱਚ ਸਭ ਤੋਂ ਵੱਧ ਗੰਦ ਉਹੋ ਪਾਉਂਦੇ ਹਨ, ਜਿਹੜੇ ਇਸ ਨੂੰ ‘ਮਾਂ ਗੰਗਾ’ ਕਹਿੰਦੇ ਹਨ। ਉਸ ਇੰਜੀਨੀਅਰ ਤੋਂ ਸੰਤ ਬਣੇ ਨਿਗਮਾਨੰਦ ਨੇ ਇਸ ਗੰਦ ਨੂੰ ਰੋਕਣ ਲਈ ਅੰਦੋਲਨ ਛੇੜਿਆ ਸੀ ਅਤੇ ਇੱਕ ਸੌ ਪੰਦਰਾਂ ਦਿਨਾਂ ਦੀ ਭੁੱਖ ਹੜਤਾਲ ਦੇ ਬਾਅਦ ਆਪਣੀ ਸੋਚ ਲਈ ਜਾਨ ਵਾਰ ਗਿਆ ਸੀ। ਅਸਲੀ ਸੰਤਾਂ ਦਰਮਿਆਨ ਉਸ ਨੂੰ ‘ਗੰਗਾ ਪੁੱਤਰ’ ਕਿਹਾ ਜਾਂਦਾ ਹੈ। ਮੋਦੀ ਭਗਤਾਂ ਨੂੰ ਪੁੱਛ ਕੇ ਵੇਖ ਲਓ, ਉਨ੍ਹਾਂ ਵਿੱਚੋਂ ਕੋਈ ਉਸ ਬਾਰੇ ਜਾਣਦਾ ਤੱਕ ਨਹੀਂ ਹੋਵੇਗਾ, ਕਿਉਂਕਿ ਇਹ ਲੋਕ ਸਿਰਫ ਡਰਾਮਬਾਜ਼ਾਂ ਨੂੰ ਜਾਣਦੇ ਹਨ, ਅਸਲੀ ਸੰਤ ਅਤੇ ਅਸਲੀ ਅੰਦੋਲਨਕਾਰੀ ਨੂੰ ਜਾਨਣ ਲੱਗਿਆਂ ਇਨ੍ਹਾਂ ਨੂੰ ਸ਼ਰਮ ਆਉਂਦੀ ਹੈ। ਇਹੀ ਕਾਰਨ ਹੈ ਕਿ ਸੌ ਚਲਿੱਤਰ ਕਰਨ ਵਾਲਾ ਰਾਮਦੇਵ ਇਨ੍ਹਾਂ ਨੂੰ ਸਾਧੂ ਜਾਪਦਾ ਹੈ, ਆਸਾ ਰਾਮ ਤੇ ਸਿਰਸੇ ਵਾਲੇ ਰਾਮ ਰਹੀਮ ਵਰਗਾ ਦੁਰਾਚਾਰੀ ਵੀ ਇਨ੍ਹਾਂ ਨੂੰ ਸੰਤ ਤੇ ਸਮਾਜ ਸੁਧਾਰਕ ਲੱਗਦਾ ਹੈ, ਪਰ ਨੇਕੀ ਦੇ ਰਾਹ ਉੱਤੇ ਚੱਲਣ ਵਾਲੇ ਲੋਕ ਚੰਗੇ ਨਹੀਂ ਲੱਗਦੇ, ਇਸ ਲਈ ਇਹ ਲੋਕ ਉਨ੍ਹਾਂ ਦੀ ਭੰਡੀ ਕਰਨ ਵਿੱਚ ਸ਼ਾਨ ਸਮਝਦੇ ਹਨ। ਨਰਿੰਦਰ ਮੋਦੀ ਨੇ ਵੀ ਇਹੋ ਕੀਤਾ ਹੈ।
ਵਕਤ-ਵਕਤ ਦੀ ਗੱਲ ਹੁੰਦੀ ਹੈ। ਅੱਜ ਨਰਿੰਦਰ ਮੋਦੀ ਦਾ ਸਿੱਕਾ ਚੱਲਦਾ ਤੇ ਉਸ ਦੀ ਹਰ ਗੱਲ ਏਦਾਂ ਸੱਚੀ ਮੰਨੀ ਜਾਂਦੀ ਹੈ, ਜਿਵੇਂ ਪੰਜਾਬੀ ਮੁਹਾਵਰਾ ਹੈ ਕਿ ‘ਲੋਕਾਂ ਦਾ ਨਹੀਂ ਦੁੱਧ ਵਿਕਦਾ, ਤੇਰਾ ਵਿਕਦਾ ਜੈ ਕੁਰੇ ਪਾਣੀ’, ਪਰ ਦਿਨ ਸਦਾ ਇੱਕੋ ਜਿਹੇ ਨਹੀਂ ਰਹਿੰਦੇ ਹੁੰਦੇ। ਜਿਨ੍ਹਾਂ ਨੇ ਇੱਕ ਸਮੇਂ ‘ਇੰਦਰਾ ਇਜ਼ ਇੰਡੀਆ’ ਦਾ ਨਾਅਰਾ ਲਾਉਣ ਦੀ ਖੁਸ਼ੀ ਮਹਿਸੂਸ ਕੀਤੀ ਸੀ, ਉਹ ਅੱਜ ਕੱਖੋਂ ਹੌਲੇ ਹੋਏ ਪਏ ਹਨ। ਉਹ ਦਿਨ ਨਹੀਂ ਰਹਿ ਸਕੇ ਤਾਂ ਅੱਜ ਵਾਲੇ ਵੀ ਨਹੀਂ ਰਹਿਣੇ। ਸਮਾਂ ਕਦੋਂ ਕਿੱਧਰ ਨੂੰ ਪਲਟੀ ਮਾਰ ਜਾਵੇ, ਪਤਾ ਨਹੀਂ ਲੱਗਦਾ ਅਤੇ ਇਸ ਬਾਰੇ ਨਰਿੰਦਰ ਮੋਦੀ ਨੂੰ ਉਸ ਲਾਲ ਕ੍ਰਿਸ਼ਨ ਅਡਵਾਨੀ ਵੱਲ ਵੇਖ ਕੇ ਸਮਝ ਜਾਣਾ ਚਾਹੀਦਾ ਹੈ, ਜਿਹੜਾ ਕਦੀ ਡਿਪਟੀ ਪ੍ਰਧਾਨ ਮੰਤਰੀ ਹੁੰਦਿਆਂ ਅਸਲੀ ਪ੍ਰਧਾਨ ਮੰਤਰੀ ਤੋਂ ਵੱਧ ਭਾਰੂ ਗਿਣਿਆ ਜਾਂਦਾ ਸੀ ਤੇ ਅੱਜ ਉਸ ਨੂੰ ਕੋਈ ਮਿਲਣ ਵੀ ਨਹੀਂ ਜਾਂਦਾ। ਜਿਹੜੇ ਲੋਕ ਅੱਜ ਪ੍ਰਧਾਨ ਮੰਤਰੀ ਦੀ ਕੁਰਸੀ ਮੱਲੀ ਬੈਠੇ ਨਰਿੰਦਰ ਮੋਦੀ ਦੇ ਅੱਗੇ-ਪਿੱਛੇ ਨੱਚਦੇ ਫਿਰਦੇ ਹਨ, ਜ਼ਰਾ ਕੁ ਹਾਲਾਤ ਬਦਲ ਗਏ ਤਾਂ ਇਹ ਨਵੇਂ ਲੀਡਰ ਦੇ ਚਰਨ ਚੁੰਮਣ ਤੁਰ ਪੈਣਗੇ। ਬੰਦੇ ਦੇ ਜੀਵਨ ਦੀਆਂ ਤ੍ਰਿਕਾਲਾਂ ਪੈਂਦਿਆਂ ਚਿਰ ਲੱਗਦਾ ਹੈ, ਹਾਲਾਤ ਦਾ ਪ੍ਰਛਾਵਾਂ ਢਲਦਿਆਂ ਦਾ ਪਤਾ ਨਹੀਂ ਲੱਗਦਾ ਹੁੰਦਾ। ਘੁਮੰਡ ਦੇ ਘੋੜੇ ਉੱਤੇ ਚੜ੍ਹੇ ਹੋਏ ਆਗੂ ਨੂੰ ਜ਼ਰਾ ਕੁ ਧਰਤੀ ਵੱਲ ਵੇਖ ਕੇ ਬੋਲਣਾ ਚਾਹੀਦਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca